PUNJAB : ਅੰਮ੍ਰਿਤਪਾਲ ਦੇ ਸਾਥੀਆਂ ਦਾ ਮੁੜ ਵਧਿਆ ਰਿਮਾਂਡ
ਚੰਡੀਗੜ੍ਹ, 25ਮਾਰਚ(ਵਿਸ਼ਵ ਵਾਰਤਾ) PUNJAB : ਖਡੂਰ ਸਾਹਿਬ ਤੋਂ MP ਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਚਾਰ ਦਿਨਾ ਪੁਲੀਸ ਰਿਮਾਂਡ ਦੀ ਮਿਆਦ ਖਤਮ ਹੋਣ ਤੋਂ ਬਾਅਦ ਅੱਜ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਅਜਨਾਲਾ ਕੋਰਟ ਵਿੱਚ ਪੇਸ਼ ਕੀਤਾ ਗਿਆ। ਪੁਲੀਸ ਨੇ ਮੁਲਜ਼ਮਾਂ ਦਾ ਸੱਤ ਦਿਨਾਂ ਦਾ ਰਿਮਾਂਡ ਮੰਗਿਆ, ਪਰ ਕੋਰਟ ਨੇ 28 ਮਾਰਚ ਤੱਕ ਤਿੰਨ ਦਿਨਾ ਪੁਲੀਸ ਰਿਮਾਂਡ ਦੀ ਹੀ ਮਨਜ਼ੂਰੀ ਦਿੱਤੀ।
ਡੀਐੱਸਪੀ ਅਜਨਾਲਾ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਬਸੰਤ ਸਿੰਘ, ਭਗਵੰਤ ਸਿੰਘ ਬਾਜੇਖਾਨਾ, ਗੁਰਮੀਤ ਸਿੰਘ, ਸਰਬਜੀਤ ਸਿੰਘ ਕਲਸੀ, ਗੁਰਿੰਦਰਪਾਲ ਸਿੰਘ, ਹਰਜੀਤ ਸਿੰਘ, ਕੁਲਵੰਤ ਸਿੰਘ ਤੇ ਅਮਨਪ੍ਰੀਤ ਸਿੰਘ ਅਮਨਾ ਨੂੰ ਥਾਣਾ ਅਜਨਾਲਾ ਵਿੱਚ ਦਰਜ ਐਫਆਈਆਰ ਨੰਬਰ 39 ਤਹਿਤ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਕੋਰਟ ਨੇ ਇਨ੍ਹਾਂ ਸਾਰਿਆਂ ਦਾ 28 ਮਾਰਚ ਤੱਕ ਪੁਲੀਸ ਰਿਮਾਂਡ ਦੇ ਦਿੱਤਾ ਹੈ। ਇਨ੍ਹਾਂ ਸਾਰਿਆਂ ਖਿਲਾਫ਼ 23 ਫਰਵਰੀ 2023 ਨੂੰ ਅਜਨਾਲਾ ਪੁਲੀਸ ਸਟੇਸ਼ਨ ’ਤੇ ਕੀਤੇ ਹਮਲੇ ਦੇ ਦੋਸ਼ ਵਿਚ ਕੇਸ ਦਰਜ ਕੀਤਾ ਗਿਆ ਸੀ।
ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਇਸ ਵੇਲੇ ਐੱਨਐੱਸਏ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹੈ। ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਵਾਪਸ ਲਿਆਂਦੇ ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀਆਂ ਨੂੰ 21 ਮਾਰਚ ਨੂੰ ਅਜਨਾਲਾ ਕੋਰਟ ਵਿਚ ਪੇਸ਼ ਕੀਤਾ ਗਿਆ ਸੀ, ਜਿੱਥੋਂ ਕੋਰਟ ਨੇ ਉਨ੍ਹਾਂ ਨੂੰ ਚਾਰ ਦਿਨਾ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/