Punjab: ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਸੁਰੱਖਿਆ ਦੇ ਹੋਣਗੇ ਪੁਖਤਾ ਪ੍ਰਬੰਧ: ਪੁਲਿਸ
– ਦੇਸ਼-ਵਿਦੇਸ਼ ਤੋਂ ਆਉਣ ਵਾਲੀ ਸੰਗਤ ਦੀ ਸੁਰੱਖਿਆ ਅਤੇ ਸਹੂਲਤਾਂ ਦਾ ਰੱਖਿਆ ਜਾਵੇਗਾ ਵਿਸ਼ੇਸ਼ ਧਿਆਨ
– ਨਸ਼ਾ ਤਸਕਰਾਂ ਤੇ ਸ਼ਰਾਰਤੀ ਅਨਸਰਾਂ ’ਤੇ ਰਹੇਗੀ ਪੁਲਿਸ ਦੀ ਤਿੱਖੀ ਨਜ਼ਰ
ਸੁਲਤਾਨਪੁਰ ਲੋਧੀ, 22 ਨਵੰਬਰ 2026 (ਵਿਸ਼ਵ ਵਾਰਤਾ): ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਗੁਰੂ ਨਗਰੀ ਸੁਲਤਾਨਪੁਰ ਲੋਧੀ ਵਿਖੇ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਨਤਮਸਤਕ ਹੋਣ ਲਈ ਪਹੁੰਚਣ ਵਾਲੀ ਸੰਗਤ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ। ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ਅਮਨ-ਸ਼ਾਂਤੀ ਬਣਾਈ ਰੱਖਣ ਅਤੇ ਸੰਗਤ ਨੂੰ ਸੁਚਾਰੂ ਢੰਗ ਨਾਲ ਗੁਰੂ ਘਰਾਂ ਦੇ ਦਰਸ਼ਨ ਕਰਵਾਉਣ ਲਈ ਸੁਰੱਖਿਆ ਪ੍ਰਬੰਧਾਂ ਦੀ ਰੂਪ-ਰੇਖਾ ਤਿਆਰ ਕੀਤੀ ਜਾ ਰਹੀ ਹੈ।
ਇਸ ਸਬੰਧੀ ਗੱਲਬਾਤ ਕਰਦਿਆਂ ਪੁਲਿਸ ਅਧਿਕਾਰੀ ਦਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਮੌਕੇ ਪੁਲਿਸ ਵੱਲੋਂ ਹਰ ਪੱਖੋਂ ਚੌਕਸੀ ਵਰਤੀ ਜਾਵੇਗੀ ਅਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਯਕੀਨੀ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਅਤੇ ਸ਼ਰਾਰਤੀ ਅਨਸਰਾਂ ’ਤੇ ਪੁਲਿਸ ਦੀ ਵਿਸ਼ੇਸ਼ ਨਜ਼ਰ ਰਹੇਗੀ। ਕਿਸੇ ਵੀ ਵਿਅਕਤੀ ਨੂੰ ਸ਼ਹਿਰ ਦਾ ਮਾਹੌਲ ਖਰਾਬ ਕਰਨ ਜਾਂ ਅਮਨ-ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਪ੍ਰਕਾਸ਼ ਪੁਰਬ ਦੌਰਾਨ ਸੰਗਤ ਦੀ ਵੱਡੀ ਆਮਦ ਨੂੰ ਦੇਖਦਿਆਂ ਸ਼ਹਿਰ ਵਿੱਚ ਟਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਲਈ ਵੀ ਵਿਸ਼ੇਸ਼ ਯੋਜਨਾ ਉਲੀਕੀ ਜਾ ਰਹੀ ਹੈ। ਇਸ ਦਾ ਮਕਸਦ ਸਥਾਨਕ ਵਸਨੀਕਾਂ ਦੇ ਨਾਲ-ਨਾਲ ਬਾਹਰੋਂ ਆਉਣ ਵਾਲੀਆਂ ਸੰਗਤਾਂ ਨੂੰ ਆਵਾਜਾਈ ਸਬੰਧੀ ਕਿਸੇ ਕਿਸਮ ਦੀ ਪ੍ਰੇਸ਼ਾਨੀ ਤੋਂ ਬਚਾਉਣਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸ਼ਹਿਰ ਦੀ ਟਰੈਫਿਕ ਸਮੱਸਿਆ ਦੇ ਸਥਾਈ ਹੱਲ ਲਈ ਵੀ ਯਤਨ ਕੀਤੇ ਜਾਣਗੇ।
ਪੁਲਿਸ ਅਧਿਕਾਰੀ ਦਵਿੰਦਰ ਪਾਲ ਸਿੰਘ ਨੇ ਦੇਸ਼-ਵਿਦੇਸ਼ ਤੋਂ ਗੁਰੂ ਨਗਰੀ ਸੁਲਤਾਨਪੁਰ ਲੋਧੀ ਪਹੁੰਚਣ ਵਾਲੀਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਚਿੰਤਾ ਦੇ ਇਤਿਹਾਸਕ ਗੁਰਧਾਮਾਂ ਵਿਖੇ ਨਤਮਸਤਕ ਹੋਣ ਲਈ ਪਹੁੰਚਣ। ਉਨ੍ਹਾਂ ਭਰੋਸਾ ਦਿਵਾਇਆ ਕਿ ਸੰਗਤ ਦੀ ਸੁਰੱਖਿਆ ਅਤੇ ਸਹੂਲਤ ਪੁਲਿਸ ਦੀ ਮੁੱਖ ਤਰਜੀਹ ਰਹੇਗੀ ਅਤੇ ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।























