Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ
– ਪੰਜਾਬੀ ਮਾਂਹ-2026 ਨੂੰ ਸਮਰਪਿਤ ਸਮਾਗਮ ’ਚ ਸੰਤ ਸੀਚੇਵਾਲ ਨੇ ਗੁਰੂ ਸਾਹਿਬ ਦੀ ਬਾਣੀ ਨੂੰ ਮਨੁੱਖਤਾ, ਬਰਾਬਰੀ ਅਤੇ ਕੁਦਰਤ ਨਾਲ ਪਿਆਰ ਦਾ ਮਹਾਨ ਸੰਦੇਸ਼ ਦੱਸਿਆ
ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਵੱਲੋਂ ਪੰਜਾਬੀ ਮਾਂਹ-2026 ਨੂੰ ਸਮਰਪਿਤ ਸਾਹਿਤਕ ਗੋਸ਼ਟੀ ਅੱਜ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਨਿਰੰਜਨ ਕੁਟੀਆ ਵਿੱਚ ਬਹੁਤ ਹੀ ਪ੍ਰਭਾਵਸ਼ਾਲੀ ਅਤੇ ਸ਼ਾਨਦਾਰ ਢੰਗ ਨਾਲ ਕਰਵਾਈ ਗਈ। ਗੋਸ਼ਟੀ ਦਾ ਮੁੱਖ ਵਿਸ਼ਾ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ਰਿਹਾ, ਜਿਸ ਦੌਰਾਨ ਉੱਘੀਆਂ ਧਾਰਮਿਕ, ਸਾਹਿਤਕ ਅਤੇ ਵਿਦਿਅਕ ਸ਼ਖ਼ਸੀਅਤਾਂ ਨੇ ਗੁਰੂ ਸਾਹਿਬ ਦੀ ਬਾਣੀ ਦੇ ਅਧਿਆਤਮਕ, ਭਾਸ਼ਾਈ ਅਤੇ ਸਮਾਜਿਕ ਮਹੱਤਵ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।
ਜ਼ਿਲ੍ਹਾ ਭਾਸ਼ਾ ਦਫ਼ਤਰ ਕਪੂਰਥਲਾ ਵੱਲੋਂ ਕਰਵਾਏ ਗਏ ਇਸ ਸਮਾਗਮ ਵਿੱਚ ਰਾਜ ਸਭਾ ਮੈਂਬਰ ਅਤੇ ਉੱਘੇ ਵਾਤਾਵਰਣ ਪ੍ਰੇਮੀ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਉੱਘੇ ਵਿਦਵਾਨ ਡਾ. ਆਸਾ ਸਿੰਘ ਘੁੰਮਣ ਅਤੇ ਪ੍ਰੋ. ਅਵਤਾਰ ਸਿੰਘ ਨੇ ਮੁੱਖ ਬੁਲਾਰਿਆਂ ਵਜੋਂ ਆਪਣੇ ਵਿਚਾਰ ਪੇਸ਼ ਕੀਤੇ। ਸਮਾਗਮ ਦੀ ਪ੍ਰਧਾਨਗੀ ਡਾ. ਬਲਜੀਤ ਕੌਰ ਵੱਲੋਂ ਕੀਤੀ ਗਈ।
ਗੁਰੂ ਨਾਨਕ ਦੇਵ ਜੀ ਦੀ ਬਾਣੀ ਸਮੁੱਚੀ ਮਨੁੱਖਤਾ ਲਈ ਸਾਂਝੀਵਾਲਤਾ ਦਾ ਸੰਦੇਸ਼: ਸੰਤ ਸੀਚੇਵਾਲ
ਇਸ ਮੌਕੇ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਕੇਵਲ ਧਾਰਮਿਕ ਉਪਦੇਸ਼ਾਂ ਤੱਕ ਸੀਮਤ ਨਹੀਂ, ਸਗੋਂ ਇਹ ਸਮੁੱਚੀ ਮਨੁੱਖਤਾ ਨੂੰ ਸੱਚ, ਇਨਸਾਫ਼, ਬਰਾਬਰੀ, ਸਾਂਝੀਵਾਲਤਾ ਅਤੇ ਕੁਦਰਤ ਨਾਲ ਪਿਆਰ ਕਰਨ ਦਾ ਰਾਹ ਦਿਖਾਉਂਦੀ ਹੈ। ਗੁਰੂ ਸਾਹਿਬ ਨੇ ਆਪਣੀ ਬਾਣੀ ਰਾਹੀਂ ਸਮਾਜ ਵਿੱਚ ਫੈਲੀਆਂ ਵੰਡੀਆਂ, ਵਹਿਮਾਂ-ਭਰਮਾਂ ਅਤੇ ਊਚ-ਨੀਚ ਦਾ ਵਿਰੋਧ ਕਰਦਿਆਂ ਮਨੁੱਖ ਨੂੰ ਮਨੁੱਖ ਨਾਲ ਜੋੜਨ ਦਾ ਸੰਦੇਸ਼ ਦਿੱਤਾ।
ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੀ ਬਾਣੀ ਵਿੱਚ ਕੁਦਰਤ ਅਤੇ ਵਾਤਾਵਰਣ ਦੀ ਸੰਭਾਲ ਦਾ ਵੀ ਬਹੁਤ ਡੂੰਘਾ ਸੰਦੇਸ਼ ਮੌਜੂਦ ਹੈ। ਅੱਜ ਜਦੋਂ ਦੁਨੀਆ ਵਾਤਾਵਰਣ ਪ੍ਰਦੂਸ਼ਣ ਅਤੇ ਕੁਦਰਤੀ ਸਰੋਤਾਂ ਦੀ ਬਰਬਾਦੀ ਵਰਗੀਆਂ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਹੀ ਹੈ ਤਾਂ ਗੁਰੂ ਸਾਹਿਬ ਦੀ ਵਿਚਾਰਧਾਰਾ ਪਹਿਲਾਂ ਨਾਲੋਂ ਵੀ ਵਧੇਰੇ ਸਾਰਥਕ ਹੋ ਜਾਂਦੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੀ ਬਾਣੀ ਨਾਲ ਜੋੜਨਾ ਅਤੇ ਇਸ ਦੇ ਸੰਦੇਸ਼ ਨੂੰ ਆਪਣੇ ਜੀਵਨ ਵਿੱਚ ਅਪਣਾਉਣਾ ਸਮੇਂ ਦੀ ਵੱਡੀ ਲੋੜ ਹੈ। ਉਨ੍ਹਾਂ ਭਾਸ਼ਾ ਵਿਭਾਗ ਵੱਲੋਂ ਪੰਜਾਬੀ ਭਾਸ਼ਾ, ਸਾਹਿਤ ਅਤੇ ਵਿਰਾਸਤ ਦੀ ਸੰਭਾਲ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਵੀ ਕੀਤੀ।






















