Punjab: ਸਿੱਖਿਆ ਕ੍ਰਾਂਤੀ ਦੀ ਨਵੀਂ ਉਡਾਣ: ਜੰਡ ਸਾਹਿਬ ਦੇ ਸਰਕਾਰੀ ਸਕੂਲ ਨੂੰ ਮਿਲੀ ਅਤਿ-ਆਧੁਨਿਕ ਸਾਇੰਸ ਲੈਬ ਦੀ ਸੌਗਾਤ
– ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੰਡ ਸਾਹਿਬ ਵਿਖੇ ਕੀਤਾ ਨਵੀਂ ਸਾਇੰਸ ਲੈਬ ਦਾ ਉਦਘਾਟਨ
ਫ਼ਰੀਦਕੋਟ, 14 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਸਰਕਾਰ ਦੀ ਮਹੱਤਵਪੂਰਨ ਪਹਿਲਕਦਮੀ ‘ਸਿੱਖਿਆ ਕ੍ਰਾਂਤੀ’ ਤਹਿਤ ਸਰਕਾਰੀ ਸਕੂਲਾਂ ਨੂੰ ਆਧੁਨਿਕ ਸਿੱਖਿਆ ਸਹੂਲਤਾਂ ਨਾਲ ਲੈਸ ਕਰਨ ਦੀ ਲੜੀ ਨੂੰ ਅੱਗੇ ਵਧਾਉਂਦਿਆਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੰਡ ਸਾਹਿਬ ਵਿਖੇ ਨਵੀਂ ਉਸਾਰੀ ਗਈ ਅਤਿ-ਆਧੁਨਿਕ ਸਾਇੰਸ ਲੈਬ ਦਾ ਉਦਘਾਟਨ ਹਲਕਾ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਕੀਤਾ ਗਿਆ।
ਇਸ ਮੌਕੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਆਪਣੇ ਸੰਬੋਧਨ ਵਿੱਚ ਪੰਜਾਬ ਸਰਕਾਰ ਵੱਲੋਂ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਸਿੱਖਿਆ ਦੇ ਖੇਤਰ ਵਿੱਚ ਕੀਤੇ ਗਏ ਸੁਧਾਰਾਂ ਅਤੇ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ, ਆਧੁਨਿਕ ਲੈਬਾਂ, ਡਿਜੀਟਲ ਸਿੱਖਿਆ, ਸਮਾਰਟ ਕਲਾਸਰੂਮਾਂ ਅਤੇ ਅਧਿਆਪਕਾਂ ਦੀ ਸਮਰੱਥਾ ਵਧਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਲਗਭਗ 870 ਵਿਦਿਆਰਥੀਆਂ ਨੇ ਜੇ.ਈ.ਈ ਅਤੇ ਨੀਟ ਵਰਗੀਆਂ ਦੇਸ਼ ਦੀਆਂ ਵੱਕਾਰੀ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸਫ਼ਲਤਾ ਹਾਸਲ ਕਰਕੇ ਇਹ ਸਾਬਤ ਕੀਤਾ ਹੈ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੀ ਉੱਚੇ ਮੁਕਾਮ ਹਾਸਲ ਕਰਨ ਦੀ ਸਮਰੱਥਾ ਰੱਖਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਮਿਹਨਤ, ਲਗਨ ਅਤੇ ਵਿਗਿਆਨਕ ਸੋਚ ਅਪਣਾਉਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਆਧੁਨਿਕ ਸਹੂਲਤਾਂ ਦਾ ਅਸਲ ਲਾਭ ਤਾਂ ਹੀ ਹੈ, ਜਦੋਂ ਵਿਦਿਆਰਥੀ ਇਨ੍ਹਾਂ ਦੀ ਵਰਤੋਂ ਕਰਕੇ ਆਪਣੇ ਗਿਆਨ ਅਤੇ ਹੁਨਰ ਵਿੱਚ ਵਾਧਾ ਕਰਨ।
ਉਨ੍ਹਾਂ ਕਿਹਾ ਕਿ ਇਹ ਸਾਇੰਸ ਲੈਬ ਆਧੁਨਿਕ ਤਕਨੀਕ ਅਤੇ ਵਿਗਿਆਨਕ ਸਿੱਖਿਆ ਦਾ ਸ਼ਾਨਦਾਰ ਸੁਮੇਲ ਹੈ। ਇਸ ਵਿੱਚ 3ਡੀ ਇੰਟਰਐਕਟਿਵ ਪੈਨਲ, ਸਮਾਰਟ ਬੋਰਡ ਅਤੇ ਵਿਦਿਆਰਥੀਆਂ ਦੇ ਪ੍ਰੈਕਟੀਕਲ ਕੰਮ ਲਈ ਲੋੜੀਂਦੇ ਅਤਿ-ਆਧੁਨਿਕ ਵਿਗਿਆਨਕ ਉਪਕਰਨ ਅਤੇ ਪ੍ਰਯੋਗਸ਼ਾਲਾ ਸਮੱਗਰੀ ਉਪਲਬਧ ਕਰਵਾਈ ਗਈ ਹੈ। ਇਸ ਤੋਂ ਇਲਾਵਾ ਵਿਗਿਆਨਕ ਉਪਕਰਨਾਂ ਦੀ ਸੁਰੱਖਿਅਤ ਸੰਭਾਲ ਲਈ ਵੱਖਰਾ ਸਟੋਰ ਰੂਮ ਅਤੇ ਸਾਇੰਸ ਅਧਿਆਪਕ ਲਈ ਵਿਸ਼ੇਸ਼ ਕਮਰਾ ਵੀ ਤਿਆਰ ਕੀਤਾ ਗਿਆ ਹੈ।
ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਮਨਿੰਦਰ ਕੌਰ ਨੇ ਮੁੱਖ ਮਹਿਮਾਨ ਅਤੇ ਸਮੂਹ ਪਤਵੰਤਿਆਂ ਦਾ ਨਿੱਘਾ ਸਵਾਗਤ ਕਰਦਿਆਂ ਸਕੂਲ ਦੀਆਂ ਪਿਛਲੇ ਦੋ ਸਾਲਾਂ ਦੀਆਂ ਜ਼ਿਲ੍ਹਾ ਅਤੇ ਰਾਜ ਪੱਧਰੀ ਅਕਾਦਮਿਕ, ਸਹਿ-ਅਕਾਦਮਿਕ ਅਤੇ ਖੇਡ ਪ੍ਰਾਪਤੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਸਕੂਲ ਦਾ ਸਮੁੱਚਾ ਸਟਾਫ਼ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ, ਗੁਣਾਤਮਕ ਸਿੱਖਿਆ ਅਤੇ ਉਨ੍ਹਾਂ ਅੰਦਰ ਨਵੀਆਂ ਸੰਭਾਵਨਾਵਾਂ ਪੈਦਾ ਕਰਨ ਲਈ ਪੂਰੀ ਤਨਦੇਹੀ ਨਾਲ ਕਾਰਜਸ਼ੀਲ ਹੈ।ਉਨ੍ਹਾਂ ਇਸ ਮੌਕੇ ਸਕੂਲ ਦੇ ਬਹੁਮੰਤਵੀ ਹਾਲ ਦੀ ਵੱਡੇ ਪੱਧਰ ‘ਤੇ ਮੁਰੰਮਤ ਕਰਵਾਉਣ ਦੀ ਲੋੜ ਵੱਲ ਵਿਧਾਇਕ ਸ.ਗੁਰਦਿੱਤ ਸਿੰਘ ਸੇਖੋਂ ਦਾ ਵਿਸ਼ੇਸ਼ ਧਿਆਨ ਦਿਵਾਇਆ ਅਤੇ ਇਸ ਨੂੰ ਵਿਦਿਆਰਥੀਆਂ ਦੀਆਂ ਸੱਭਿਆਚਾਰਕ, ਸਾਹਿਤਕ, ਖੇਡ ਅਤੇ ਹੋਰ ਸਿਰਜਣਾਤਮਕ ਗਤੀਵਿਧੀਆਂ ਲਈ ਹੋਰ ਵਧੀਆ ਬਣਾਉਣ ਵਾਸਤੇ ਸਹਿਯੋਗ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਦੇ ਦਿਸ਼ਾ-ਨਿਰਦੇਸ਼ਾਂ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਸ੍ਰੀਮਤੀ ਅੰਜਨਾ ਕੌਸ਼ਲ ਦੀ ਅਗਵਾਈ ਅਤੇ ਸੁਚੱਜੇ ਮਾਰਗਦਰਸ਼ਨ ਸਦਕਾ ਸਾਕਾਰ ਹੋਇਆ।
ਅੰਤ ਵਿੱਚ ਸਕੂਲ ਇੰਚਾਰਜ ਸ੍ਰੀਮਤੀ ਹਰਪ੍ਰੀਤ ਕੌਰ ਨੇ ਮੁੱਖ ਮਹਿਮਾਨ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ, ਉਨ੍ਹਾਂ ਦੀ ਸਮੁੱਚੀ ਟੀਮ, ਜ਼ਿਲ੍ਹਾ ਸਿੱਖਿਆ ਅਫ਼ਸਰ, ਸਕੂਲ ਪ੍ਰਬੰਧਕਾਂ, ਅਧਿਆਪਕਾਂ ਅਤੇ ਸਮੂਹ ਸਹਿਯੋਗੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੀਆਂ ਆਧੁਨਿਕ ਸਹੂਲਤਾਂ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਦੀ ਉਸਾਰੀ ਵਿੱਚ ਮੀਲ ਪੱਥਰ ਸਾਬਤ ਹੋਣਗੀਆਂ।ਇਹ ਅਤਿ-ਆਧੁਨਿਕ ਸਾਇੰਸ ਲੈਬ ਕੇਵਲ ਇੱਕ ਨਵੀਂ ਇਮਾਰਤੀ ਸਹੂਲਤ ਨਹੀਂ, ਸਗੋਂ ਵਿਦਿਆਰਥੀਆਂ ਅੰਦਰ ਵਿਗਿਆਨਕ ਦ੍ਰਿਸ਼ਟੀਕੋਣ, ਪ੍ਰਯੋਗਾਤਮਕ ਸਿੱਖਿਆ, ਨਵੀਨਤਮ ਖੋਜ ਅਤੇ ਨਵੀਆਂ ਕਾਢਾਂ ਦੀ ਭਾਵਨਾ ਵਿਕਸਿਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ।























