Punjab : ਲੈਂਡ ਪੂਲਿੰਗ ਨੀਤੀ ‘ਤੇ ਹਾਈ ਕੋਰਟ ਦਾ ਵੱਡਾ ਫੈਸਲਾ
– ਅਗਲੇ ਹੁਕਮਾਂ ਤਕ ਲਗਾਈ ਰੋਕ
ਚੰਡੀਗੜ੍ਹ, 7 ਅਗਸਤ 2025 (ਵਿਸ਼ਵ ਵਾਰਤਾ): ਪੰਜਾਬ (Punjab) ਅਤੇ ਹਰਿਆਣਾ ਹਾਈ ਕੋਰਟ ‘ਚ ਅੱਜ ਲਗਾਤਾਰ ਦੂਜੇ ਦਿਨ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ‘ਤੇ ਸੁਣਵਾਈ ਹੋਈ। ਅਦਾਲਤ ਨੇ ਨੀਤੀ ‘ਤੇ ਅਗਲੇ ਹੁਕਮਾਂ ਤਕ ਰੋਕ ਲਗਾ ਦਿੱਤੀ ਹੈ। ਪੰਜਾਬ ਸਰਕਾਰ ਨੂੰ 4 ਹਫ਼ਤਿਆਂ ਦੇ ਅੰਦਰ ਜਵਾਬ ਦਾਇਰ ਕਰਨ ਲਈ ਕਿਹਾ ਗਿਆ ਹੈ।

ਅੱਜ ਸੁਣਵਾਈ ਦੌਰਾਨ, ਅਦਾਲਤ ਨੇ ਦੋ ਮਹੱਤਵਪੂਰਨ ਸਵਾਲ ਉਠਾਏ। ਪਹਿਲਾ ਸਵਾਲ ਇਹ ਸੀ ਕਿ ਕੀ ਇਸ ਨੀਤੀ ਲਈ ਵਾਤਾਵਰਣ ਮੁਲਾਂਕਣ ਅਧਿਐਨ ਕੀਤਾ ਗਿਆ ਹੈ? ਦੂਜਾ ਸਵਾਲ ਇਹ ਸੀ ਕਿ ਭੂਮੀਹੀਣ ਮਜ਼ਦੂਰਾਂ ਅਤੇ ਜ਼ਮੀਨ ‘ਤੇ ਨਿਰਭਰ ਹੋਰ ਲੋਕਾਂ ਦੇ ਪੁਨਰਵਾਸ ਲਈ ਕੀ ਪ੍ਰਬੰਧ ਹਨ? ਇਸ ‘ਤੇ ਐਡਵੋਕੇਟ ਜਨਰਲ ਮਨਿੰਦਰ ਸਿੰਘ ਗਰੇਵਾਲ ਨੇ ਅਦਾਲਤ ਤੋਂ ਜਵਾਬ ਦਾਇਰ ਕਰਨ ਲਈ ਸਮਾਂ ਮੰਗਿਆ ਅਤੇ ਕਿਹਾ ਕਿ ਇਹ ਨੀਤੀ 7 ਸਿਤੰਬਰ ਤੱਕ ਮੁਅੱਤਲ ਰਹੇਗੀ ਅਤੇ ਉਦੋਂ ਤੱਕ ਕੋਈ ਹੋਰ ਕਦਮ ਨਹੀਂ ਚੁੱਕਿਆ ਜਾਵੇਗਾ।
ਦੱਸ ਦਈਏ ਕਿ ਬੀਤੀ 22 ਜੁਲਾਈ ਨੂੰ ਹੋਈ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਵਿੱਚ ਲੈਂਡ ਪੂਲਿੰਗ ਨੀਤੀ ਵਿੱਚ ਸੋਧ ਕੀਤੀ ਗਈ ਸੀ। ਇਸ ਅਨੁਸਾਰ, ਲੈਂਡ ਪੂਲਿੰਗ ਵਿੱਚ ਸਰਕਾਰ ਕਿਸਾਨਾਂ ਨੂੰ ਪਲਾਟ ਦਾ ਕਬਜ਼ਾ ਦੇਣ ਤੱਕ ਸਾਲਾਨਾ 1 ਲੱਖ ਰੁਪਏ ਦੇਵੇਗੀ। ਜੇਕਰ ਇਸ ਵਿੱਚ ਦੇਰੀ ਹੁੰਦੀ ਹੈ, ਤਾਂ ਇਹ ਰਕਮ ਹਰ ਸਾਲ 10 ਪ੍ਰਤੀਸ਼ਤ ਵਧਾਈ ਜਾਵੇਗੀ। ਇਸ ਦੇ ਨਾਲ ਹੀ, ਜਦੋਂ ਤੱਕ ਖੇਤਰ ਵਿਕਸਤ ਨਹੀਂ ਹੁੰਦਾ, ਕਿਸਾਨ ਇਸ ‘ਤੇ ਖੇਤੀ ਕਰ ਸਕਣਗੇ।
ਲੁਧਿਆਣਾ ਦੇ ਵਕੀਲ ਗੁਰਦੀਪ ਸਿੰਘ ਨੇ ਹਾਈ ਕੋਰਟ ਵਿੱਚ ਇਸ ਨੀਤੀ ਨੂੰ ਲੈ ਕੇ ਪਟੀਸ਼ਨ ਦਾਇਰ ਕੀਤੀ। ਕਿਉਕਿ ਉਹ ਖੁਦ ਇੱਕ ਕਿਸਾਨ ਹਨ ਅਤੇ ਉਨ੍ਹਾਂ ਦੀ ਆਪਣੀ ਜ਼ਮੀਨ ਇਸ ਨੀਤੀ ਦੇ ਅਧੀਨ ਆ ਰਹੀ ਸੀ। ਇਸ ਲਈ ਉਨ੍ਹਾਂ ਨੇ ਕਿਸਾਨਾਂ ਅਤੇ ਜ਼ਮੀਨ ਮਾਲਕਾਂ ਵੱਲੋਂ ਲੈਂਡ ਪੂਲਿੰਗ ਨੀਤੀ ਨੂੰ ਚੁਣੌਤੀ ਦਿੱਤੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















