Punjab: ਬਾਬਾ ਸਾਹਿਬ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਦੇ ਵਿਰੋਧ ਵਿੱਚ ਅੱਜ ਲੁਧਿਆਣਾ ਬੰਦ
ਲੁਧਿਆਣਾ, 9 ਸਤੰਬਰ (ਵਿਸ਼ਵ ਵਾਰਤਾ): ਲੁਧਿਆਣਾ ਦੇ ਜਲੰਧਰ ਬਾਈਪਾਸ ’ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੀ ਮੂਰਤੀ ਨਾਲ ਬੇਅਦਬੀ ਦੀ ਵਾਪਰੀ ਸ਼ਰਮਨਾਕ ਘਟਨਾ ਦੇ ਵਿਰੋਧ ਵਿੱਚ ਅੱਜ, 9 ਸਤੰਬਰ 2026 ਨੂੰ ਲੁਧਿਆਣਾ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਬੰਦ ਸਵੇਰ ਤੋਂ ਸ਼ਾਮ 4 ਵਜੇ ਤੱਕ ਰਹੇਗਾ। ਇਸ ਦੌਰਾਨ ਵੱਖ-ਵੱਖ ਜਥੇਬੰਦੀਆਂ ਅਤੇ ਲੋਕਾਂ ਵੱਲੋਂ ਘਟਨਾ ਦੇ ਵਿਰੋਧ ਵਿੱਚ ਰੋਸ ਪ੍ਰਗਟ ਕੀਤਾ ਜਾਵੇਗਾ।
ਪ੍ਰਦਰਸ਼ਨਕਾਰੀਆਂ ਦੀ ਮੁੱਖ ਮੰਗ ਹੈ ਕਿ ਮੂਰਤੀ ਨਾਲ ਬੇਅਦਬੀ ਕਰਨ ਵਾਲੇ ਦੋਸ਼ੀ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਉਸ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਆਗੂਆਂ ਨੇ ਕਿਹਾ ਕਿ ਬਾਬਾ ਸਾਹਿਬ ਅੰਬੇਡਕਰ ਜੀ ਦੀ ਮੂਰਤੀ ਨਾਲ ਵਾਪਰੀ ਇਸ ਘਟਨਾ ਨੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਕੇ ਦੋਸ਼ੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਜਾਣਕਾਰੀ ਅਨੁਸਾਰ, ਕਿਸੇ ਅਣਪਛਾਤੇ ਵਿਅਕਤੀ ਨੇ ਬਾਬਾ ਸਾਹਿਬ ਦੇ ਬੁੱਤ ਦੇ ਗਲ ਵਿੱਚ ਜੁੱਤੀਆਂ ਦਾ ਹਾਰ ਪਾ ਦਿੱਤਾ। ਘਟਨਾ 5 ਸਤੰਬਰ ਦੀ ਦੱਸੀ ਜਾ ਰਹੀ ਹੈ। ਜਿਵੇਂ ਹੀ ਇਸ ਘਟਨਾ ਦੀ ਭਣਕ ਸਥਾਨਕ ਲੋਕਾਂ ਨੂੰ ਲੱਗੀ, ਇਲਾਕੇ ਵਿੱਚ ਤਣਾਅ ਵਾਲੀ ਸਥਿਤੀ ਪੈਦਾ ਹੋ ਗਈ। ਇਸ ਕਾਰੇ ਨਾਲ ਵਾਲਮੀਕਿ ਭਾਈਚਾਰੇ ਦੇ ਲੋਕਾਂ ਵਿੱਚ ਭਾਰੀ ਰੋਸ ਫੈਲ ਗਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/





















