Punjab : ਵੱਡੀ ਰਾਹਤ: 1158 ਸਹਾਇਕ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਨੂੰ ਸੁਪਰੀਮ ਕੋਰਟ ਵੱਲੋਂ ਸੇਵਾਵਾਂ ਜਾਰੀ ਰੱਖਣ ਦੀ ਮਨਜ਼ੂਰੀ
ਚੰਡੀਗੜ੍ਹ, 18 ਅਗਸਤ 2025 : ਪੰਜਾਬ (Punjab) ਸਰਕਾਰ ਨੂੰ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀਆਂ ਨਿਯੁਕਤੀਆਂ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਸਰਕਾਰ ਦੀ ਉਸ ਬੇਨਤੀ ਨੂੰ ਸਵੀਕਾਰ ਕਰ ਲਿਆ ਜਿਸ ਵਿੱਚ ਨਵੀਂ ਭਰਤੀ ਹੋਣ ਤੱਕ ਇਨ੍ਹਾਂ ਅਸਾਮੀਆਂ ‘ਤੇ ਨਿਯੁਕਤੀ ਜਾਰੀ ਰੱਖਣ ਦੀ ਇਜਾਜ਼ਤ ਮੰਗੀ ਗਈ ਸੀ

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਹ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸਾਂਝੀ ਕੀਤੀ ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਨਾਲ ਸਰਕਾਰੀ ਕਾਲਜਾਂ ਵਿੱਚ ਵਿਦਿਆਰਥੀਆਂ ਲਈ ਸਿੱਖਿਆ ਦੀ ਨਿਰੰਤਰਤਾ ਯਕੀਨੀ ਬਣੇਗੀ। ਇਸ ਦੇ ਨਾਲ ਹੀ, ਪੰਜਾਬ ਸਰਕਾਰ 1158 ਭਰਤੀਆਂ ਨੂੰ ਬਚਾਉਣ ਲਈ ਸਮੀਖਿਆ ਪਟੀਸ਼ਨ ਦਾਇਰ ਕਰਨ ਦੀ ਪ੍ਰਕਿਰਿਆ ਵਿੱਚ ਹੈ ਅਤੇ ਆਪਣਾ ਪੱਖ ਮਜ਼ਬੂਤੀ ਨਾਲ ਪੇਸ਼ ਕਰੇਗੀ।

ਦੱਸ ਦਈਏ ਕਿ ਬੀਤੀ 24 ਜੁਲਾਈ ਨੂੰ ਸੁਪਰੀਮ ਕੋਰਟ ਨੇ 1158 ਸਹਾਇਕ ਪ੍ਰੋਫੈਸਰਾਂ ਦੀ ਭਰਤੀ ਰੱਦ ਕਰ ਦਿੱਤੀ ਸੀ। ਇਹ ਪ੍ਰੋਫੈਸਰ ਸਾਲਾਂ ਤੋਂ ਵੱਖ-ਵੱਖ ਸੰਸਥਾਵਾਂ ਵਿੱਚ ਪੜ੍ਹਾ ਰਹੇ ਸਨ, ਪਰ ਜਿੱਥੇ ਇਹ ਹੁਕਮ ਉਨ੍ਹਾਂ ਦੇ ਕਰੀਅਰ ਨੂੰ ਪ੍ਰਭਾਵਿਤ ਕਰ ਰਿਹਾ ਸੀ, ਉੱਥੇ ਸਰਕਾਰ ਨੂੰ ਵੀ ਇਸ ਗੱਲ ਦੀ ਚਿੰਤਾ ਸੀ ਕਿ ਬੱਚਿਆਂ ਦੀ ਪੜ੍ਹਾਈ ਕਿਵੇਂ ਜਾਰੀ ਰਹੇਗੀ। ਜਿਸ ‘ਤੇ ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ਵਿੱਚ ਮੰਗ ਕੀਤੀ ਗਈ ਸੀ ਕਿ ਇਨ੍ਹਾਂ ਅਧਿਆਪਕਾਂ ਨੂੰ ਨਵੀਂ ਭਰਤੀ ਪ੍ਰਕਿਰਿਆ ਪੂਰੀ ਹੋਣ ਤੱਕ ਪੜ੍ਹਾਉਣ ਦੀ ਇਜਾਜ਼ਤ ਦਿੱਤੀ ਜਾਵੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























