Punjab: SGPC ਨੇ ਭਾਈ ਰਾਜੋਆਣਾ ਦੀ ਪਟੀਸ਼ਨ ਮਾਮਲੇ ’ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਆਦੇਸ਼ ਦੇਣ ਦੀ ਕੀਤੀ ਅਪੀਲ
ਅੰਮ੍ਰਿਤਸਰ, 21 ਅਪ੍ਰੈਲ 2026 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਬੀਤੇ ਦਿਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ‘ਤੇ ਵਿਚਾਰ ਚਰਚਾ ਕੀਤੀ ਗਈ।
ਜਾਰੀ ਪ੍ਰੈੱਸ ਬਿਆਨ ’ਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੰਤ੍ਰਿੰਗ ਕਮੇਟੀ ਦੇ ਫ਼ੈਸਲਿਆਂ ਬਾਰੇ ਦੱਸਿਆ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਤਬਦੀਲ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ’ਤੇ ਸ਼੍ਰੋਮਣੀ ਕਮੇਟੀ ਵੱਲੋਂ 14 ਸਾਲ ਪਹਿਲਾਂ ਪਟੀਸ਼ਨ ਪਾਈ ਗਈ ਸੀ, ਪਰੰਤੂ ਕੇਂਦਰ ਸਰਕਾਰ ਨੇ ਇਸ ਸਬੰਧੀ ਹਮੇਸ਼ਾ ਅੜੀਅਲ ਰਵੱਈਆ ਹੀ ਅਪਣਾਈ ਰੱਖਿਆ। ਸਰਕਾਰ ਦੀ ਅਜਿਹੀ ਪਹੁੰਚ ਜਿਥੇ ਸਿੱਖ ਭਾਵਨਾਵਾਂ ਦਾ ਨਿਰਾਦਰ ਹੈ ਉਥੇ ਹੀ ਘਟਗਿਣਤੀਆਂ ਪ੍ਰਤੀ ਉਸ ਦੀ ਸੋਚ ਨੂੰ ਪ੍ਰਗਟਾਉਂਦੀ ਹੈ।
ਉਨ੍ਹਾਂ ਕਿਹਾ ਕਿ ਹੁਣ ਭਾਈ ਬਲਵੰਤ ਸਿੰਘ ਰਾਜੋਆਣਾ ਸ਼੍ਰੋਮਣੀ ਕਮੇਟੀ ਨੂੰ ਬਾਰ ਬਾਰ ਆਪਣੀ ਅਪੀਲ ਵਾਪਸ ਲੈਣ ਲਈ ਕਹਿ ਰਹੇ ਹਨ, ਲੇਕਿਨ ਸ਼੍ਰੋਮਣੀ ਕਮੇਟੀ ਨੇ ਇਹ ਅਪੀਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਕੀਤੀ ਸੀ। ਇਸ ਲਈ ਅੰਤ੍ਰਿੰਗ ਕਮੇਟੀ ਨੇ ਵਿਚਾਰ ਮਗਰੋਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਅਪੀਲ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਯੋਗ ਆਦੇਸ਼ ਲਈ ਬੇਨਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜੋ ਵੀ ਆਦੇਸ਼ ਆਵੇਗਾ ਸ਼੍ਰੋਮਣੀ ਕਮੇਟੀ ਉਸ ’ਤੇ ਪਹਿਰਾ ਦੇਵੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























