Punjab: ਅਕਾਲੀ ਦਲ ਦਾ ਬਾਗੀ ਧੜਾ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਕਰੇਗਾ ਮੁਲਾਕਾਤ!
ਚੰਡੀਗੜ੍ਹ,13 ਜਨਵਰੀ : ਸ਼੍ਰੋਮਣੀ ਅਕਾਲੀ ਦਲ ਦੇ ਬਾਗ਼ੀ ਆਗੂਆਂ ਵੱਲੋਂ ਇਕ ਵਾਰ ਫਿਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਦੀ ਮੰਗ ਕੀਤੀ ਹੈ। ਬਾਗ਼ੀ ਧੜੇ ਨੇ ਸ਼੍ਰੋਮਣੀ ਅਕਾਲੀ ਦਲ ‘ਤੇ ਪਾਰਟੀ ਦੇ ਪੁਨਰਗਠਨ ਲਈ ਇੱਕ ਸਮਾਨਾਂਤਰ ਪੈਨਲ ਬਣਾ ਕੇ ਅਕਾਲ ਤਖ਼ਤ ਦੇ ਧਾਰਮਿਕ ਅਧਿਕਾਰ ਨੂੰ ਕਮਜ਼ੋਰ ਕਰਨ ਦਾ ਇਲਜ਼ਾਮ ਲਗਾਇਆ ਹੈ।
ਗੁਰਪ੍ਰਤਾਪ ਸਿੰਘ ਵਡਾਲਾ ਨੇ ਦੋਸ਼ ਲਾਇਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਹੁਣ ਤੱਕ ਇਹ ਦਾਅਵਾ ਕੀਤਾ ਹੈ ਕਿ ਪਾਰਟੀ ਇੱਕ ਧਰਮ ਨਿਰਪੱਖ ਪਾਰਟੀ ਵਜੋਂ ਚੋਣ ਕਮਿਸ਼ਨ ਕੋਲ ਰਜਿਸਟਰਡ ਹੈ ਅਤੇ ਉਹ ਕਿਸੇ ਵੀ ਧਾਰਮਿਕ ਸੰਸਥਾ ਤੋਂ ਨਿਰਦੇਸ਼ ਨਹੀਂ ਲੈ ਸਕਦੀ। ਵਡਾਲਾ ਦਾ ਕਹਿਣਾ ਹੈ ਕਿ ਇਹ ਬੇਹੱਦ ਨਿਰਾਸ਼ਾਜਨਕ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਮੌਜੂਦਾ ਲੀਡਰਸ਼ਿਪ ਨੇ ਸਿੱਖ ਪੰਥ ਨਾਲ ਧੋਖਾ ਕੀਤਾ ਹੈ ਅਤੇ ਅਕਾਲ ਤਖ਼ਤ ਦੀ ਸਰਵਉੱਚਤਾ ਨੂੰ ਕਮਜ਼ੋਰ ਕੀਤਾ ਹੈ। ਪਾਰਟੀ ਦੀ ਮੈਂਬਰਸ਼ਿਪ ਮੁਹਿੰਮ ਨੂੰ ਚਲਾਉਣ ਲਈ ਸਮਾਨੰਤਰ ਕਮੇਟੀ ਦਾ ਗਠਨ ਕੀਤਾ ਗਿਆ ਸੀ, ਜਦਕਿ ਜਥੇਦਾਰ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਅਕਾਲ ਤਖ਼ਤ ਵੱਲੋਂ ਗਠਿਤ ਪੈਨਲ ਹੀ ਬਰਕਰਾਰ ਰਹੇਗਾ। ਅਸੀਂ ਜਥੇਦਾਰ ਨੂੰ ਮਿਲਣ ਅਤੇ ਪੈਨਲ ਦੀ ਸਥਿਤੀ ਸਪੱਸ਼ਟ ਕਰਨ ਲਈ ਸਮਾਂ ਮੰਗ ਰਹੇ ਹਾਂ।
ਦੱਸ ਦਈਏ ਕਿ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਬੀਤੇ ਦਿਨੀ ਕਿਹਾ ਸੀ ਕਿ ਅਕਾਲੀ ਦਲ ਪਾਰਟੀ ਨੇ ਅਜੇ ਤੱਕ ਪੰਜ ਸਿੰਘ ਸਹਿਬਾਨਾਂ ਵੱਲੋਂ 2 ਦਸੰਬਰ ਨੂੰ ਦਿੱਤੇ ਗਏ ਹੁਕਮ ਨੂੰ ਪੂਰੀ ਤਰ੍ਹਾਂ ਲਾਗੂ ਨਹੀਂ ਕੀਤਾ ਹੈ। ਇਸ ਹੁਕਮ ਵਿੱਚ ਅਕਾਲ ਤਖ਼ਤ ਵੱਲੋਂ ਬਣਾਏ ਗਏ ਸੱਤ ਮੈਂਬਰੀ ਪੈਨਲ ਤਹਿਤ ਪਾਰਟੀ ਨੂੰ ਪੁਨਰਗਠਿਤ ਕਰਨ ਦੀ ਗੱਲ ਕਹੀ ਗਈ ਸੀ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/