ਬਰਖ਼ਾਸਤ ਕਾਂਸਟੇਬਲ ਅਮਨਦੀਪ ਕੌਰ ਦੀ ਜਾਇਦਾਦ ਫ੍ਰੀਜ਼ ਦੇ ਹੁਕਮ

ਚੰਡੀਗੜ੍ਹ, 26 ਮਈ (ਵਿਸ਼ਵ ਵਾਰਤਾ) : ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਇੱਕ ਵਾਰ ਫਿਰ ਕਾਨੂੰਨੀ ਵਿਵਾਦ ਵਿੱਚ ਘਿਰ ਗਈ ਹੈ। ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ਜ਼ੀਰੋ-ਸਹਿਣਸ਼ੀਲਤਾ ਨੀਤੀ ਅਨੁਸਾਰ ਪੰਜਾਬ ਪੁਲਿਸ ਦੀ ਬਰਖ਼ਾਸਤ ਮਹਿਲਾ ਸੀਨੀਅਰ ਸਿਪਾਹੀ ਅਮਨਦੀਪ ਕੌਰ ਨੂੰ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਅੱਜ ਗ੍ਰਿਫ਼ਤਾਰ ਕੀਤਾ ਗਿਆ। ਹੁਣ ਖਬਰ ਸਾਹਮਣੇ ਆਈ ਹੈ ਕਿ ਅਮਨਦੀਪ ਕੌਰ ਦੀ ਚੱਲ-ਅਚੱਲ ਜਾਇਦਾਦ ਨੂੰ ਜ਼ਬਤ ਕਰਨ ਦੇ ਹੁਕਮ ਜਾਰੀ ਹੋਏ ਹਨ, ਜਿਸ ਤੋਂ ਬਾਅਦ ਬਠਿੰਡਾ ਪੁਲਿਸ ਵਲੋਂ ਇਸ ਸੰਬੰਧੀ ਉਸ ਦੀ ਸੰਬੰਧਿਤ ਜਾਇਦਾਦ ਉਪਰ ਬਕਾਇਦਾ ਨੋਟਿਸ ਲਗਾਏ ਜਾਣਗੇ।
ਦੱਸ ਦੇਈਏ ਕਿ ਅਮਨਦੀਪ ਕੌਰ ਨੂੰ ਕੁਝ ਦਿਨ ਪਹਿਲਾਂ ਚਿੱਟਾ ਤਸਕਰੀ ਦੇ ਇੱਕ ਮਾਮਲੇ ਵਿੱਚ ਜ਼ਮਾਨਤ ‘ਤੇ ਰਿਹਾਅ ਕੀਤਾ ਗਿਆ ਸੀ। ਆਪਣੀ ਰਿਹਾਈ ਤੋਂ ਬਾਅਦ, ਇੱਕ ਨਿੱਜੀ ਨਿਊਜ਼ ਚੈਨਲ ਨੂੰ ਦਿੱਤੇ ਇੱਕ ਇੰਟਰਵਿਊ ਵਿੱਚ, ਉਸਨੇ ਝੂਠੀ ਰਿਪੋਰਟ ਦਰਜ ਕਰਨ ਦਾ ਦੋਸ਼ ਲਗਾਇਆ ਸੀ। ਉਸਨੇ ਇਹ ਵੀ ਦਾਅਵਾ ਕੀਤਾ ਕਿ ਉਸਦੀ ਸਾਰੀ ਜਾਇਦਾਦ ਉਸਦੀ ਜਾਇਜ਼ ਕਮਾਈ ਤੋਂ ਬਣਾਈ ਗਈ ਹੈ।
ਵਿਜੀਲੈਂਸ ਬਿਊਰੇ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜਾਂਚ ਤੋਂ ਬਾਅਦ ਮੁਲਜ਼ਮ ਅਮਨਦੀਪ ਕੌਰ ਖ਼ਿਲਾਫ਼ ਬਠਿੰਡਾ ਰੇਂਜ ਦੇ ਪੁਲਿਸ ਥਾਣਾ ਵਿਜੀਲੈਂਸ ਬਿਊਰੋ ਵਿਖੇ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਗਿਆ ਹੈ। ਇਸ ਜਾਂਚ ਦੌਰਾਨ ਉਕਤ ਮੁਲਜ਼ਮ ਦੀ ਤਨਖਾਹ, ਬੈਂਕ ਖਾਤਿਆਂ ਅਤੇ ਕਰਜ਼ੇ ਦੇ ਰਿਕਾਰਡ ਦੇ ਨਾਲ ਨਾਲ ਉਸ ਵੱਲੋਂ ਸਾਲ 2018 ਅਤੇ 2025 ਦਰਮਿਆਨ ਬਣਾਈਆਂ ਗਈਆਂ ਚੱਲ ਅਤੇ ਅਚੱਲ ਜਾਇਦਾਦਾਂ ਦੇ ਵੇਰਵਿਆਂ ਦੀ ਜਾਂਚ ਕੀਤੀ ਗਈ। ਜਾਂਚ ਤੋਂ ਪਤਾ ਲੱਗਾ ਹੈ ਕਿ ਅਮਨਦੀਪ ਕੌਰ ਦੀ ਕੁੱਲ ਆਮਦਨ 1 ਕਰੋੜ 8 ਲੱਖ ਰੁਪਏ ਹੈ, ਜਦੋਂ ਕਿ ਉਸਦਾ ਖਰਚ 1 ਕਰੋੜ 39 ਲੱਖ ਰੁਪਏ ਹੈ। ਫਿਲਹਾਲ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























