Punjab : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ‘ਬੇਅਦਬੀ’ ਨੂੰ ਲੈ ਕੇ ਬਿੱਲ ਪੇਸ਼
– ਪ੍ਰਤਾਪ ਬਾਜਵਾ ਨੇ ਬੇਅਦਬੀ ਬਿੱਲ ‘ਤੇ ਚਰਚਾ ਕਰਨ ਲਈ ਮੰਗਿਆ ਸਮਾਂ

ਚੰਡੀਗੜ੍ਹ, 14 ਜੁਲਾਈ (ਵਿਸ਼ਵ ਵਾਰਤਾ): ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਤੀਜਾ ਦਿਨ ਹੈ। ਸੈਸ਼ਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ ਵਲੋਂ ‘ਧਾਰਮਿਕ ਗ੍ਰੰਥਾਂ ਦੇ ਵਿਰੁੱਧ ਅਪਰਾਧਾਂ ਦੀ ਰੋਕ ਥਾਮ ਐਕਟ 2025’ ਵਿਧਾਨ ਸਭਾ ’ਚ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਇਹ ਇੱਕ ਗੰਭੀਰ ਮੁੱਦਾ ਹੈ। ਇਸ ‘ਤੇ ਕਾਨੂੰਨ ਬਣਾਇਆ ਜਾਣਾ ਚਾਹੀਦਾ ਹੈ।
ਇਸ ਦੌਰਾਨ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਇਸ ਅਹਿਮ ਬਿਲ ’ਤੇ ਬਹਿਸ ਲਈ ਸਮਾਂ ਦਿੱਤਾ ਜਾਵੇ, ਭਲਕੇ ਬਿੱਲ ’ਤੇ ਚਰਚਾ ਕੀਤੀ ਜਾਵੇ। ਇਸ ਤੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ “ਜੇਕਰ ਕਾਂਗਰਸ ਜਾਂ ਵਿਰੋਧੀ ਧਿਰ ਕੱਲ੍ਹ ਇਸ ਵਿਸ਼ੇ ‘ਤੇ ਚਰਚਾ ਕਰਨਾ ਚਾਹੁੰਦੀ ਹੈ, ਤਾਂ ਮੈਂ ਸਹਿਮਤ ਹਾਂ।”
ਸਪੀਕਰ ਸੰਧਵਾਂ ਨੇ ਕਿਹਾ ਕਿ ਅੱਜ ਮੁੱਖ ਮੰਤਰੀ ਵੱਲੋਂ ਇੱਕ ਬਹੁਤ ਹੀ ਮਹੱਤਵਪੂਰਨ ਬਿੱਲ ਲਿਆਂਦਾ ਗਿਆ ਹੈ। ਜਦੋਂ ਕਿ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕੱਲ੍ਹ ਇਸ ‘ਤੇ ਬਹਿਸ ਦੀ ਮੰਗ ਕੀਤੀ ਹੈ। ਹੁਣ ਇਸ ਮੁੱਦੇ ‘ਤੇ ਕੱਲ੍ਹ ਬਹਿਸ ਹੋਵੇਗੀ।
ਦੱਸ ਦਈਏ ਕਿ ਪੰਜਾਬ ਵਿੱਚ ਬੇਅਦਬੀ ਕਰਨ ਵਾਲਿਆਂ ਨੂੰ ਸਜ਼ਾ ਦਿਵਾਉਣ ਲਈ ਹੁਣ ਤੱਕ ਕੋਈ ਸਖ਼ਤ ਕਾਨੂੰਨ ਨਹੀਂ ਹੈ। ਇਹ ਨਵਾਂ ਕਾਨੂੰਨ ਧਾਰਮਿਕ ਗ੍ਰੰਥਾਂ ਅਤੇ ਧਾਰਮਿਕ ਥਾਵਾਂ ਦੀ ਬੇਅਦਬੀ ਕਰਨ ਵਾਲਿਆਂ ਨੂੰ ਉਮਰ ਕੈਦ ਦੀ ਸਜ਼ਾ ਦੇਵੇਗਾ। ਬੇਅਦਬੀ ਦੇ ਕੇਸਾਂ ਲਈ ਵਿਸ਼ੇਸ਼ ਅਦਾਲਤਾਂ ਗਠਿਤ ਕੀਤੀਆਂ ਜਾਣਗੀਆਂ। ਬੇਅਦਬੀ ਦੇ ਦੋਸ਼ੀਆਂ ਨੂੰ ਪੈਰੋਲ ਨਹੀਂ ਮਿਲੇਗੀ।ਪੰਜਾਬ ਵਿੱਚ ਲੰਮੇ ਸਮੇਂ ਤੋਂ ਬੇਅਦਬੀ ਕਾਨੂੰਨ ਦੀ ਮੰਗ ਚੱਲ ਰਹੀ ਸੀ ਜਿਸ ਤੋਂ ਬਾਅਦ ਅੱਜ ਪੰਜਾਬ ਕੈਬਿਨੇਟ ਵੱਲੋਂ ਬੇਅਦਬੀ ਦੇ ਮਾਮਲਿਆਂ ਸਬੰਧੀ ਸਖ਼ਤ ਕਾਨੂੰਨ ਬਣਾਉਣ ਲਈ ਤਿਆਰ ਕੀਤੇ ਗਏ ਬਿੱਲ ਨੂੰ ਪ੍ਰਵਾਨਗੀ ਦੇ ਦਿੱਤੀ ਗਈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























