Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ ‘ਚ ਪਹੁੰਚੇ
ਚੰਡੀਗੜ੍ਹ, 22 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਐਤਵਾਰ ਸਵੇਰੇ ਵਾਪਿਸ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਪਹੁੰਚ ਗਏ ਹਨ। ਆਪਣੀ ਦੀਦੀ ਦੇ ਅੰਤਿਮ ਸਸਕਾਰ ‘ਚ ਸ਼ਾਮਿਲ ਹੋਣ ਤੋਂ ਬਾਅਦ ਉਨ੍ਹਾਂ ਨੂੰ ਮੁਸ ਹਿਰਾਸਤ ‘ਚ ਲੈ ਲਿਆ ਗਿਆ ਸੀ। ਦੱਸ ਦਈਏ ਕਿ ਬੀਤੇ ਦਿਨ 21 ਨਵੰਬਰ ਨੂੰ ਅਦਾਲਤ ਨੇ ਉਨ੍ਹਾਂ ਨੂੰ ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਿਲ ਹੋਣ ਲਈ ਤਿੰਨ ਘੰਟੇ ਦੀ ਹਿਰਾਸਤੀ ਪੈਰੋਲ ਦਿੱਤੀ ਗਈ ਸੀ।
ਸਸਕਾਰ ‘ਚ ਸ਼ਾਮਿਲ ਹੋਣ ਤੋਂ ਬਾਅਦ ਪੁਲਿਸ ਉਨ੍ਹਾਂ ਨੂੰ ਅੰਮ੍ਰਿਤਸਰ ਹਵਾਈ ਅੱਡੇ ਤੋਂ ਦਿੱਲੀ ਲੈ ਗਈ, ਜਿੱਥੇ ਉਨ੍ਹਾਂ ਨੂੰ ਰਾਤ ਭਰ ਸੇਫ ਹਾਊਸ ‘ਚ ਰੱਖਿਆ ਗਿਆ ਅਤੇ ਫਿਰ ਉਨ੍ਹਾਂ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਏਅਰਲਿਫਟ ਕੀਤਾ ਗਿਆ। ਪਰਿਵਾਰ ਨੇ 22 ਨਵੰਬਰ ਨੂੰ ਅਸਥੀਆਂ ਇਕੱਠੀਆਂ ਕਰਨ ਦੀ ਰਸਮ ਅਤੇ 23 ਨਵੰਬਰ ਨੂੰ ਭੋਗ ਸਮਾਗਮ ਦਾ ਆਯੋਜਨ ਕੀਤਾ ਹੈ। ਅੰਮ੍ਰਿਤਪਾਲ ਸਿੰਘ ਵੀਡੀਓ ਕਾਨਫਰੰਸਿੰਗ ਰਾਹੀਂ ਇਨ੍ਹਾਂ ਸਮਾਗਮਾਂ ‘ਚ ਹਿੱਸਾ ਲੈਣਗੇ।
ਅੰਮ੍ਰਿਤਪਾਲ ਲਗਭਗ 3 ਸਾਲ ਅਤੇ 8 ਮਹੀਨਿਆਂ ਤੋਂ ਅਸਾਮ ਦੀ ਜੇਲ੍ਹ ਵਿੱਚ ਹਨ। ਉਨ੍ਹਾਂ ‘ਤੇ ਪਹਿਲਾਂ NSA ਅਧੀਨ ਮਾਮਲਾ ਦਰਜ ਕੀਤਾ ਗਿਆ ਸੀ, ਪਰ ਹੁਣ ਇਸ ਨੂੰ ਹਟਾ ਦਿੱਤਾ ਗਿਆ ਹੈ। ਬੀਤੇ ਦਿਨ 21 ਨਵੰਬਰ ਨੂੰ ਪੰਜਾਬ ਪੁਲਿਸ ਅੰਮ੍ਰਿਤਪਾਲ ਸਿੰਘ ਨੂੰ ਅੰਮ੍ਰਿਤਸਰ ਹਵਾਈ ਅੱਡੇ ਤੋਂ ਬੁਲੇਟਪਰੂਫ ਗੱਡੀ ‘ਚ ਉਨ੍ਹਾਂ ਦੇ ਜੱਦੀ ਪਿੰਡ ਜੱਲੂਪੁਰ ਖੇੜਾ ਲੈ ਕੇ ਪਹੁੰਚੀ ਸੀ। ਜਿੱਥੇ ਸਭ ਤੋਂ ਪਹਿਲਾਂ ਉਨ੍ਹਾਂ ਨੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਆਪਣੀ ਦਾਦੀ ਦੇ ਅੰਤਿਮ ਦਰਸ਼ਨ ਕੀਤੇ। ਉਨ੍ਹਾਂ ਨੇ ਪਰਿਵਾਰ ਨਾਲ ਲਗਭਗ ਇੱਕ ਘੰਟਾ ਬਿਤਾਇਆ। ਜਿਸ ਤੋਂ ਬਾਅਦ ਪਰਿਵਾਰ ਮਾਤਾ ਚਰਨ ਕੌਰ ਦੀ ਮ੍ਰਿਤਕ ਦੇਹ ਨੂੰ ਟਰਾਲੀ ‘ਚ ਲੈ ਕੇ ਸਸਕਾਰ ਵਾਲੀ ਥਾਂ ‘ਤੇ ਪਹੁੰਚਿਆ। ਅੰਮ੍ਰਿਤਪਾਲ ਵੀ ਖੁਦ ਪਰਿਵਾਰ ਨਾਲ ਟਰਾਲੀ ‘ਚ ਸਵਾਰ ਹੋ ਕੇ ਸਸਕਾਰ ਵਾਲੀ ਥਾਂ ‘ਤੇ ਗਏ। ਜਿਸ ਤੋਂ ਬਾਅਦ ਉਹ ਸਸਕਾਰ ‘ਚ ਸ਼ਾਮਿਲ ਹੋ ਕੇ ਹੁਣ ਮੁੜ ਜੇਲ੍ਹ ‘ਚ ਪਹੁੰਚ ਗਏ ਹਨ।























