Punjab: ਪਟਿਆਲਾ-ਬਾਘਾਪੁਰਾਣਾ-ਧਰਮਕੋਟ ਮਿਉਂਸਿਪਲ ਚੋਣਾਂ: 257 ਉਮੀਦਵਾਰ ਮੈਦਾਨ ‘ਚ
– 28 ਨਵੰਬਰ ਨੂੰ ਪੈਣਗੀਆਂ ਵੋਟਾਂ
ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਵਿੱਚ ਨਗਰ ਨਿਗਮ ਪਟਿਆਲਾ ਦੇ 30, ਨਗਰ ਕੌਂਸਲ ਬਾਘਾਪੁਰਾਣਾ ਦੇ 15 ਅਤੇ ਧਰਮਕੋਟ ਦੇ 7 ਵਾਰਡਾਂ ’ਤੇ 28 ਨਵੰਬਰ ਨੂੰ ਮੁੜ ਤੋਂ ਹੋਣ ਵਾਲੀਆਂ ਚੋਣਾਂ ਲਈ ਕੁੱਲ 257 ਉਮੀਦਵਾਰ ਮੈਦਾਨ ‘ਚ ਹਨ। ਕੁੱਲ 52 ਵਾਰਡਾਂ ਵਿੱਚ 54 ਜਣਿਆਂ ਨੇ ਨਾਮਜ਼ਦਗੀ ਪੱਤਰ ਵਾਪਸ ਲੈ ਲਏ ਹਨ। ਨਗਰ ਨਿਗਮ ਪਟਿਆਲਾ ਦੇ 30 ਵਾਰਡਾਂ ਲਈ 165 ਉਮੀਦਵਾਰ, ਨਗਰ ਕੌਂਸਲ ਬਾਘਾਪੁਰਾਣਾ ਦੇ 15 ਵਾਰਡਾਂ ਲਈ 62 ਅਤੇ ਧਰਮਕੋਟ ਦੇ 7 ਵਾਰਡਾਂ ਲਈ 30 ਉਮੀਦਵਾਰ ਚੋਣ ਮੈਦਾਨ ਵਿੱਚ ਹਨ।
ਨਗਰ ਨਿਗਮ ਪਟਿਆਲਾ, ਨਗਰ ਕੌਂਸਲ ਬਾਘਾਪੁਰਾਣਾ ਅਤੇ ਧਰਮਕੋਟ ਦੇ ਕਿਸੇ ਵੀ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਰੱਦ ਨਹੀਂ ਕੀਤੇ ਗਏ। ਪਰ ਨਗਰ ਨਿਗਮ ਪਟਿਆਲਾ ਦੇ 36, ਨਗਰ ਕੌਂਸਲ ਬਾਘਾਪੁਰਾਣਾ ਦੇ 5 ਅਤੇ ਨਗਰ ਕੌਂਸਲ ਧਰਮਕੋਟ ਦੇ 13 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਵਾਪਸ ਲੈ ਲਏ ਹਨ। ਨਗਰ ਨਿਗਮ ਪਟਿਆਲਾ, ਨਗਰ ਕੌਂਸਲ ਬਾਘਾਪੁਰਾਣਾ ਤੇ ਧਰਮਕੋਟ ਲਈ ਵੋਟਿੰਗ 28 ਨਵੰਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ।
ਚੋਣ ਕਮਿਸ਼ਨ ਨੇ ਪਟਿਆਲਾ ਨਗਰ ਨਿਗਮ ਦੇ 30 ਵਾਰਡਾਂ ਦੀ ਚੋਣ ਲਈ 123 ਪੋਲਿੰਗ ਬੂਥ, ਬਾਘਾਪੁਰਾਣਾ ਨਗਰ ਕੌਂਸਲ ਦੇ 15 ਵਾਰਡਾਂ ਲਈ 20 ਪੋਲਿੰਗ ਬੂਥ ਅਤੇ ਧਰਮਕੋਟ ਨਗਰ ਕੌਂਸਲ ਦੇ 7 ਵਾਰਡਾਂ ਲਈ 7 ਪੋਲਿੰਗ ਬੂਥ ਬਣਾਏ ਗਏ ਹਨ। ਇਸ ਦੌਰਾਨ ਕੁੱਲ 1,76,429 ਵੋਟਰਾਂ ਵੱਲੋਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ ਜਾਵੇਗੀ, ਜਿਸ ਵਿੱਚ 91415 ਪੁਰਸ਼, 84999 ਮਹਿਲਾ ਵੋਟਰ ਹਿੱਸਾ ਲੈਣਗੇ।























