Punjab Holiday: ਭਲਕੇ 14 ਜਨਵਰੀ ਨੂੰ ਛੁੱਟੀ ਦਾ ਐਲਾਨ
– ਸਰਕਾਰੀ ਦਫ਼ਤਰ- ਅਦਾਰੇ ਆਦਿ ਰਹਿਣਗੇ ਬੰਦ
ਸ੍ਰੀ ਮੁਕਤਸਰ ਸਾਹਿਬ, 13 ਜਨਵਰੀ: ਜ਼ਿਲ੍ਹਾ ਮੈਜਿਸਟਰੇਟ ਅਭਿਜੀਤ ਕਪਲਿਸ਼ ਨੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਤਹਿਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ 14 ਜਨਵਰੀ 2026 ਨੂੰ ਮੇਲਾ ਮਾਘੀ ਦੇ ਮੱਦੇਨਜ਼ਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਦਫ਼ਤਰਾਂ/ਅਦਾਰਿਆਂ/ਬੋਰਡਾਂ/ਕਾਰਪੋਰੇਸ਼ਨਾਂ/ਬੈਂਕਾਂ ਵਿੱਚ ਛੁੱਟੀ ਘੋਸ਼ਿਤ ਕੀਤੀ ਹੈ।
ਦੱਸਣਯੋਗ ਹੈ ਕਿ 40 ਮੁਕਤਿਆਂ ਦੀ ਸ਼ਹਾਦਤ ਨੂੰ ਸਮਰਪਿਤ ਤਿੰਨ ਰੋਜ਼ਾ ਸਾਲਾਨਾ ਮਾਘੀ ਮੇਲਾ 13 ਜਨਵਰੀ ਤੋਂ 15 ਜਨਵਰੀ, 2026 ਤੱਕ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ। ਪੂਰੇ ਖੇਤਰ ਨੂੰ ਯੋਜਨਾਬੱਧ ਢੰਗ ਨਾਲ ਸੱਤ ਸੈਕਟਰਾਂ ਵਿੱਚ ਵੰਡਿਆ ਗਿਆ ਹੈ ਅਤੇ ਮੇਲੇ ਵਿੱਚ ਆਉਣ ਵਾਲੀਆਂ ਸੰਗਤਾਂ ਦੀ ਸੁਰੱਖਿਆ, ਨਿਰਵਿਘਨ ਆਵਾਜਾਈ ਅਤੇ ਸੁਵਿਧਾ ਨੂੰ ਯਕੀਨੀ ਬਣਾਉਣ ਲਈ ਗਜ਼ਟਿਡ ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ 6000 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ ਹੈ।
ਭਾਰੀ ਵਾਹਨਾਂ ਦੇ ਸ਼ਹਿਰ ਵਿੱਚ ਦਾਖਲ ਹੋਣ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਗਈ ਹੈ ਅਤੇ ਨਿਰਧਾਰਤ ਰੂਟਾਂ ‘ਤੇ ਸਿਰਫ ਐਮਰਜੈਂਸੀ ਵਾਹਨਾਂ ਨੂੰ ਹੀ ਆਵਾਜਾਈ ਦੀ ਆਗਿਆ ਦਿੱਤੀ ਗਈ ਹੈ। ਭੀੜ ਨੂੰ ਕਾਬੂ ਕਰਨ ਲਈ ਸ਼ਹਿਰ ਵਿੱਚ ਜਾਣ ਵਾਲੀਆਂ ਸਾਰੀਆਂ ਸੜਕਾਂ ‘ਤੇ 10 ਪਾਰਕਿੰਗ ਥਾਵਾਂ ਨਿਰਧਾਰਤ ਕੀਤੀਆਂ ਗਈਆਂ ਹਨ ਅਤੇ ਛੇ ਅਸਥਾਈ ਬੱਸ ਸਟੈਂਡ ਸਥਾਪਤ ਕੀਤੇ ਗਏ ਹਨ। ਇਸ ਦੇ ਨਾਲ ਹੀ ਸੰਗਤ ਦੀ ਵੱਡੀ ਆਮਦ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਗੁਰਦੁਆਰਾ ਸਾਹਿਬ ਦੇ ਆਲੇ-ਦੁਆਲੇ 300 ਮੀਟਰ ਦੇ ਘੇਰੇ ਨੂੰ ਨੋ-ਵਹੀਕਲ ਜ਼ੋਨ ਘੋਸ਼ਿਤ ਕੀਤਾ ਗਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























