ਪੰਜਾਬ ‘ਚ ਨਗਰ ਨਿਗਮ ਚੋਣਾਂ ਦਾ ਹੋਇਆ ਐਲਾਨ
– 13 ਮਈ ਤੋਂ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ; ਜਾਣੋ ਕਦੋ ਹੋਵੇਗੀ ਵੋਟਿੰਗ?
ਚੰਡੀਗੜ੍ਹ, 11 ਮਈ 2026 (ਵਿਸ਼ਵ ਵਾਰਤਾ)– ਪੰਜਾਬ ਵਿੱਚ ਨਗਰ ਨਿਗਮ ਚੋਣਾਂ ਦਾ ਐਲਾਨ ਹੋ ਗਿਆ ਹੈ। ਨਾਮਜ਼ਦਗੀ ਦੀ ਪ੍ਰਕਿਰਿਆ 13 ਮਈ ਤੋਂ ਸ਼ੁਰੂ ਹੋ ਕੇ 16 ਮਈ ਤੱਕ ਚੱਲੇਗੀ। ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਣਗੇ। 26 ਮਈ ਨੂੰ ਵੋਟਾਂ ਪੈਣਗੀਆਂ, ਜਦੋਂ ਕਿ 29 ਮਈ ਨੂੰ ਨਤੀਜੇ ਆਉਣਗੇ।
ਚੋਣ ਕਮਿਸ਼ਨਰ ਡਾ. ਰਾਜ ਕਮਲ ਚੌਧਰੀ ਨੇ ਕਿਹਾ ਕਿ 18 ਮਈ ਨੂੰ ਕਾਗਜ਼ਾਂ ਦੀ ਪੜਤਾਲ ਕੀਤੀ ਜਾਵੇਗੀ। ਸਾਰੇ ਉਮੀਦਵਾਰਾਂ ਨੂੰ ਉਸ ਦਿਨ ਚੋਣ ਦਫ਼ਤਰ ਜਾਣ ਦੀ ਇਜਾਜ਼ਤ ਹੋਵੇਗੀ। ਇਸ ਦੌਰਾਨ ਉਹ ਰਿਟਰਨਿੰਗ ਅਫ਼ਸਰ ਦੇ ਸਾਹਮਣੇ ਆਪਣੇ ਇਤਰਾਜ਼ ਰੱਖ ਸਕਣਗੇ। ਜੇਕਰ ਇਸ ਦੌਰਾਨ ਕਿਸੇ ਦਾ ਫਾਰਮ ਰੱਦ ਹੋ ਜਾਂਦਾ ਹੈ, ਤਾਂ ਉਸ ਬਾਰੇ ਜਾਣਕਾਰੀ ਦਿੱਤੀ ਜਾਵੇਗੀ। 19 ਮਈ ਨਾਮਜ਼ਦਗੀ ਵਾਪਸ ਲੈਣ ਦਾ ਆਖਰੀ ਮੌਕਾ ਹੋਵੇਗਾ।
ਉਨ੍ਹਾਂ ਦੱਸਿਆ ਕਿ 8 ਨਗਰ ਨਿਗਮਾਂ ਵਿੱਚ ਚੋਣਾਂ ਹੋਣਗੀਆਂ। ਇਨ੍ਹਾਂ ਵਿੱਚ ਮੋਹਾਲੀ, ਬਠਿੰਡਾ, ਅਬੋਹਰ, ਬਰਨਾਲਾ, ਕਪੂਰਥਲਾ, ਮੋਗਾ, ਬਟਾਲਾ ਅਤੇ ਪਠਾਨਕੋਟ ਸ਼ਾਮਲ ਹਨ। ਇਸ ਤੋਂ ਇਲਾਵਾ 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਵਿੱਚ ਵੀ ਚੋਣਾਂ ਕਰਵਾਈਆਂ ਜਾਣਗੀਆਂ। ਕੁੱਲ 3,977 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਸਾਰੀਆਂ ਚੋਣਾਂ ਸ਼ਹਿਰੀ ਖੇਤਰਾਂ ਵਿੱਚ ਹੋਣਗੀਆਂ। ਅੱਜ ਤੋਂ ਹੀ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























