Punjab: ਭਲਕੇ ਹੋਵੇਗਾ ਪੰਜਾਬ ਮੰਤਰੀ ਮੰਡਲ ਦਾ ਵਿਸਥਾਰ, ਸੰਜੀਵ ਅਰੋੜਾ ਦੀ ਹੋਵੇਗੀ ਕੈਬਨਿਟ ‘ਚ Entry
– – ਕੁਝ ਮੰਤਰੀਆਂ ਦੇ ਵਿਭਾਗਾਂ ‘ਚ ਵੀ ਫੇਰਬਦਲ ਸੰਭਵ

ਚੰਡੀਗੜ੍ਹ, 2 ਜੁਲਾਈ (ਵਿਸ਼ਵ ਵਾਰਤਾ): ਲੁਧਿਆਣਾ ਪੱਛਮੀ ਤੋਂ ਬਣੇ ਨਵੇਂ ਵਿਧਾਇਕ ਸੰਜੀਵ ਅਰੋੜਾ ਨੂੰ ਜਲਦ ਹੀ ਪੰਜਾਬ ਕੈਬਨਿਟ ‘ਚ ਜਗ੍ਹਾ ਮਿਲਣ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੱਲ੍ਹ ਪੰਜਾਬ ਕੈਬਨਿਟ ਦਾ ਵਿਸਥਾਰ ਹੋਵੇਗਾ। ਜਿਸ ਦੇ ਨਾਲ ਹੀ ਸੰਜੀਵ ਅਰੋੜਾ ਦੀ ਕੈਬਨਿਟ ‘ਚ ਐਂਟਰੀ ਹੋਵੇਗੀ।
ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਸੰਜੀਵ ਅਰੋੜਾ ਨੂੰ ਭਲਕੇ ਬਾਅਦ ਦੁਪਹਿਰ 1 ਵਜੇ ਕੈਬਨਿਟ ਮੰਤਰੀ ਵਜੋਂ ਸਹੁੰ ਚੁਕਾਈ ਜਾਵੇਗੀ। ਵਿਸ਼ਵ ਵਾਰਤਾ ਨੂੰ ਮਿਲੀ ਜਾਣਕਾਰੀ ਅਨੁਸਾਰ ਕਈ ਮੰਤਰੀਆਂ ਦੇ ਵਿਭਾਗ ਬਦਲੇ ਜਾ ਸਕਦੇ ਹਨ। ਹਾਲਾਂਕਿ, ਕਿਹੜੇ ਮੰਤਰੀਆਂ ਨੂੰ ਕਿਹੜੇ ਵਿਭਾਗ ਦੀ ਜਿੰਮੇਵਾਰੀ ਸੌਪੀ ਜਾਵੇਗੀ ਅਤੇ ਕਿਹੜੇ ਮੰਤਰੀਆਂ ਦੀ ਛੁੱਟੀ ਹੋਵੇਗੀ ਇਸ ਬਾਰੇ ਅਜੇ ਕੋਈ ਅਧਿਕਾਰਿਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
ਦੱਸ ਦਈਏ ਕਿ ਲੁਧਿਆਣਾ ਜ਼ਿਮਨੀ ਚੋਣ ਪ੍ਰਚਾਰ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਐਲਾਨ ਕੀਤਾ ਗਿਆ ਸੀ ਕਿ ਸੰਜੀਵ ਅਰੋੜਾ ਦੀ ਜਿੱਤ ਮਗਰੋਂ ਉਨ੍ਹਾਂ ਨੂੰ ਕੈਬਨਿਟ ‘ਚ ਥਾਂ ਦਿੱਤੀ ਜਾਵੇਗੀ। ਹਲਕਾ ਵੈਸਟ ਦੇ ਲੋਕਾਂ ਨਾਲ ਕੀਤਾ ਗਿਆ ਵਾਅਦਾ ਪੂਰਾ ਕਰਨ ਲਈ ਕੱਲ੍ਹ ਸੰਜੀਵ ਅਰੋੜਾ ਨੂੰ ਮੰਤਰੀ ਬਣਾਇਆ ਜਾਵੇਗਾ।
ਜ਼ਿਕਰਯੋਗ ਹੈ ਕਿ ਲੁਧਿਆਣਾ ਪੱਛਮੀ ਵਿਧਾਨ ਸਭਾ ਉਪ-ਚੋਣ ਵਿੱਚ ਆਪਣੀ ਹਾਲੀਆ ਜਿੱਤ ਤੋਂ ਬਾਅਦ ਸੰਸਦ ਮੈਂਬਰ ਸੰਜੀਵ ਅਰੋੜਾ ਨੇ ਬੀਤੇ ਕੱਲ੍ਹ ਅਧਿਕਾਰਤ ਤੌਰ ‘ਤੇ ਰਾਜ ਸਭਾ ਤੋਂ ਅਸਤੀਫਾ ਦੇ ਦਿੱਤਾ ਹੈ। ਅਰੋੜਾ ਨੇ ਨਵੀਂ ਦਿੱਲੀ ਵਿੱਚ ਉਪ ਰਾਸ਼ਟਰਪਤੀ ਦੇ ਨਿਵਾਸ ਸਥਾਨ ‘ਤੇ ਰਾਜ ਸਭਾ ਚੇਅਰਮੈਨ ਜਗਦੀਪ ਧਨਖੜ ਨਾਲ ਨਿੱਜੀ ਤੌਰ ‘ਤੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆਪਣਾ ਅਸਤੀਫਾ ਪੱਤਰ ਸੌਂਪਿਆ। ਅਰੋੜਾ ਨੇ 19 ਜੂਨ ਨੂੰ ਲੁਧਿਆਣਾ ਪੱਛਮੀ ਉਪ-ਚੋਣ 10,637 ਵੋਟਾਂ ਦੇ ਫਰਕ ਨਾਲ ਜਿੱਤੀ ਸੀ, ਜੋ ਕਿ ਮੌਜੂਦਾ ਵਿਧਾਇਕ ਦੇ ਬੇਵਕਤੀ ਦੇਹਾਂਤ ਤੋਂ ਬਾਅਦ ਹੋਈ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















