Punjab ‘ਚ ਮਿਉਂਸਪਲ ਚੋਣਾਂ ਅੱਜ, ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਪੈਣਗੀਆਂ ਵੋਟਾਂ
– ਕੁੱਲ 7555 ਉਮੀਦਵਾਰ ਚੋਣ ਮੈਦਾਨ ‘ਚ
ਚੰਡੀਗੜ੍ਹ, 26 ਮਈ (ਵਿਸ਼ਵ ਵਾਰਤਾ) – ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਘੋਸ਼ਿਤ ਕੀਤੇ ਗਏ ਪ੍ਰੋਗਰਾਮ ਅਨੁਸਾਰ ਅੱਜ 26 ਮਈ ਨੂੰ ਪੰਜਾਬ ਰਾਜ ਵਿੱਚ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਚੋਣਾਂ-2026 ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਚੋਣਾਂ ਲਈ ਅੱਜ ਸਵੇਰੇ 8 ਵਜੇ ਤੋਂ ਵੋਟਿੰਗ ਸ਼ੁਰੂ ਹੋ ਜਾਵੇਗੀ ਅਤੇ ਇਹ ਵੋਟਿੰਗ ਅੱਜ ਸ਼ਾਮ 05:00 ਵਜੇ ਤੱਕ ਜਾਰੀ ਰਹੇਗੀ। ਵੋਟਾਂ ਲਈ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।
ਰਾਜ ਚੋਣ ਕਮਿਸ਼ਨ, ਪੰਜਾਬ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ‘ਚਹੋ ਰਹੀਆਂ ਮਿਉਂਸਪਲ ਆਮ ਚੋਣਾਂ, 2026 ਲਈ ਕੁੱਲ 7555 ਉਮੀਦਵਾਰ ਚੋਣ ਮੈਦਾਨ ‘ਚ ਹਨ। ਦੱਸਣਯੋਗ ਹੈ ਕਿ ਇਨ੍ਹਾਂ ਚੋਣਾਂ ਲਈ ਆਮ ਆਦਮੀ ਪਾਰਟੀ (ਆਪ) ਦੇ 1801 ਉਮੀਦਵਾਰ, ਇੰਡੀਅਨ ਨੈਸ਼ਨਲ ਕਾਂਗਰਸ ਦੇ 1550 ਉਮੀਦਵਾਰ, ਭਾਰਤੀ ਜਨਤਾ ਪਾਰਟੀ (ਭਾਜਪਾ) ਦੇ 1316 ਉਮੀਦਵਾਰ, ਸ਼੍ਰੋਮਣੀ ਅਕਾਲੀ ਦਲ ਦੇ 1251 ਉਮੀਦਵਾਰ, ਬਹੁਜਨ ਸਮਾਜ ਪਾਰਟੀ (ਬਸਪਾ) ਦੇ 96 ਉਮੀਦਵਾਰ, 1528 ਆਜ਼ਾਦ ਉਮੀਦਵਾਰ ਅਤੇ 13 ਹੋਰ ਉਮੀਦਵਾਰ ਚੋਣ ਲੜਨਗੇ।
ਦੱਸਣਯੋਗ ਹੈ ਕਿ ਇਸ ਵਾਰ ਨਿਗਮ ਚੋਣਾਂ ਈਵੀਐਮ ਦੀ ਬਜਾਏ ਬੈਲਟ ਪੇਪਰ ਰਾਹੀਂ ਕਰਵਾਈਆਂ ਜਾ ਰਹੀਆਂ ਹਨ। 26 ਮਈ ਨੂੰ ਸਾਰੀਆਂ ਸੀਟਾਂ ‘ਤੇ ਵੋਟਾਂ ਪੈਣਗੀਆਂ ਅਤੇ 29 ਮਈ ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜੇ ਐਲਾਨੇ ਜਾਣਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























