Punjab: ਕੌਮੀ ਇਨਸਾਫ਼ ਮੋਰਚਾ ਵੱਲੋਂ ਰਾਜਪਾਲ ਭਵਨ ਤੱਕ ਰੋਸ ਮਾਰਚ ਅੱਜ
ਚੰਡੀਗੜ੍ਹ, 15 ਅਗਸਤ (ਵਿਸ਼ਵ ਵਾਰਤਾ): ਕੌਮੀ ਇਨਸਾਫ਼ ਮੋਰਚਾ ਵੱਲੋਂ ਅੱਜ ਹਰ ਹਾਲ ਵਿੱਚ ਗਵਰਨਰ ਹਾਊਸ ਤੱਕ ਪਹੁੰਚ ਕੇ ਰੋਸ ਪ੍ਰਦਰਸ਼ਨ ਕਰਨ ਦੀ ਕਾਲ ਦਿੱਤੀ ਗਈ ਹੈ। ਮੋਰਚੇ ਦੇ ਆਗੂਆਂ ਵੱਲੋਂ ਵੱਡੀ ਗਿਣਤੀ ਵਿੱਚ ਸਮਰਥਕਾਂ ਨੂੰ ਇਕੱਠੇ ਹੋਣ ਦੀ ਅਪੀਲ ਕੀਤੀ ਗਈ ਹੈ। ਦੱਸ ਦਈਏ ਕਿ ਕੌਮੀ ਇਨਸਾਫ਼ ਮੋਰਚਾ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਪਿਛਲੇ ਕਾਫੀ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ।
ਕੌਮੀ ਇਨਸਾਫ਼ ਮੋਰਚਾ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ, ਭਾਈ ਜਗਤਾਰ ਸਿੰਘ ਹਵਾਰਾ, ਭਾਈ ਜਗਤਾਰ ਸਿੰਘ ਤਾਰਾ, ਭਾਈ ਪਰਮਜੀਤ ਸਿੰਘ ਭਿਓਰਾ, ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਅਤੇ ਭਾਈ ਗੁਰਦੀਪ ਸਿੰਘ ਖੈੜਾ ਸਮੇਤ ਕਈ ਸਿੰਘ ਲੰਮਾ ਸਮਾਂ ਜੇਲ੍ਹਾਂ ਵਿੱਚ ਬਿਤਾ ਚੁੱਕੇ ਹਨ ਦੀ ਰਿਹਾਈ ਦੀ ਮੰਗ ਕੀਤੀ ਜਾ ਰਹੀ ਹੈ।
ਪਿਛਲੀ ਵਾਰ ਹੋਏ ਪ੍ਰਦਰਸ਼ਨ ਤੋਂ ਸਬਕ ਲੈਂਦਿਆਂ ਪ੍ਰਸ਼ਾਸਨ ਨੇ ਇਸ ਵਾਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ। ਪ੍ਰਸ਼ਾਸਨ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਪ੍ਰਦਰਸ਼ਨਕਾਰੀਆਂ ਨੂੰ ਕਿਸੇ ਵੀ ਕੀਮਤ ’ਤੇ ਸ਼ਹਿਰ ਦੀ ਹੱਦ ਅੰਦਰ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ। ਪ੍ਰਦਰਸ਼ਨ ਦੇ ਮੱਦੇਨਜ਼ਰ ਸ਼ਹਿਰ ਦੇ ਬਾਹਰੀ ਇਲਾਕਿਆਂ ਅਤੇ ਮੁੱਖ ਮਾਰਗਾਂ ’ਤੇ ਪੁਲਿਸ ਦੀ ਤਾਇਨਾਤੀ ਵਧਾ ਦਿੱਤੀ ਗਈ ਹੈ। ਪ੍ਰਸ਼ਾਸਨ ਵੱਲੋਂ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਸੁਰੱਖਿਆ ਪ੍ਰਬੰਧਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ।
ਅੱਜ ਕੌਮੀ ਇਨਸਾਫ਼ ਮੋਰਚੇ ਦੇ ਪ੍ਰਦਰਸ਼ਨ ਅਤੇ ਪ੍ਰਸ਼ਾਸਨ ਵੱਲੋਂ ਕੀਤੇ ਗਏ ਸਖ਼ਤ ਸੁਰੱਖਿਆ ਪ੍ਰਬੰਧਾਂ ਕਾਰਨ ਸ਼ਹਿਰ ਵਿੱਚ ਤਣਾਅਪੂਰਨ ਮਾਹੌਲ ਬਣਨ ਦੇ ਆਸਾਰ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























