Punjab: ਕਈ ਸਾਲਾਂ ਬਾਅਦ MP ਅੰਮ੍ਰਿਤਪਾਲ ਸਿੰਘ ਜੇਲ੍ਹ ਤੋਂ ਆਇਆ ਬਾਹਰ
ਚੰਡੀਗੜ੍ਹ, 20 ਨਵੰਬਰ 2026 (ਵਿਸ਼ਵ ਵਾਰਤਾ): ਕਈ ਸਾਲਾਂ ਬਾਅਦ MP ਅੰਮ੍ਰਿਤਪਾਲ ਸਿੰਘ ਜੇਲ੍ਹ ਤੋਂ ਬਾਹਰ ਆ ਗਿਆ ਹੈ। ਪੰਜਾਬ ਪੁਲਿਸ ਦੀ ਟੀਮ ਉਨ੍ਹਾਂ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਆਪਣੇ ਨਾਲ ਲੈ ਕੇ ਹਵਾਈ ਅੱਡੇ ਲਈ ਰਵਾਨਾ ਹੋ ਚੁੱਕੀ ਹੈ। ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਉਨ੍ਹਾਂ ਦੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਕਰਵਾਉਣ ਲਈ ਪੰਜਾਬ ਲਿਆਂਦਾ ਜਾ ਰਿਹਾ ਹੈ।
ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ 21 ਨਵੰਬਰ ਨੂੰ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਵਿਖੇ ਦਾਦੀ ਚਰਨ ਕੌਰ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣਗੇ। ਇਸ ਸਬੰਧੀ ਅੰਮ੍ਰਿਤਸਰ ਦੀ ਅਦਾਲਤ ਨੇ ਉਨ੍ਹਾਂ ਨੂੰ ਤਿੰਨ ਘੰਟੇ ਦੀ ਕਸਟਡੀ ਪੈਰੋਲ ਦਿੱਤੀ ਹੈ। ਪੰਜਾਬ ਪੁਲਿਸ ਵੱਲੋਂ ਇਸ ਦੇ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਸੁਰੱਖਿਆ ਕਾਰਨਾਂ ਕਰਕੇ ਅੰਮ੍ਰਿਤਪਾਲ ਨੂੰ ਕਿੱਥੇ ਰੱਖਿਆ ਜਾਵੇਗਾ, ਇਸ ਬਾਰੇ ਜਾਣਕਾਰੀ ਨਹੀਂ ਦਿੱਤੀ ਗਈ ਹੈ।
ਸੰਸਦ ਮੈਂਬਰ ਦੀ ਦਾਦੀ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਜੱਲੂਪੁਰ ਖੇੜਾ (ਅੰਮ੍ਰਿਤਸਰ) ਵਿੱਚ ਕੀਤਾ ਜਾਵੇਗਾ। ਉਨ੍ਹਾਂ ਨੂੰ ਉਨ੍ਹਾਂ ਦੇ ਖੇਤਾਂ ਵਿੱਚ ਹੀ ਅੰਤਿਮ ਵਿਦਾਈ ਦਿੱਤੀ ਜਾਵੇਗੀ। ਇਸ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਪਰਿਵਾਰ ਅਤੇ ਪਿੰਡ ਦੇ ਲੋਕ ਅੰਤਿਮ ਸਸਕਾਰ ਦੀਆਂ ਤਿਆਰੀਆਂ ਕਰਨ ਵਿੱਚ ਰੁੱਝੇ ਹੋਏ ਹਨ। ਚਰਨ ਕੌਰ ਦੀ 8 ਨਵੰਬਰ ਨੂੰ ਮੌਤ ਹੋ ਗਈ ਸੀ।























