Punjab: ਸ਼ੁਰੂ ਹੋਈ ਪੰਜਾਬ ਵਿਧਾਨ ਸਭਾ ਦੀ ਕਾਰਵਾਈ
– ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਆਪਣਾ ਭਾਸ਼ਣ ਦੇਣਾ ਕੀਤਾ ਸ਼ੁਰੂ
ਚੰਡੀਗੜ੍ਹ, 6 ਮਾਰਚ 2026 (ਵਿਸ਼ਵ ਵਾਰਤਾ) – ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ (6 ਮਾਰਚ) ਤੋਂ ਸ਼ੁਰੂ ਹੋ ਗਿਆ ਹੈ। ਬਜਟ ਸੈਸ਼ਨ ਦੇ ਪਹਿਲੇ ਦਿਨ ਰਾਜਪਾਲ ਗੁਲਾਬ ਚੰਦ ਕਟਾਰੀਆ ਆਪਣਾ ਭਾਸ਼ਣ ਦੇ ਰਹੇ ਹਨ। ਉਨ੍ਹਾਂ ਨੇ ਆਪਣਾ ਭਾਸ਼ਣ “ਸਤਿ ਸ੍ਰੀ ਅਕਾਲ” ਕਹਿ ਕੇ ਸ਼ੁਰੂ ਕੀਤਾ। ਜਿਵੇਂ ਹੀ ਉਨ੍ਹਾਂ ਨੇ ਆਪਣਾ ਭਾਸ਼ਣ ਸ਼ੁਰੂ ਕੀਤਾ, ਕਾਂਗਰਸ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਰਾਜਪਾਲ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਪਰ ਉਹ ਵਿਰੋਧ ਪ੍ਰਦਰਸ਼ਨ ਕਰਦੇ ਰਹੇ। ਇਸ ਸਮੇਂ ਦੌਰਾਨ, ਵਿਰੋਧੀ ਪਾਰਟੀਆਂ ਨੇ ਆਮ ਆਦਮੀ ਪਾਰਟੀ (ਆਪ) ਸਰਕਾਰ ਨੂੰ ਘੇਰਨ ਲਈ ਪੂਰੀਆਂ ਤਿਆਰੀਆਂ ਕਰ ਲਈਆਂ ਹਨ।
ਪੰਜਾਬ ਦੇ ਬਜਟ ਇਜਲਾਸ ਦੇ ਸ਼ੁਰੂ ਹੋਣ ਤੋਂ ਪਹਿਲਾਂ ਅੱਜ ਕੈਬਨਿਟ ਦੀ ਮੀਟਿੰਗ ਹੋਈ। ਇਸ ਦੀ ਪ੍ਰਧਾਨਗੀ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੀਤੀ ਗਈ। ਮੀਟਿੰਗ ’ਚ ਕੈਬਨਿਟ ਵਲੋਂ ਬਜਟ ਨੂੰ ਮਨਜ਼ੂਰੀ ਦੇ ਦਿੱਤੀ ਗਈ। ਇਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ‘X’ ‘ਤੇ ਇੱਕ ਪੋਸਟ ਪਾਉਂਦਿਆਂ ਦਿੱਤੀ। ਉਨ੍ਹਾਂ ਕਿਹਾ ਕਿ, “ਪੰਜਾਬ ਸਰਕਾਰ ਦਾ ਵਿੱਤੀ ਸਾਲ 2026-2027 ਦਾ ਬਜਟ ਅਨੁਮਾਨ ਪੰਜਾਬ ਕੈਬਨਿਟ ਵੱਲੋਂ ਪਾਸ ਕੀਤਾ ਗਿਆ..ਬਜਟ 8 ਮਾਰਚ ਦਿਨ ਐਤਵਾਰ ਨੂੰ ਪੇਸ਼ ਕੀਤਾ ਜਾਵੇਗਾ..ਇਸ ਦਿਨ ਕੌਮਾਂਤਰੀ ਮਹਿਲਾ ਦਿਵਸ ਦੇ ਤੌਰ ਤੇ ਮਨਾਇਆ ਜਾਂਦਾ ਹੈ.. ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਇਹ ਬਜਟ ਹਰ ਪੰਜਾਬੀ ਦੀ ਤਰੱਕੀ ਅਤੇ ਖੁਸ਼ਹਾਲੀ ‘ਚ ਵੱਡਾ ਯੋਗਦਾਨ ਪਾਏਗਾ..”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























