Punjab ਰਾਹੁਲ ਗਾਂਧੀ ਨੂੰ ਸਿਰੋਪਾਓ ਦੇਣ ਦਾ ਮਾਮਲਾ; SGPC ਵਲੋਂ ਵੱਡੀ ਕਾਰਵਾਈ
ਅੰਮ੍ਰਿਤਸਰ, 17 ਸਤੰਬਰ (ਵਿਸ਼ਵ ਵਾਰਤਾ): ਪੰਜਾਬ (Punjab) ਦੌਰੇ ਦੌਰਾਨ ਰਾਹੁਲ ਗਾਂਧੀ ਨੂੰ ਸਿਰੋਪਾਓ ਦੇਣ ਦੇ ਮਾਮਲੇ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਖ਼ਤ ਐਕਸ਼ਨ ਲੈਂਦਿਆਂ ਗੁਰਦੁਆਰਾ ਸਾਹਿਬ ਦੇ ਕਈ ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ।
ਬੀਤੀ 15 ਸਤੰਬਰ ਨੂੰ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਅੰਮ੍ਰਿਤਸਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਸੀ। ਇਸ ਦੌਰੇ ਦੌਰਾਨ, ਉਹ ਬਾਬਾ ਬੁੱਢਾ ਸਾਹਿਬ ਗੁਰਦੁਆਰੇ (ਰਮਦਾਸ ਵਿਖੇ) ਵੀ ਗਏ, ਜਿੱਥੇ ਪ੍ਰਬੰਧਕਾਂ ਨੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਸਿਰੋਪਾ ਦੇਣ ਤੋਂ ਬਾਅਦ ਸਿੱਖ ਜਗਤ ਵਿਵਾਦ ਖੜ੍ਹਾ ਹੋ ਗਿਆ ਅਤੇ ਕਈ ਸਿੱਖ ਜਥੇਬੰਦੀਆਂ ਨੇ ਸ਼੍ਰੋਮਣੀ ਕਮੇਟੀ ਅੱਗੇ ਆਪਣਾ ਇਤਰਾਜ਼ ਦਰਜ ਕਰਵਾਇਆ। ਇਸ ਘਟਨਾ ਦਾ ਤੁਰੰਤ ਨੋਟਿਸ ਲੈਂਦੇ ਹੋਏ ਸ਼੍ਰੋਮਣੀ ਕਮੇਟੀ ਨੇ ਇੱਕ ਜਾਂਚ ਕਮੇਟੀ ਦਾ ਗਠਨ ਕੀਤਾ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਹੁਲ ਗਾਂਧੀ ਨੂੰ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਰਮਦਾਸ ਵਿਖੇ ਸਿਰੋਪਾ ਦੇਣ ਦੇ ਮਾਮਲੇ ਵਿਚ ਕਿਹਾ ਸੀ ਕਿ ਬੀਤੇ ਵਿਚ ਅੰਤ੍ਰਿੰਗ ਕਮੇਟੀ ਵੱਲੋਂ ਕੀਤੇ ਫੈਸਲੇ ਮੁਤਾਬਕ ਗੁਰਦੁਆਰਾ ਸਾਹਿਬਾਨ ਦੇ ਦਰਬਾਰ ਅੰਦਰ ਖ਼ਾਸ ਸ਼ਖ਼ਸੀਅਤਾਂ ਨੂੰ ਸਿਰੋਪਾ ਦੇਣ ਉੱਤੇ ਪਾਬੰਦੀ ਹੈ। ਗੁਰੂ ਦਰਬਾਰ ਵਿਚ ਕੇਵਲ ਧਾਰਮਿਕ ਸ਼ਖ਼ਸੀਅਤਾਂ, ਰਾਗੀ ਸਿੰਘਾਂ ਤੇ ਸਿੱਖ ਮਹਾਂਪੁਰਖਾਂ ਨੂੰ ਇਹ ਸਨਮਾਨ ਦੇਣ ਤੱਕ ਹੀ ਸੀਮਤ ਕੀਤਾ ਹੋਇਆ ਹੈ। ਗੁਰਦੁਆਰਾ ਬਾਬਾ ਬੁੱਢਾ ਸਾਹਿਬ ਰਮਦਾਸ ਦੀ ਘਟਨਾ ਸਬੰਧੀ ਪੜਤਾਲ ਕਰਵਾਈ ਜਾ ਰਹੀ ਹੈ। ਭਲਕ ਤੱਕ ਇਸ ਦੀ ਮੁਕੰਮਲ ਰਿਪੋਰਟ ਲਈ ਜਾਵੇਗੀ। ਜੇਕਰ ਕੋਈ ਦੋਸ਼ੀ ਪਾਇਆ ਗਿਆ ਤਾਂ ਕਾਰਵਾਈ ਜਰੂਰ ਹੋਵੇਗੀ। ਉਨ੍ਹਾਂ ਕਿਹਾ ਕਿ ਸਿੱਖਾਂ ਦੀ ਨਸਲਕੁਸ਼ੀ ਦੀ ਦੋਸ਼ੀ ਕਾਂਗਰਸ ਦੇ ਆਗੂ ਅਤੇ ਗਾਂਧੀ ਪਰਿਵਾਰ ਦੇ ਮੈਂਬਰ ਰਾਹੁਲ ਗਾਂਧੀ ਨੂੰ ਗੁਰਦੁਆਰਾ ਸਾਹਿਬ ਤੋਂ ਸਿਰੋਪਾ ਤਾਂ ਕਿਸੇ ਵੀ ਤਰ੍ਹਾਂ ਪ੍ਰਵਾਨ ਨਹੀਂ ਕੀਤਾ ਜਾ ਸਕਦਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























