Punjab: ਮਾਨਸਾ ਪੁਲਿਸ ਲਾਠੀਚਾਰਜ ਮਾਮਲੇ ਦੀ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਅੱਜ ਸੁਣਵਾਈ
ਚੰਡੀਗੜ੍ਹ, 3 ਨਵੰਬਰ (ਵਿਸ਼ਵ ਵਾਰਤਾ): ਮਾਨਸਾ ਵਿੱਚ ਪੁਲਿਸ ਲਾਠੀਚਾਰਜ ਨਾਲ ਜੁੜੇ ਮਾਮਲੇ ਦੀ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਵੇਗੀ। ਅਦਾਲਤ ਵਿੱਚ ਇਹ ਮਾਮਲਾ ਸਵੇਰੇ 10 ਵਜੇ ਸੁਣਿਆ ਜਾਵੇਗਾ। ਇਹ ਵਿਵਾਦ 27 ਅਕਤੂਬਰ ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਦਲਜੀਤ ਸਿੰਘ ਦੀ ਹੋਈ ਮੌਤ ਤੋਂ ਬਾਅਦ ਪੈਦਾ ਹੋਇਆ ਸੀ।
ਪਟੀਸ਼ਨ ਵਿੱਚ ਦੋਸ਼ ਲਾਇਆ ਗਿਆ ਹੈ ਕਿ ਦਲਜੀਤ ਸਿੰਘ ਦੀ ਮੌਤ ਤੋਂ ਬਾਅਦ ਪਰਿਵਾਰਕ ਮੈਂਬਰ ਅਤੇ ਪਿੰਡ ਵਾਸੀ ਉਸ ਦੀ ਲਾਸ਼ ਨਾਲ ਲੈ ਕੇ ਨਸ਼ਾ ਤਸਕਰਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨ ਜਾ ਰਹੇ ਸਨ। ਇਸ ਦੌਰਾਨ ਪੁਲਿਸ ਨੇ ਰਾਮਦਿੱਤੇਵਾਲਾ ਚੌਕ ਵਿਖੇ ਉਨ੍ਹਾਂ ਦਾ ਰਸਤਾ ਰੋਕ ਦਿੱਤਾ ਅਤੇ ਪ੍ਰਦਰਸ਼ਨਕਾਰੀਆਂ ‘ਤੇ ਲਾਠੀਚਾਰਜ ਕੀਤਾ।
ਪਟੀਸ਼ਨਕਰਤਾਵਾਂ ਮੁਤਾਬਕ ਪੁਲਿਸ ਨੇ ਗੱਡੀ ਵਿੱਚੋਂ ਲਾਸ਼ ਕੱਢ ਕੇ ਆਪਣੇ ਕਬਜ਼ੇ ਵਿੱਚ ਲੈ ਲਈ। ਉਨ੍ਹਾਂ ਇਹ ਵੀ ਦੋਸ਼ ਲਾਇਆ ਹੈ ਕਿ ਕਿੰਨੇ ਦਿਨ ਬੀਤ ਜਾਣ ਦੇ ਬਾਵਜੂਦ ਪਰਿਵਾਰ ਨੂੰ ਲਾਸ਼ ਸਬੰਧੀ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਹੁਣ ਇਸ ਮਾਮਲੇ ਵਿੱਚ ਹਾਈਕੋਰਟ ਦੀ ਸੁਣਵਾਈ ‘ਤੇ ਸਾਰਿਆਂ ਦੀ ਨਜ਼ਰ ਟਿਕੀ ਹੋਈ ਹੈ।























