Punjab: ਬੇਅਦਬੀ ਕਾਨੂੰਨ ਲਈ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ: ਕਮੇਟੀ ’ਚ ਸ਼ਾਮਲ ਕੀਤੇ ਜਾਣ ’ਤੇ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ
ਚੰਡੀਗੜ੍ਹ, 17 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਪਾਲਣਾ ਹਿਤ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਸਬੰਧੀ ਤਾਲਮੇਲ ਵਾਸਤੇ ਅੱਜ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਹ ਸੱਤ ਮੈਂਬਰੀ ਕਮੇਟੀ ਬੇਅਦਬੀ ਵਿਰੁੱਧ (ਸੋਧ) ਐਕਟ ਦੇ ਮਾਮਲਿਆਂ ਸਬੰਧ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਕਮੇਟੀ ਨਾਲ ਤਾਲਮੇਲ ਕਰੇਗੀ। ਸਰਕਾਰ ਵੱਲੋਂ ਗਠਿਤ ਕਮੇਟੀ ਵਿੱਚ ਧਾਰਮਿਕ, ਨਿਆਂਇਕ ਅਤੇ ਪ੍ਰਸ਼ਾਸਨਿਕ ਪਿਛੋਕੜ ਵਾਲੀਆਂ ਸ਼ਖ਼ਸੀਅਤਾਂ ਨੂੰ ਸ਼ਾਮਲ ਕੀਤਾ ਗਿਆ ਹੈ। ਪੰਜਾਬ ਦੇ ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਆਲੋਕ ਸ਼ੇਖਰ ਵੱਲੋਂ ਇਸ ਕਮੇਟੀ ਦੇ ਗਠਨ ਬਾਰੇ ਹੁਕਮ ਜਾਰੀ ਕੀਤੇ ਗਏ ਹਨ।
ਇਸ ਕਮੇਟੀ ‘ਚ ਚੁਣੇ ਜਾਣ ‘ਤੇ ਗਿਆਨੀ ਰਘਬੀਰ ਸਿੰਘ ਦਾ ਵੀ ਬਿਆਨ ਸਾਹਮਣੇ ਆਇਆ ਹੈ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਕਮੇਟੀ ਦਾ ਮੈਂਬਰ ਬਣਾਏ ਜਾਣ ਬਾਰੇ ਜਾਣਕਾਰੀ ਸੋਸ਼ਲ ਮੀਡੀਆ ਰਾਹੀਂ ਮਿਲੀ ਹੈ। ਉਨ੍ਹਾਂ ਮੁਤਾਬਕ ਅਜੇ ਤੱਕ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਇਸ ਸਬੰਧੀ ਕੋਈ ਅਧਿਕਾਰਤ ਪੱਤਰ ਪ੍ਰਾਪਤ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਅਧਿਕਾਰਤ ਤੌਰ ’ਤੇ ਕੋਈ ਜ਼ਿੰਮੇਵਾਰੀ ਦਿੱਤੀ ਜਾਂਦੀ ਹੈ ਤਾਂ ਉਹ ਇਸ ਜ਼ਿੰਮੇਵਾਰੀ ਨੂੰ ਜ਼ਰੂਰ ਪੂਰਾ ਕਰਨਗੇ। ਗਿਆਨੀ ਰਘਬੀਰ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਤਾਲਮੇਲ ਕਮੇਟੀ ਬਣਾਏ ਜਾਣ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਉਠਾਈਆਂ ਗਈਆਂ ਚਿੰਤਾਵਾਂ ਅਤੇ ਇਤਰਾਜ਼ਾਂ ਨੂੰ ਦੂਰ ਕਰਨ ਲਈ ਆਪਸੀ ਤਾਲਮੇਲ ਜ਼ਰੂਰੀ ਹੈ।
ਦੱਸ ਦਈਏ ਕਿ ਇਸ 7 ਮੈਂਬਰੀ ਕਮੇਟੀ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਅਤੇ ਸੰਤ ਬਾਬਾ ਸੇਵਾ ਸਿੰਘ ਰਾਮਪੁਰ ਖੇੜਾ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸੇਵਾਮੁਕਤ ਜਸਟਿਸ ਜਸਪਾਲ ਸਿੰਘ, ਸੇਵਾਮੁਕਤ ਜਸਟਿਸ ਗੁਰਬੀਰ ਸਿੰਘ, ਸੇਵਾਮੁਕਤ ਆਈਪੀਐਸ ਅਧਿਕਾਰੀ ਅਤੇ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਜਤਿੰਦਰ ਸਿੰਘ ਔਲਖ ਅਤੇ ਕਾਨੂੰਨੀ ਅਧਿਕਾਰੀ ਪ੍ਰੀਤ ਇੰਦਰ ਪਾਲ ਸਿੰਘ ਵੀ ਕਮੇਟੀ ਦੇ ਮੈਂਬਰ ਹੋਣਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























