Punjab News: 450 ਸਾਲਾ ਸ਼ਤਾਬਦੀ ਮੌਕੇ ਦਲ ਬਾਬਾ ਬਿਧੀ ਚੰਦ ਸੰਪ੍ਰਦਾ ਵੱਲੋਂ ਲਗਾਏ ਗਏ ਲੰਗਰਾਂ ਦੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਮਾਪਤੀ
ਜੈਤੋ,20 ਸਤੰਬਰ( ਰਘੂਨੰਦਨ ਪਰਾਸ਼ਰ ):ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਮੌਕੇ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸੰਗਤ ਦੀ ਵੱਡੀ ਆਮਦ ਦੇ ਮੱਦੇਨਜ਼ਰ ਵੱਖ-ਵੱਖ ਸਿੱਖ ਜਥੇਬੰਦੀਆਂ, ਸੰਪ੍ਰਦਾਵਾਂ ਅਤੇ ਸੰਗਤਾਂ ਵੱਲੋਂ ਲੰਗਰ ਲਗਾਏ ਗਏ ਸਨ। ਦਲ ਬਾਬਾ ਬਿਧੀ ਚੰਦ ਸੰਪ੍ਰਦਾ ਵੱਲੋਂ 1 ਸਤੰਬਰ ਤੋਂ ਲਗਾਏ ਗਏ ਲੰਗਰਾਂ ਦੀ ਸਮਾਪਤੀ ਅੱਜ ਸ਼ੁਕਰਾਨੇ ਵਜੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੀਤੀ ਗਈ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਬਾਬਾ ਅਵਤਾਰ ਸਿੰਘ ਸੁਰਸਿੰਘ, ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਰਾਜਦੀਪ ਸਿੰਘ, ਗਿਆਨੀ ਬਲਜੀਤ ਸਿੰਘ, ਗਿਆਨੀ ਗੁਰਮਿੰਦਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਬਚਨ ਸਿੰਘ ਕਰਮੂੰਵਾਲਾ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ। ਇਸ ਮੌਕੇ ਦਲ ਬਾਬਾ ਬਿਧੀ ਚੰਦ ਸੰਪ੍ਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਭਾਈ ਰਾਜਿੰਦਰ ਸਿੰਘ ਮਹਿਤਾ, ਸ. ਗੁਰਬਚਨ ਸਿੰਘ ਕਰਮੂੰਵਾਲਾ ਸਮੇਤ ਹੋਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸਿੱਖ ਇਤਿਹਾਸ ਅੰਦਰ ਲੰਗਰ ਦੀ ਵੱਡੀ ਮਹੱਤਤਾ ਹੈ। ਗੁਰੂ ਸਾਹਿਬਾਨ ਨੇ ਪੰਗਤ ਤੇ ਸੰਗਤ ਦਾ ਸਿਧਾਂਤ ਦੇ ਕੇ ਊਚ-ਨੀਚ ਤੇ ਜਾਤ-ਪਾਤ ਦੇ ਭਿੰਨ ਭੇਦ ਨੂੰ ਦੂਰ ਕੀਤਾ। ਉਨ੍ਹਾਂ ਸ਼ਤਾਬਦੀ ਸਮਾਗਮਾਂ ਮੌਕੇ ਲੰਗਰਾਂ ਦੀ ਸੇਵਾ ਕਰਨ ਵਾਲੀਆਂ ਸਮੂਹ ਜਥੇਬੰਦੀਆਂ ਵੱਲੋਂ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਧੰਨਵਾਦ ਵੀ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਗਿਆਨੀ ਪ੍ਰੇਮ ਸਿੰਘ, ਬਾਬਾ ਨਾਹਰ ਸਿੰਘ ਸਾਧ ਜੀ, ਬਾਬਾ ਨਿਹਾਲ ਸਿੰਘ, ਬਾਬਾ ਅਵਤਾਰ ਸਿੰਘ ਭੈਲ, ਬਾਬਾ ਗੁਰਮੀਤ ਸਿੰਘ ਸੁਰਸਿੰਘ, ਬਾਬਾ ਚਰਨਜੀਤ ਸਿੰਘ, ਬਾਬਾ ਪ੍ਰੇਮ ਸਿੰਘ, ਮੈਨੇਜਰ ਸ. ਗੁਰਾ ਸਿੰਘ ਆਦਿ ਹਾਜ਼ਰ ਸਨ।