Punjab ‘ਚ ਨਵੀ ਸਿਆਸੀ ਪਾਰਟੀ ਦਾ ਐਲਾਨ
- ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਰੱਖਿਆ ਨਾਂਅ
ਸ੍ਰੀ ਮੁਕਤਸਰ ਸਾਹਿਬ,14 ਜਨਵਰੀ: ਸ੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ ਪੰਥ ਬਚਾਓ, ਪੰਜਾਬ ਬਚਾਓ ਰੈਲੀ ‘ਚ ਪੰਜਾਬ ਦੀ ਖਡੂਰ ਸਾਹਿਬ ਸੀਟ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਪਾਰਟੀ ਦਾ ਨਾਂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਰੱਖਿਆ ਗਿਆ ਹੈ। ਇਸ ਦਾ ਐਲਾਨ ਅੱਜ ਮਾਘੀ ਦੇ ਪਵਿੱਤਰ ਦਿਹਾੜੇ ਦੌਰਾਨ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਪਾਰਟੀ ਦੇ ਪ੍ਰਧਾਨ ਹੋਣਗੇ। ਫਿਲਹਾਲ ਪਾਰਟੀ ਨੂੰ ਚਲਾਉਣ ਲਈ ਕਮੇਟੀ ਵੀ ਬਣਾਈ ਗਈ ਹੈ।
ਇਸ ਦੌਰਾਨ ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਖਾਲਸਾ ਅਤੇ ਫਰੀਦਕੋਟ ਤੋਂ ਸਾਂਸਦ ਸਰਬਜੀਤ ਸਿੰਘ ਵੀ ਮੌਜੂਦ ਸਨ। ਪਾਰਟੀ ਆਗੂ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਦੱਸਿਆ ਕਿ ਪਾਰਟੀ ਲਈ 3 ਨਾਂ ਚੋਣ ਕਮਿਸ਼ਨ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚ ਇਸ ਨਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਦੱਸ ਦਈਏ ਕਿ ਬੀਤੇ ਦਿਨੀ ਫਰੀਦਕੋਟ ਦੇ ਸਾਂਸਦ ਸਰਬਜੀਤ ਸਿੰਘ ਖਾਲਸਾ ਨੇ ਕਿਹਾ ਸੀ ਕਿ “ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵੱਲੋਂ ਬਣਾਈ ਜਾਣ ਵਾਲੀ ਨਵੀਂ ਖੇਤਰੀ ਪਾਰਟੀ ਦਾ ਨਾਂ ਅਕਾਲੀ ਦਲ (ਸ੍ਰੀ ਆਨੰਦਪੁਰ ਸਾਹਿਬ) ਹੋਵੇਗਾ। ਮਾਘੀ ਮੌਕੇ ਪੰਥ ਬਚਾਓ, ਪੰਜਾਬ ਬਚਾਓ ਰੈਲੀ ਕੀਤੀ ਜਾਵੇਗੀ।”
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/