Punjab: ਪੰਜਾਬ ਰੋਡਵੇਜ਼, ਪਨਬਸ ਤੇ ਪੀਆਰਟੀਸੀ ਮੁਲਾਜ਼ਮਾਂ ਨਾਲ ਸਰਕਾਰ ਦੀ ਅਹਿਮ ਮੀਟਿੰਗ ਅੱਜ
ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ): ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਦੇ ਮੁਲਾਜ਼ਮਾਂ ਦੀਆਂ ਲੰਬਿਤ ਮੰਗਾਂ ਨੂੰ ਲੈ ਕੇ ਸਰਕਾਰ ਨੇ ਮੁੜ ਗੱਲਬਾਤ ਦਾ ਰਾਹ ਖੋਲ੍ਹਿਆ ਹੈ। ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਮੁਲਾਜ਼ਮ ਜਥੇਬੰਦੀਆਂ ਨਾਲ ਅਹਿਮ ਮੀਟਿੰਗ ਕੀਤੀ ਜਾ ਰਹੀ ਹੈ। ਮੀਟਿੰਗ ਦੌਰਾਨ ਕੰਟਰੈਕਟ ਅਤੇ ਆਊਟਸੋਰਸਿੰਗ ਮੁਲਾਜ਼ਮਾਂ ਨਾਲ ਸਬੰਧਤ ਮੰਗਾਂ ਸਮੇਤ ਲੰਬੇ ਸਮੇਂ ਤੋਂ ਲਟਕਦੇ ਹੋਰ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਹੋਵੇਗਾ।
ਮੁਲਾਜ਼ਮ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਸਰਕਾਰ ਦੇ ਸਾਹਮਣੇ ਰੱਖੀਆਂ ਜਾਣਗੀਆਂ ਅਤੇ ਉਨ੍ਹਾਂ ਦੇ ਹੱਲ ਲਈ ਠੋਸ ਫੈਸਲੇ ਦੀ ਉਮੀਦ ਕੀਤੀ ਜਾ ਰਹੀ ਹੈ। ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਦੇ ਠੇਕਾ ਮੁਲਾਜ਼ਮ ਪਹਿਲਾਂ ਵੀ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰਦੇ ਰਹੇ ਹਨ। ਪਿਛਲੇ ਸਮੇਂ ਵਿੱਚ ਸਰਕਾਰ ਵੱਲੋਂ ਮੀਟਿੰਗ ਲਈ ਸੱਦਾ ਦਿੱਤੇ ਜਾਣ ਤੋਂ ਬਾਅਦ ਮੁਲਾਜ਼ਮਾਂ ਨੇ ਹੜਤਾਲ ਮੁਲਤਵੀ ਕੀਤੀ ਸੀ।
ਹੁਣ ਅੱਜ ਦੀ ਮੀਟਿੰਗ ’ਤੇ ਮੁਲਾਜ਼ਮਾਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਜੇਕਰ ਗੱਲਬਾਤ ਰਾਹੀਂ ਮੰਗਾਂ ਦਾ ਹੱਲ ਨਿਕਲਦਾ ਹੈ ਤਾਂ ਸਰਕਾਰੀ ਬੱਸ ਸੇਵਾ ਨੂੰ ਲੈ ਕੇ ਬਣਿਆ ਤਣਾਅ ਘਟ ਸਕਦਾ ਹੈ, ਜਦਕਿ ਕੋਈ ਠੋਸ ਫੈਸਲਾ ਨਾ ਹੋਣ ਦੀ ਸੂਰਤ ਵਿੱਚ ਮੁਲਾਜ਼ਮ ਜਥੇਬੰਦੀਆਂ ਵੱਲੋਂ ਅਗਲੇ ਸੰਘਰਸ਼ ਦੀ ਰਣਨੀਤੀ ਤੈਅ ਕੀਤੀ ਜਾ ਸਕਦੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























