Punjab: ‘ਸਰਸ ਮੇਲਾ ਮਾਨਸਾ’: ਸ਼ਮ੍ਹਾਂ ਰੌਸ਼ਨ ਕਰਕੇ ਹੋਈ ਮੇਲੇ ਦੀ ਸ਼ਾਨਦਾਰ ਸ਼ੁਰੂਆਤ
* ਵਿਧਾਇਕ ਡਾ. ਵਿਜੈ ਸਿੰਗਲਾ, ਪ੍ਰਿੰਸੀਪਲ ਬੁੱਧ ਰਾਮ, ਗੁਰਪ੍ਰੀਤ ਸਿੰਘ ਬਣਾਂਵਾਲੀ, ਡਿਪਟੀ ਕਮਿਸ਼ਨਰ ਨਵਜੋਤ ਕੌਰ ਅਤੇ ਹੋਰ ਸ਼ਖ਼ਸੀਅਤਾਂ ਨੇ ਸ਼ਮ੍ਹਾਂ ਰੌਸ਼ਨ ਕਰਕੇ ਕੀਤੀ ਸਰਸ ਮੇਲੇ ਦੀ ਸ਼ਾਨਦਾਰ ਸ਼ੁਰੂਆਤ
* ਜ਼ਿਲ੍ਹਾ ਪ੍ਰਸ਼ਾਸਨ ਦੇ ਉਪਰਾਲੇ ਦੀ ਕੀਤੀ ਸ਼ਲਾਘਾ; ਦਸਤਕਾਰਾਂ ਅਤੇ ਸ਼ਿਲਪਕਾਰਾਂ ਦੀ ਹੌਂਸਲਾ ਅਫ਼ਜ਼ਾਈ
* ਲੋਕਾਂ ਨੂੰ ਪਰਿਵਾਰਾਂ ਸਮੇਤ ਮੇਲੇ ਦਾ ਆਨੰਦ ਮਾਨਣ ਦਾ ਦਿੱਤਾ ਸੱਦਾ
ਮੋਹਾਲੀ, 15 ਮਾਰਚ 2026 (ਵਿਸ਼ਵ ਵਾਰਤਾ) –ਜ਼ਿਲ੍ਹਾ ਪ੍ਰਸ਼ਾਸਨ ਮਾਨਸਾ ਵੱਲੋਂ ਕਰਵਾਏ ਜਾ ਰਹੇ ‘ਸਰਸ ਮੇਲੇ’ ਦੇ ਦੂਜੇ ਦਿਨ ਵਿਧਾਇਕ ਡਾ. ਵਿਜੈ ਸਿੰਗਲਾ, ਪ੍ਰਿੰਸੀਪਲ ਬੁੱਧ ਰਾਮ ਅਤੇ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਰਸਮੀ ਉਦਘਾਟਨ ਕੀਤਾ ਗਿਆ। ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮਾਤਾ ਮਾਤਾ ਹਰਪਾਲ ਕੌਰ ਨੇ ਵੀ ਵਿਸ਼ੇਸ਼ ਤੌਰ ਉੱਤੇ ਸ਼ਿਰਕਤ ਕੀਤੀ।

ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਨਵਜੋਤ ਕੌਰ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਭੁੱਚਰ, ਆਪ ਆਗੂ ਚਰਨਜੀਤ ਸਿੰਘ ਅੱਕਾਂਵਾਲੀ, ਮਾਲਵਾ ਜੋਨ ਕੋਆਰਡੀਨੇਟਰ ਯੁੱਧ ਨਸ਼ਿਆਂ ਵਿਰੁੱਧ ਚੁਸ਼ਪਿੰਦਰਬੀਰ ਚਹਿਲ, ਮਹਿਲਾ ਵਿੰਗ ਪ੍ਰਧਾਨ ਸ਼ਰਨਜੀਤ ਕੌਰ ਅਤੇ ਹੋਰ ਸ਼ਖ਼ਸੀਅਤਾਂ ਵੀ ਮੌਜੂਦ ਸਨ। ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨ ਤੇ ਹੋਰ ਸਖਸ਼ੀਅਤਾਂ ਵੱਲੋਂ ਸ਼ਮ੍ਹਾਂ ਰੌਸ਼ਨ ਕਰਕੇ ਕੀਤੀ ਗਈ।
ਮੇਲੇ ਦੇ ਉਦਘਾਟਨੀ ਸਮਾਰੋਹ ਨੂੰ ਸੰਬੋਧਨ ਕਰਦਿਆਂ ਵਿਧਾਇਕ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਸਰਸ ਮੇਲੇ ਵਰਗੇ ਆਯੋਜਨ ਸਾਡੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਅਤੇ ਵੱਖ-ਵੱਖ ਰਾਜਾਂ ਦੇ ਦਸਤਕਾਰਾਂ ਨੂੰ ਆਪਣੀ ਕਲਾ ਦਾ ਪ੍ਰਦਰਸ਼ਨ ਕਰਨ ਲਈ ਇੱਕ ਸਾਂਝਾ ਮੰਚ ਪ੍ਰਦਾਨ ਕਰਦੇ ਹਨ। ਉਨ੍ਹਾਂ ਨੇ ਇਸ ਸਫਲ ਆਯੋਜਨ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਕਿਹਾ ਕਿ ਅਜਿਹੇ ਮੇਲੇ ਆਪਸੀ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਦੇ ਹਨ।
ਇਸ ਮੌਕੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਪ੍ਰਸ਼ਾਸਨ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਮਾਨਸਾ ਵਿਖੇ ਅਜਿਹੇ ਵੱਡੇ ਪੱਧਰ ਉਤੇ ਸਭਿਆਚਾਰਾਂ ਨੂੰ ਉਤਸ਼ਾਹਤ ਕਰਨਾ ਸਮੇਂ ਦੀ ਲੋੜ ਸੀ ਜਿਸ ਨੂੰ ਪ੍ਰਸ਼ਾਸ਼ਨ ਨੇ ਪੂਰਾ ਕਰ ਦਿਖਾਇਆ ਹੈ।
ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਇਹ ਮੇਲਾ ਭਾਰਤ ਦੀ ਅਨੇਕਤਾ ਵਿੱਚ ਏਕਤਾ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਇਹ ਸੁਨਹਿਰੀ ਮੌਕਾ ਹੈ ਜਦੋਂ ਲੋਕ ਇੱਕੋ ਛੱਤ ਹੇਠ ਪੂਰੇ ਭਾਰਤ ਦੇ ਦਰਸ਼ਨ ਕਰ ਸਕਣਗੇ। ਉਨ੍ਹਾਂ ਕਿਹਾ ਕਿ ਇਹ ਮੇਲਾ ਜਿੱਥੇ ਕਲਾਕਾਰਾਂ ਲਈ ਰੁਜ਼ਗਾਰ ਦੇ ਵਸੀਲੇ ਪੈਦਾ ਕਰਦਾ ਹੈ, ਉੱਥੇ ਹੀ ਲੋਕਾਂ ਨੂੰ ਦੇਸ਼ ਦੇ ਵੱਖ-ਵੱਖ ਕੋਨਿਆਂ ਦੀ ਕਲਾ ਅਤੇ ਖਾਣ-ਪੀਣ ਦੇ ਸਵਾਦ ਨਾਲ ਇੱਕੋ ਥਾਂ ‘ਤੇ ਜੁੜਨ ਦਾ ਮੌਕਾ ਦਿੰਦਾ ਹੈ।
ਮੰਚ ਉੱਤੇ ਆਯੋਜਿਤ ਸਮਾਗਮ ਦੌਰਾਨ ਕਲਾਕਾਰਾਂ ਵੱਲੋ ਬਰਸਾਨਾ ਹੋਲੀ ਅਤੇ ਨਾਚ ਦੀ ਖੂਬਸੂਰਤ ਪੇਸ਼ਕਾਰੀ ਕੀਤੀ ਗਈ।
ਵਿਧਾਇਕ ਡਾ. ਵਿਜੈ ਸਿੰਗਲਾ ਨੇ ਮਾਨਸਾ ਅਤੇ ਨੇੜਲੇ ਜ਼ਿਲ੍ਹਿਆਂ ਦੇ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਦਸ ਦਿਨਾਂ ਤੱਕ ਅਨਾਜ ਮੰਡੀ ਮਾਨਸਾ ਵਿਖੇ ਚੱਲਣ ਵਾਲੇ ਇਸ ਮੇਲੇ ਵਿੱਚ ਆਪਣੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਵਧ-ਚੜ੍ਹ ਕੇ ਸ਼ਿਰਕਤ ਕਰਨ ਤਾਂ ਜੋ ਉਹ ਕਲਾ, ਸੰਗੀਤ ਅਤੇ ਵੱਖ-ਵੱਖ ਵੰਨਗੀਆਂ ਦਾ ਆਨੰਦ ਮਾਣ ਸਕਣ।
ਇਸ ਮੌਕੇ ਏਡੀਸੀ ਆਕਾਸ਼ ਬਾਂਸਲ, ਏਡੀਸੀ ਅਨੁਪ੍ਰਿਤਾ ਜੌਹਲ, ਐਸਡੀਐਮ ਹਰਜਿੰਦਰ ਸਿੰਘ ਜੱਸਲ, ਬਲਜੀਤ ਕੌਰ ਅਤੇ ਗਗਨਦੀਪ ਸਿੰਘ, ਮੁੱਖ ਮੰਤਰੀ ਫੀਲਡ ਅਫਸਰ ਗੁਰਲੀਨ ਕੌਰ ਤੋਂ ਇਲਾਵਾ ਹੋਰ ਪਤਵੰਤੇ ਤੇ ਕਲਾ ਪ੍ਰੇਮੀ ਹਾਜ਼ਰ ਸਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























