Punjab: ਅੱਜ ਪੰਜਾਬ ਆਉਣਗੇ ਦੇਸ਼ ਦੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ
ਚੰਡੀਗੜ੍ਹ, 6 ਅਕਤੂਬਰ (ਵਿਸ਼ਵ ਵਾਰਤਾ): ਭਾਰਤ ਦੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦੇ 6 ਅਕਤੂਬਰ ਨੂੰ ਪੰਜਾਬ ਦੌਰੇ ‘ਤੇ ਆ ਰਹੇ ਹਨ। ਦ੍ਰੌਪਦੀ ਮੁਰਮੂ ਦਸਮੇਸ਼ ਮਾਰਸ਼ਲ ਅਕੈਡਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਆਉਣਗੇ, ਇਸ ਉਪਰੰਤ ਮਾਤਾ ਸ੍ਰੀ ਨੈਣਾ ਦੇਵੀ ਮੰਦਿਰ, ਹਿਮਾਚਲ ਪ੍ਰਦੇਸ਼ ਵਿਖੇ ਨਤਮਸਤਕ ਹੋਣਗੇ।
ਉਨ੍ਹਾਂ ਦੇ ਦੌਰੇ ਨੂੰ ਲੈ ਕੇ ਰੂਪਨਗਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੁਰੱਖਿਆ ਪ੍ਰਬੰਧ ਮਜ਼ਬੂਤ ਕੀਤੇ ਗਏ ਹਨ। ਰਿਪੋਰਟਾਂ ਵਿੱਚ ਦੱਸਿਆ ਗਿਆ ਹੈ ਕਿ ਉਹ ਸ੍ਰੀ ਅਨੰਦਪੁਰ ਸਾਹਿਬ ਤੋਂ ਸੜਕ ਰਾਹੀਂ ਨੈਣਾ ਦੇਵੀ ਮੰਦਰ ਜਾਣਗੇ।
ਰਾਸ਼ਟਰਪਤੀ ਦੇ ਦੌਰੇ ਨੂੰ ਲੈ ਕੇ ਰੂਪਨਗਰ ਦੇ ਜ਼ਿਲ੍ਹਾ ਮੈਜਿਸਟਰੇਟ ਅਦਿੱਤਿਆ ਡੇਚਲਵਾਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਹੁਕਮ ਜਾਰੀ ਕਰਦਿਆਂ 6 ਅਕਤੂਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਸਬ-ਡਿਵੀਜ਼ਨ ਵਿੱਚ ਅਸਲਾ ਲੈ ਕੇ ਚੱਲਣ ’ਤੇ ਪੂਰਨ ਪਾਬੰਦੀ ਲਗਾਈ ਹੈ। ਇਹ ਹੁਕਮ ਰਾਸ਼ਟਰਪਤੀ ਦੇ ਦੌਰੇ ਦੌਰਾਨ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਲਾਗੂ ਕੀਤੇ ਗਏ ਹਨ। ਹੁਕਮਾਂ ਵਿੱਚ ਸੀਨੀਅਰ ਪੁਲਸ ਅਧਿਕਾਰੀਆਂ ਅਤੇ ਮਿਲਟਰੀ ਫੋਰਸ ਨੂੰ ਛੋਟ ਦਿੱਤੀ ਗਈ ਹੈ।
ਰਾਸ਼ਟਰਪਤੀ ਮੁਰਮੂ ਦੇ 6 ਤੋਂ 8 ਅਕਤੂਬਰ ਤੱਕ ਹਿਮਾਚਲ ਪ੍ਰਦੇਸ਼ ਦੌਰੇ ਦਾ ਵੀ ਪ੍ਰੋਗਰਾਮ ਦੱਸਿਆ ਗਿਆ ਹੈ। 6 ਅਕਤੂਬਰ ਨੂੰ ਉਹ ਬਿਲਾਸਪੁਰ ਜ਼ਿਲ੍ਹੇ ਦੇ ਮਾਤਾ ਸ੍ਰੀ ਨੈਣਾ ਦੇਵੀ ਮੰਦਰ ਵਿੱਚ ਮੱਥਾ ਟੇਕਣ ਤੋਂ ਬਾਅਦ ਏਮਜ਼ ਬਿਲਾਸਪੁਰ ਦੇ ਪਹਿਲੇ ਕਨਵੋਕੇਸ਼ਨ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















