Punjab ਸੰਗਰੂਰ ਜੇਲ੍ਹ ਦੇ ਸੁਪਰਡੈਂਟ ਦਾ ਤਬਾਦਲਾ

ਸੰਗਰੂਰ, 4 ਅਗਸਤ 2025 (ਵਿਸ਼ਵ ਵਾਰਤਾ): ਪੰਜਾਬ (Punjab) ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਸੰਗਰੂਰ ਜੇਲ੍ਹ ਸੁਪਰਡੈਂਟ ਦਾ ਤਬਾਦਲਾ ਕਰ ਦਿੱਤਾ ਹੈ। ਹੁਣ ਉਨ੍ਹਾਂ ਦੀ ਜਗ੍ਹਾ ਰਮਨਦੀਪ ਸਿੰਘ ਭੰਗੂ ਨੂੰ ਸੰਗਰੂਰ ਜੇਲ੍ਹ ਦਾ ਨਵਾਂ ਸੁਪਰਡੈਂਟ ਨਿਯੁਕਤ ਕੀਤਾ ਗਿਆ ਹੈ।
ਦੱਸ ਦਈਏ ਕਿ ਬੀਤੇ ਸ਼ੁੱਕਰਵਾਰ ਰਾਤ ਨੂੰ ਸੰਗਰੂਰ ਕੇਂਦਰੀ ਜੇਲ੍ਹ ਵਿੱਚ ਇੱਕ ਕੈਦੀ ਗੁਰਵਿੰਦਰ ਸਿੰਘ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਸੀ ਜਿਸ ਤੋਂ ਬਾਅਦ ਇਹ ਮਾਮਲਾ ਗਰਮਾ ਗਿਆ। ਮ੍ਰਿਤਕ ਦਾ ਪੋਸਟਮਾਰਟਮ ਸ਼ਨੀਵਾਰ ਦੇਰ ਸ਼ਾਮ ਇੱਕ ਜੁਡੀਸ਼ੀਅਲ ਮੈਜਿਸਟਰੇਟ ਦੀ ਨਿਗਰਾਨੀ ਹੇਠ ਕੀਤਾ ਗਿਆ। ਮ੍ਰਿਤਕ ਦੇ ਪਿਤਾ ਜਗੀਰ ਸਿੰਘ ਅਤੇ ਹੋਰ ਰਿਸ਼ਤੇਦਾਰਾਂ ਦਾ ਕਹਿਣਾ ਹੈ ਕਿ ਗੁਰਵਿੰਦਰ ਸਿੰਘ ਖਾਲਿਸਤਾਨ ਸਮਰਥਕ ਸੀ ਅਤੇ ਉਸ ਵਿਰੁੱਧ ਯੂਏਪੀਏ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਉਹ ਪਿਛਲੇ ਸੱਤ ਸਾਲਾਂ ਤੋਂ ਜੇਲ੍ਹ ਵਿੱਚ ਸੀ ਅਤੇ ਉਸਦੀ ਜ਼ਮਾਨਤ ਦੀ ਸੁਣਵਾਈ 4 ਅਗਸਤ ਨੂੰ ਹਾਈ ਕੋਰਟ ਵਿੱਚ ਹੋਣੀ ਸੀ।
ਪਰਿਵਾਰ ਦਾ ਦੋਸ਼ ਹੈ ਕਿ ਜੇਲ੍ਹ ਪ੍ਰਸ਼ਾਸਨ ਉਸ ‘ਤੇ ਲਗਾਤਾਰ ਤਸ਼ੱਦਦ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਸ਼ਨੀਵਾਰ ਨੂੰ ਉਨ੍ਹਾਂ ਨੂੰ ਜੇਲ੍ਹ ਪ੍ਰਸ਼ਾਸਨ ਵੱਲੋਂ ਫੋਨ ਆਇਆ ਕਿ ਉਨ੍ਹਾਂ ਦੇ ਪੁੱਤਰ ਦੀ ਮੌਤ ਹੋ ਗਈ ਹੈ, ਅਤੇ ਮੌਕੇ ‘ਤੇ ਪਹੁੰਚਣ ‘ਤੇ ਉਨ੍ਹਾਂ ਨੂੰ ਪਤਾ ਲੱਗਾ ਕਿ ਉਸਨੇ ਕਥਿਤ ਤੌਰ ‘ਤੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਪਰਿਵਾਰ ਨੇ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ। ਇਸ ਘਟਨਾ ਤੋਂ ਬਾਅਦ ਜੇਲ੍ਹ ਸੁਪਰਡੈਂਟ ਦਾ ਤਬਾਦਲਾ ਕਰ ਦਿੱਤਾ ਗਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























