Punjab: ਮੰਤਰੀ ਸੰਜੀਵ ਅਰੋੜਾ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ ਦੀ ਅੱਜ ਸੁਣਵਾਈ
ਚੰਡੀਗੜ੍ਹ, 6 ਅਗਸਤ (ਵਿਸ਼ਵ ਵਾਰਤਾ): ਪੰਜਾਬ ਦੇ ਸਾਬਕਾ ਮੰਤਰੀ ਸੰਜੀਵ ਅਰੋੜਾ ਵਿਰੁੱਧ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਦਰਜ ਮਨੀ ਲਾਂਡਰਿੰਗ ਮਾਮਲੇ ਦੀ ਅੱਜ, 6 ਅਗਸਤ ਨੂੰ, ਵਿਸ਼ੇਸ਼ ਪੀਐਮਐਲਏ (PMLA) ਅਦਾਲਤ ਵਿੱਚ ਸੁਣਵਾਈ ਹੋਵੇਗੀ। ਵਿਸ਼ੇਸ਼ ਅਦਾਲਤ ਨੇ ਈਡੀ ਵੱਲੋਂ ਦਾਇਰ ਕੀਤੀ ਸ਼ਿਕਾਇਤ ‘ਤੇ ਵਿਚਾਰ ਲਈ 6 ਅਗਸਤ ਦੀ ਤਰੀਕ ਨਿਰਧਾਰਤ ਕੀਤੀ ਸੀ। ਅੱਜ ਦੀ ਸੁਣਵਾਈ ਦੌਰਾਨ ਅਦਾਲਤ ਮਾਮਲੇ ਵਿੱਚ ਦਾਇਰ ਸ਼ਿਕਾਇਤ ‘ਤੇ ਅਗਲੀ ਕਾਨੂੰਨੀ ਕਾਰਵਾਈ ਬਾਰੇ ਵਿਚਾਰ ਕਰੇਗੀ।
ਇਸ ਤੋਂ ਪਹਿਲਾਂ ਪਿਛਲੀ ਸੁਣਵਾਈ ਦੌਰਾਨ ਜਾਂਚ ਏਜੰਸੀ ਨੇ ਅਦਾਲਤ ‘ਚ ਚਾਰਜਸ਼ੀਟ ਦਾਖਲ ਕੀਤੀ ਸੀ ਅਤੇ ਜਿਸ ‘ਚ ਉਨ੍ਹਾਂ ਨੂੰ ਕਥਿਤ ਫਰਜ਼ੀ ਮੋਬਾਈਲ ਐਕਸਪੋਰਟ ਅਤੇ ਮਨੀ ਲਾਂਡਰਿੰਗ ਮਾਮਲੇ ਦਾ ਮਾਸਟਰਮਾਈਂਡ ਦੱਸਿਆ ਹੈ। ਈਡੀ ਦਾ ਦਾਅਵਾ ਹੈ ਕਿ ਇਸ ਮਾਮਲੇ ਵਿੱਚ 103 ਕਰੋੜ ਰੁਪਏ ਦੀ ਹੇਰਾਫੇਰੀ ਹੋਈ ਹੈ। ਈਡੀ ਨੇ ਸੰਜੀਵ ਅਰੋੜਾ ਵਿਰੁੱਧ ਮਨੀ ਲਾਂਡਰਿੰਗ ਰੋਕਥਾਮ ਕਾਨੂੰਨ (PMLA) ਤਹਿਤ ਮਾਮਲਾ ਦਰਜ ਕਰਕੇ ਵਿਸ਼ੇਸ਼ ਅਦਾਲਤ ਵਿੱਚ ਸ਼ਿਕਾਇਤ ਪੇਸ਼ ਕੀਤੀ ਸੀ।
ਜਿਸ ਤੋਂ ਬਾਅਦ ਅੱਜ ਅਦਾਲਤ ਇਸ ਗੱਲ ਦਾ ਵੀ ਜਾਇਜ਼ਾ ਲਵੇਗੀ ਕਿ ਰਿਕਾਰਡ ‘ਤੇ ਮੌਜੂਦ ਸਮੱਗਰੀ ਦੇ ਆਧਾਰ ‘ਤੇ ਅੱਗੇ ਦੀ ਕਾਰਵਾਈ ਲਈ ਕਾਨੂੰਨੀ ਆਧਾਰ ਬਣਦਾ ਹੈ ਜਾਂ ਨਹੀਂ। ਮਾਮਲਾ ਇਸ ਵੇਲੇ ਅਦਾਲਤ ਦੇ ਵਿਚਾਰ ਅਧੀਨ ਹੈ ਅਤੇ ਅਦਾਲਤੀ ਕਾਰਵਾਈ ਦੇ ਅਗਲੇ ਪੜਾਅ ‘ਤੇ ਸਭ ਦੀ ਨਜ਼ਰ ਰਹੇਗੀ।
ਇਹ ਵੀ ਦੱਸ ਦਈਏ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਮੰਤਰੀ ਅਤੇ ਲੁਧਿਆਣਾ ਪੱਛਮੀ ਤੋਂ ਵਿਧਾਇਕ ਸੰਜੀਵ ਅਰੋੜਾ ਦੀ ਜ਼ਮਾਨਤ ਸੁਪਰੀਮ ਕੋਰਟ ਨੇ ਰੱਦ ਕਰ ਦਿੱਤੀ ਸੀ। ਸੰਜੀਵ ਅਰੋੜਾ ਨੇ ਮੈਡੀਕਲ ਆਧਾਰ ‘ਤੇ ਸੁਪਰੀਮ ਕੋਰਟ ਤੋਂ ਜ਼ਮਾਨਤ ਮੰਗੀ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























