PUNJAB : ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਦਾਖਲ ਕਰਨ ਦਾ ਅੱਜ ਅੰਤਿਮ ਦਿਨ
ਚੰਡੀਗੜ੍ਹ, 12ਦਸੰਬਰ(ਵਿਸ਼ਵ ਵਾਰਤਾ) ਪੰਜਾਬ ਰਾਜ ਚੋਣ ਕਮਿਸ਼ਨ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਮਿਤੀ 22/11/2024 ਦੇ ਨੋਟੀਫਿਕੇਸ਼ਨ ਅਨੁਸਾਰ ਵੱਖ-ਵੱਖ ਨਗਰ ਨਿਗਮਾਂ, ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਕਰਵਾਉਣ ਲਈ ਚੋਣ ਪ੍ਰੋਗਰਾਮ ਦਾ ਐਲਾਨ ਕੀਤਾ ਹੈ। ਜਿਸਦੇ ਅਨੁਸਾਰ ਪੰਜਾਬ ਵਿੱਚ 21 ਦਸੰਬਰ ਨੂੰ ਨਗਰ ਨਿਗਮ ਚੋਣਾਂ ਹੋਣੀਆਂ ਹਨ। ਅੱਜ ਨਾਮਜ਼ਦਗੀਆਂ ਦਾਖਲ ਕਰਨ ਦਾ ਅੰਤਿਮ ਦਿਨ ਹੈ। ਅੱਜ ਸਾਰੀਆਂ ਪਾਰਟੀਆਂ ਦੇ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨਗੇ।
ਜ਼ਿਕਰਯੋਗ ਹੈ ਕਿ ਕਮਿਸ਼ਨ ਵੱਲੋਂ ਐਲਾਨੇ ਗਏ ਚੋਣ ਪ੍ਰੋਗਰਾਮ ਅਨੁਸਾਰ ਨਾਮਜ਼ਦਗੀਆਂ ਭਰਨ ਦਾ ਪਹਿਲਾ ਦਿਨ 9 ਦਸੰਬਰ 2024 (ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ) ਸਬੰਧਤ ਰਿਟਰਨਿੰਗ ਅਫ਼ਸਰਾਂ ਦੇ ਦਫ਼ਤਰਾਂ ਵਿੱਚ ਅਤੇ 12 ਦਸੰਬਰ 2024 ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ (ਦੁਪਹਿਰ 03:00 ਵਜੇ ਤੱਕ) ਨਿਸ਼ਚਿਤ ਕੀਤੀ ਗਈ ਹੈ। ਇਸ ਤੋਂ ਇਲਾਵਾ ਕਮਿਸ਼ਨ ਨੇ ਪੜਤਾਲ ਲਈ 13 ਦਸੰਬਰ 2024 ਅਤੇ ਉਮੀਦਵਾਰੀ ਵਾਪਸ ਲੈਣ ਦੀ ਆਖਰੀ ਮਿਤੀ 14 ਦਸੰਬਰ 2024 (ਦੁਪਹਿਰ 3 ਵਜੇ ਤੱਕ) ਨਿਰਧਾਰਤ ਕੀਤੀ ਹੈ।
21 ਦਸੰਬਰ ਨੂੰ ਵੋਟਿੰਗ ਲਈ ਈ.ਵੀ.ਐਮਜ਼. ਦੀ ਵਰਤੋਂ ਕੀਤੀ ਜਾਵੇਗੀ। ਵੋਟਾਂ 21.12.2024 ਨੂੰ ਸਵੇਰੇ 7.00 ਵਜੇ ਤੋਂ ਸ਼ਾਮ 04.00 ਵਜੇ ਤੱਕ ਈ.ਵੀ.ਐਮਜ਼. ਜ਼ਰੀਏ ਪੈਣਗੀਆਂ। ਵੋਟਿੰਗ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਵੋਟਾਂ ਦੀ ਗਿਣਤੀ ਉਸੇ ਦਿਨ ਪੋਲਿੰਗ ਸਟੇਸ਼ਨ ‘ਤੇ ਹੀ ਕੀਤੀ ਜਾਵੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/