Punjab: ਖਾਲਸੇ ਦੇ ਕੌਮੀ ਤਿਉਹਾਰ ਹੋਲੇ-ਮਹੱਲੇ ਦੀ ਨਗਾਰਿਆਂ ਦੀ ਚੋਟ ਨਾਲ ਹੋਈ ਆਰੰਭਤਾ
ਸ੍ਰੀ ਕੀਰਤਪੁਰ ਸਾਹਿਬ, 27 ਫਰਵਰੀ 2026 (ਵਿਸ਼ਵ ਵਾਰਤਾ) – ਖਾਲਸਾ ਪੰਥ ਦੀ ਚੜ੍ਹਦੀ ਕਲਾ ਅਤੇ ਸਿੱਖ ਜਾਹੋ-ਜਲਾਲ ਦਾ ਪ੍ਰਤੀਕ ਤਿਉਹਾਰ ਹੋਲਾ-ਮਹੱਲਾ ਅੱਜ ਤੋਂ ਸ਼ੁਰੂ ਹੋ ਗਿਆ ਹੈ। ਹੋਲਾ-ਮਹੱਲਾ ਦੋ ਪੜਾਵਾਂ ‘ਚ ਪੂਰੇ 6 ਦਿਨ ਤੱਕ ਮਨਾਇਆ ਜਾਂਦਾ ਹੈ, ਜਿਸ ਦਾ ਪਹਿਲਾ ਪੜਾਅ ਸ੍ਰੀ ਕੀਰਤਪੁਰ ਸਾਹਿਬ ਅਤੇ ਦੂਜਾ ਪੜਾਅ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਇਆ ਜਾਂਦਾ ਹੈ।
ਸਿੱਖ ਰੀਤੀ ਰਵਾਇਤਾਂ ਅਨੁਸਾਰ ਹੋਲਾ-ਮਹੱਲਾ ਦਾ ਪਹਿਲਾ ਪੜਾਅ ਸ੍ਰੀ ਕੀਰਤਪੁਰ ਸਾਹਿਬ ਤੋਂ ਸ਼ੁਰੂ ਹੋ ਗਿਆ ਹੈ। ਖਾਲਸਾਈ ਰਵਾਇਤਾਂ ਅਨੁਸਾਰ ਕਿਲ੍ਹਾ ਆਨੰਦਗੜ੍ਹ ਸਾਹਿਬ ਵਿਚ ਸਥਾਪਿਤ ਪੰਜ ਪ੍ਰਾਚੀਨ ਨਗਾਰਿਆਂ ਨੂੰ ਵਜਾ ਕੇ ਸਮਾਗਮ ਦੀ ਸ਼ੁਰੂਆਤ ਹੋਈ। ਇਸ ਦੇ ਨਾਲ ਹੀ ਪਹਿਲੇ ਪੜਾਅ ਤਹਿਤ ਗੁਰਦੁਆਰਾ ਪਾਤਾਲਪੁਰੀ ਸਾਹਿਬ (ਸ੍ਰੀ ਕੀਰਤਪੁਰ ਸਾਹਿਬ) ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੋਈ ਅਤੇ 1 ਮਾਰਚ ਨੂੰ ਪਾਠ ਦੇ ਭੋਗ ਪਾਏ ਜਾਣਗੇ। ਇਸ ਤੋਂ ਬਾਅਦ ਇਸੇ ਤਰ੍ਹਾਂ ਹੀ 2 ਮਾਰਚ ਤੋਂ 4 ਮਾਰਚ ਤੱਕ ਧਾਰਮਿਕ ਨਗਰੀ ਸ੍ਰੀ ਆਨੰਦਪੁਰ ਸਾਹਿਬ ਵਿਚ ਹੋਲਾ-ਮਹੱਲਾ ਮਨਾਇਆ ਜਾਵੇਗਾ।
ਪੁਰਾਣੀ ਰਵਾਇਤ ਤਹਿਤ ਕਿਲ੍ਹਾ ਅਨੰਦਗੜ੍ਹ ਸਾਹਿਬ ਵਿਖੇ ਹੋਲੇ-ਮਹੱਲੇ ਦੀ ਆਰੰਭਤਾ ਜੈਕਾਰਿਆ ਦੀ ਗੂੰਜ ਵਿੱਚ ਪੰਜ ਨਗਾਰੇ ਵਜਾ ਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੁੜਗੱਜ ਵੱਲੋਂ ਕੀਤੀ ਗਈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























