Punjab News: ਮਾਨ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਮਾਨ-ਸਨਮਾਨ ਲਈ ਵਚਨਬੱਧ: ਮੋਹਿੰਦਰ ਭਗਤ
ਕੈਬਨਿਟ ਮੰਤਰੀ ਨੇ ਭਲਾਈ ਸਕੀਮਾਂ ਦੀ ਕੀਤੀ ਸਮੀਖਿਆ, ਅਧਿਕਾਰੀਆਂ ਨੂੰ ਪਹਿਲਕਦਮੀਆਂ ਵਿੱਚ ਤੇਜ਼ੀ ਲਿਆਉਣ ਦੇ ਦਿੱਤੇ ਹੁਕਮ
ਚੰਡੀਗੜ੍ਹ, 12 ਮਾਰਚ (ਵਿਸ਼ਵ ਵਾਰਤਾ):- ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਬਣਦਾ ਮਾਣ-ਸਨਮਾਨ ਯਕੀਨੀ ਬਣਾਉਣ ਪ੍ਰਤੀ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਦਾ ਪ੍ਰਗਟਾਵਾ ਕਰਦਿਆਂ ਆਜ਼ਾਦੀ ਘੁਲਾਟੀਆਂ ਬਾਰੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਉਨ੍ਹਾਂ ਦੀ ਭਲਾਈ ਸਬੰਧੀ ਪਹਿਲਕਦਮੀਆਂ ਅਤੇ ਭਵਿੱਖੀ ਯੋਜਨਾਵਾਂ ਦੀ ਸਮੀਖਿਆ ਕਰਨ ਲਈ ਸੀਨੀਅਰ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੇ ਸਨਮਾਨ ਅਤੇ ਹਿੱਤਾਂ ਦੀ ਰਾਖੀ ਲਈ ਸਮਰਪਿਤ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰੀ ਦਫ਼ਤਰਾਂ ਵਿੱਚ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਪਹਿਲ ਦੇ ਆਧਾਰ ‘ਤੇ ਯਕੀਨੀ ਬਣਾਇਆ ਜਾਵੇ।
ਮੀਟਿੰਗ ਦੌਰਾਨ ਆਜ਼ਾਦੀ ਘੁਲਾਟੀਆਂ ਬਾਰੇ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਰਾਜੀ ਪੀ. ਸ੍ਰੀਵਾਸਤਵ ਨੇ ਵੱਖ-ਵੱਖ ਭਲਾਈ ਸਕੀਮਾਂ ਬਾਰੇ ਮੰਤਰੀ ਨੂੰ ਜਾਣੂ ਕਰਵਾਇਆ। ਮੀਟਿੰਗ ਦੌਰਾਨ ਜਨਤਕ ਸਮਾਗਮਾਂ ਵਿੱਚ ਆਜ਼ਾਦੀ ਘੁਲਾਟੀਆਂ ਦਾ ਸਨਮਾਨ ਕਰਨ ਅਤੇ ਉਨ੍ਹਾਂ ਦੀ ਬਰਸੀ ‘ਤੇ ਸ਼ਰਧਾਂਜਲੀ ਭੇਟ ਕਰਨ ਲਈ ਇੱਕ ਰਸਮੀ ਪ੍ਰੋਟੋਕੋਲ ਸਥਾਪਤ ਕਰਨ ‘ਤੇ ਵੀ ਚਰਚਾ ਕੀਤੀ ਗਈ।
ਮੰਤਰੀ ਨੇ ਅਧਿਕਾਰੀਆਂ ਨੂੰ ਇਨ੍ਹਾਂ ਪਹਿਲਕਦਮੀਆਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਯੋਗ ਪਰਿਵਾਰਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਸਰਕਾਰੀ ਸਕੀਮਾਂ ਦਾ ਲਾਭ ਮਿਲ ਸਕੇ।
ਇਸ ਮੌਕੇ ਆਜ਼ਾਦੀ ਘੁਲਾਟੀਆਂ ਵਿਭਾਗ ਦੇ ਸਕੱਤਰ ਗਗਨਦੀਪ ਸਿੰਘ ਬਰਾੜ, ਸੰਯੁਕਤ ਸਕੱਤਰ ਲਵਜੀਤ ਕਲਸੀ, ਸੁਪਰਡੈਂਟ ਸੁਮਨ ਲਤਾ ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।