Punjab: ‘ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ’ ਨੂੰ ਲੈ ਕੇ ਵਧਿਆ ਵਿਵਾਦ: SGPC ਪ੍ਰਧਾਨ ਨੇ ਚੀਮਾ ਦੇ ਬਿਆਨ ‘ਤੇ ਜਤਾਇਆ ਇਤਰਾਜ਼
ਚੰਡੀਗੜ੍ਹ, 12 ਅਪ੍ਰੈਲ 2026 (ਵਿਸ਼ਵ ਵਾਰਤਾ) – ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ 2026 ਨੂੰ ਲੈ ਕੇ ਪੰਜਾਬ ਵਿੱਚ ਵਿਵਾਦ ਵਧਦਾ ਜਾ ਰਿਹਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਕੈਬਨਿਟ ਵੱਲੋਂ “ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ 2026” ਨੂੰ ਪ੍ਰਵਾਨ ਕੀਤੇ ਜਾਣ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਇਸ ਸਬੰਧੀ ਮੀਡੀਆ ਨੂੰ ਦਿੱਤੀ ਜਾਣਕਾਰੀ ਅਸਪਸ਼ਟਤਾ ਵਾਲੀ ਹੈ।
ਜਾਰੀ ਬਿਆਨ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇੰਜ ਲਗਦਾ ਹੈ ਕਿ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਬਿੱਲ ਬਾਰੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਆਪ ਵੀ ਪੂਰੀ ਜਾਣਕਾਰੀ ਨਹੀਂ ਹੈ। ਉਨ੍ਹਾਂ ਆਖਿਆ ਕਿ ਕੈਬਨਿਟ ਮੰਤਰੀ ਚੀਮਾ ਇਕ ਪਾਸੇ ਇਸ ਬਿੱਲ ਨੂੰ ਬਿਲਕੁਲ ਨਵਾਂ ਦਸ ਰਹੇ ਹਨ ਜਦਕਿ ਦੂਜੇ ਪਾਸੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ 2026 ਨਾਮ ਦਿਤਾ ਜਾ ਰਿਹਾ ਹੈ, ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2008 ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਪਾਈ ਨਾਲ ਸਬੰਧਿਤ ਹੈ ਕੀ ਸਰਕਾਰ ਉਸ ਵਿੱਚ ਸੋਧ ਕਰ ਰਹੀ ਹੈ ਜਾਂ ਬੇਅਦਬੀਆਂ ਬਾਰੇ ਨਵਾਂ ਕਾਨੂੰਨ ਬਣਾਇਆ ਜਾ ਰਿਹਾ ਹੈ ਇਹ ਦੁਬਿਧਾ ਸੰਗਤਾਂ ਅੰਦਰ ਭਰਮ ਪੈਦਾ ਕਰਦੀ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਹਰਪਾਲ ਸਿੰਘ ਚੀਮਾ ਦੀ ਸ਼੍ਰੋਮਣੀ ਕਮੇਟੀ ਬਾਰੇ ਕੀਤੀ ਟਿਪਣੀ ਵੀ ਤੱਥਾਂ ਤੋਂ ਕੋਹਾਂ ਦੂਰ ਹੈ। ਹਕੀਕਤ ਤਾਂ ਇਹ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਬਣਾਈ ਗਈ ਉਚ ਪੱਧਰੀ ਕਮੇਟੀ ਨੇ ਸਰਕਾਰ ਦੀ ਸਲੈਕਟ ਕਮੇਟੀ ਅਤੇ ਸਰਕਾਰ ਤੱਕ ਕਈ ਵਾਰ ਪਹੁੰਚ ਕੀਤੀ ਪਰੰਤੂ ਸਰਕਾਰ ਵੱਲੋਂ ਕੋਈ ਹੁੰਗਾਰਾ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਵੱਖ ਵੱਖ ਸਮੇਂ ਲਿਖੇ ਪੱਤਰ ਪਿਛਲੇ ਦਿਨੀਂ ਮੀਡੀਆ ਨੂੰ ਵੀ ਦਿੱਤੇ ਗਏ ਸਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























