Punjab : ਲੁਧਿਆਣਾ ਸੈਂਟਰਲ ਜੇਲ੍ਹ ‘ਚੋਂ ਕੈਦੀ ਫਰਾਰ
ਚੰਡੀਗੜ੍ਹ, 15 ਅਕਤੂਬਰ 2025 (ਵਿਸ਼ਵ ਵਾਰਤਾ) – ਲੁਧਿਆਣਾ ਦੇ ਤਾਜਪੁਰ ਰੋਡ ‘ਤੇ ਸਥਿਤ ਕੇਂਦਰੀ ਜੇਲ੍ਹ ‘ਚੋ ਬੀਤੀ ਰਾਤ ਇੱਕ ਕੈਦੀ ਫਰਾਰ ਹੋ ਗਿਆ। ਉਸਦੀ ਪਛਾਣ ਰਾਹੁਲ ਪੁੱਤਰ ਵਿਨੋਦ ਸ਼ਾਹ ਵਜੋਂ ਹੋਈ ਹੈ, ਜੋ ਮੂਲ ਰੂਪ ਵਿੱਚ ਗਾਜ਼ੀਆਬਾਦ, ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਹੈ। ਉਹ ਇਸ ਸਮੇਂ ਸੁੰਦਰ ਨਗਰ ਭਾਮੀਆਂ ਕਲਾਂ, ਲੁਧਿਆਣਾ ਵਿੱਚ ਰਹਿੰਦਾ ਸੀ। ਉਸਨੂੰ 25 ਜਨਵਰੀ, 2024 ਨੂੰ ਜਮਾਲਪੁਰ ਪੁਲਿਸ ਸਟੇਸ਼ਨ ਵਿੱਚ ਲੁੱਟ- ਖੋਹ ਦਾ ਮਾਮਲਾ ਦਰਜ ਹੋਣ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਸੀ। ਜੇਲ੍ਹ ਅਧਿਕਾਰੀਆਂ ਨੂੰ ਰਾਤ ਨੂੰ ਕੈਦੀ ਦੇ ਲਾਪਤਾ ਹੋਣ ਬਾਰੇ ਪਤਾ ਲੱਗਾ, ਜਿਸ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਵਿੱਚ ਹੜਕੰਪ ਮਚ ਗਿਆ।
ਕੈਦੀ ਦੇ ਫਰਾਰ ਹੋਣ ਤੋਂ ਬਾਅਦ ਪੁਲਿਸ ਨੇ ਵੱਖ-ਵੱਖ ਥਾਵਾਂ ‘ਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਤੇ ਪ੍ਰਸ਼ਾਸਨ ਫਰਾਰ ਕੈਦੀ ਨੂੰ ਫੜਨ ਲਈ ਲਗਾਤਾਰ ਯਤਨ ਕਰ ਰਹੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ 16 ਅਪ੍ਰੈਲ, 2024 ਨੂੰ ਵੀ ਪੁਲਿਸ ਜਦ ਉਸਨੂੰ ਇੱਕ ਸਰਕਾਰੀ ਬੱਸ ਵਿੱਚ ਅਦਾਲਤ ਲੈ ਕੇ ਆਈ ਸੀ। ਉਸ ਸਮੇ ਵੀ ਰਾਹੁਲ ਅਦਾਲਤ ਵਿੱਚੋਂ ਫਰਾਰ ਹੋ ਗਿਆ ਸੀ। ਉਸਦੇ ਖਿਲਾਫ ਪੁਲਿਸ ਸਟੇਸ਼ਨ ਡਿਵੀਜ਼ਨ ਨੰਬਰ ਪੰਜ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ, ਅਤੇ ਉਸਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























