Punjab: ਇਸ ਪਾਰਟੀ ‘ਚ ਸ਼ਾਮਿਲ ਹੋਣਗੇ ਰਣਜੀਤ ਸਿੰਘ ਗਿੱਲ!
– ਖਰੜ ਦੀ ਰਾਜਨੀਤੀ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ

ਚੰਡੀਗੜ੍ਹ, 19 ਜੁਲਾਈ (ਵਿਸ਼ਵ ਵਾਰਤਾ): ਖਰੜ (Punjab) ਦੀ ਰਾਜਨੀਤੀ ‘ਚ ਵੱਡੀ ਤਬਦੀਲੀ ਵੇਖਣ ਨੂੰ ਮਿਲੀ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਰਣਜੀਤ ਸਿੰਘ ਗਿੱਲ ਨੇ ਬੀਤੇ ਦਿਨ ਪਾਰਟੀ ਦੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ। ਰਣਜੀਤ ਸਿੰਘ ਗਿੱਲ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਆਪਣਾ ਅਸਤੀਫਾ ਸੌਂਪਿਆ। ਪਾਰਟੀ ਪ੍ਰਧਾਨ ਨੂੰ ਸੌਂਪੇ ਅਸਤੀਫੇ ਵਿਚ ਉਨ੍ਹਾਂ ਲਿਖਿਆ ਕਿ ‘‘ਮੈਂ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ, ਸਾਰੇ ਅਹੁਦਿਆਂ ਅਤੇ ਜ਼ਿੰਮੇਵਾਰੀਆਂ ਤੋਂ ਅਸਤੀਫਾ ਦੇ ਰਿਹਾ ਹਾਂ।”

ਰਣਜੀਤ ਸਿੰਘ ਗਿੱਲ ਵੱਲੋਂ ਫਿਲਹਾਲ ਕਿਸੇ ਨਵੀਂ ਪਾਰਟੀ ‘ਚ ਸ਼ਾਮਲ ਹੋਣ ਬਾਰੇ ਕੋਈ ਅਧਿਕਾਰਕ ਐਲਾਨ ਨਹੀਂ ਕੀਤਾ ਗਿਆ ਹੈ ਪਰ ਸੂਤਰਾਂ ਦੇ ਹਵਾਲੇ ਤੋਂ ਇਹ ਜਾਣਕਾਰੀ ਸਾਹਮਣੇ ਆਈ ਹੈ ਕਿ ਰਣਜੀਤ ਗਿੱਲ ਜਦ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋ ਸਕਦੇ ਹਨ ।
ਦੱਸ ਦਈਏ ਕਿ ਰਣਜੀਤ ਸਿੰਘ ਗਿੱਲ ਨੇ 2017 ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ‘ਚ ਅਕਾਲੀ ਦਲ ਦੀ ਟਿਕਟ ‘ਤੇ ਖਰੜ ਤੋਂ ਚੋਣ ਲੜੀ ਸੀ, ਪਰ ਦੋਨੋਂ ਵਾਰ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ‘ਆਪ’ ਦੀ ਅਨਮੋਲ ਗਗਨ ਮਾਨ ਖਰੜ ਸੀਟ ਤੋਂ ਅਕਾਲੀ ਦਲ ਦੇ ਰਣਜੀਤ ਸਿੰਘ ਗਿੱਲ ਨੂੰ 37,718 ਵੋਟਾਂ ਨਾਲ ਹਰਾ ਕੇ ਵਿਧਾਇਕ ਬਣੀ। ਅੱਜ ‘ਆਪ’ ਵਿਧਾਇਕਾ ਅਨਮੋਲ ਗਗਨ ਮਾਨ ਨੇ ਸਿਆਸਤ ਛੱਡਣ ਦਾ ਐਲਾਨ ਕਰ ਦਿੱਤਾ ਅਤੇ ਉਨਾਂ ਨੇ ਵਿਧਾਇਕ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਜੇਕਰ ਅਨਮੋਲ ਗਗਨ ਮਾਨ ਦਾ ਅਸਤੀਫਾ ਮਨਜ਼ੂਰ ਹੋ ਜਾਂਦਾ ਹੈ ਤਾਂ ਖਰੜ ਵਿਧਾਨ ਸਭਾ ਸੀਟ ‘ਤੇ ਵੀ ਉਪ ਚੋਣ ਹੋਵੇਗੀ। ਇਸ ਦੌਰਾਨ ਇਹ ਵੀ ਕਿਆਸਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਆਮ ਆਦਮੀ ਪਾਰਟੀ ਰਣਜੀਤ ਸਿੰਘ ਗਿੱਲ ਨੂੰ ਪਾਰਟੀ ਉਮੀਦਵਾਰ ਵਜੋਂ ਚੋਣ ਮੈਦਾਨ ‘ਚ ਉਤਾਰ ਸਕਦੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























