Punjab: ਸਾਹਿਬਜ਼ਾਦਿਆਂ ਨੂੰ ਸਮਰਪਿਤ ਨਗਰ ਕੀਰਤਨ ਨਾਲ ਸ਼ਹੀਦੀ ਸਭਾ ਸੰਪੂਰਨ
ਫਤਿਹਗੜ੍ਹ ਸਾਹਿਬ, 28 ਦਸੰਬਰ 2025 (ਵਿਸ਼ਵ ਵਾਰਤਾ) – (Punjab) ਦਸਵੇਂ ਸਿੱਖ ਗੁਰੂ ਸਾਹਿਬ, ਸ੍ਰੀ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਦੀ ਸ਼ਹਾਦਤ ਨੂੰ ਸਮਰਪਿਤ ਤਿੰਨ ਰੋਜ਼ਾ ਸਾਲਾਨਾ ਸ਼ਹੀਦੀ ਸਭਾ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸੰਪੂਰਨ ਹੋ ਗਈ ਹੈ। ਇਹ ਸ਼ਹੀਦੀ ਸਭਾ 25 ਦਸੰਬਰ ਨੂੰ ਸ਼ੁਰੂ ਹੋਈ ਸੀ ਅਤੇ ਕੱਲ੍ਹ 28 ਦਸੰਬਰ ਨੂੰ ਸਮਾਪਤ ਹੋਈ।
ਦੱਸ ਦਈਏ ਕਿ ਸ਼ਹੀਦੀ ਸਭਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਗੁਰਦੁਆਰਾ ਫਤਿਹਗੜ੍ਹ ਸਾਹਿਬ ਤੋਂ ਆਰੰਭ ਹੋਈ ਸੀ ਅਤੇ ਉਥੋਂ ਨਗਰ ਕੀਰਤਨ ਦੇ ਨਾਲ ਸ਼ੁਰੂ ਕੇ ਸ਼ਰਧਾ ਅਤੇ ਸਤਿਕਾਰ ਨਾਲ ਗੁਰਦੁਆਰਾ ਜੋਤੀ ਸਰੂਪ ਸਾਹਿਬ ਵਿਖੇ ਸੰਪੂਰਨ ਹੋਈ।

ਸ਼ਹੀਦੀ ਸਭਾ ਦੇ ਤਿੰਨੇ ਦਿਨ ਲੱਖਾਂ ਸੰਗਤਾਂ ਨੇ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫਤਹਿ ਸਿੰਘ ਜੀ ਤੇ ਮਾਤਾ ਗੁਜਰੀ ਦੀ ਸ਼ਹਾਦਤ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ।
ਨਗਰ ਕੀਰਤਨ (Punjab) ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ, ਤਰਨਾ ਦਲ ਹਰੀਆਂ ਵੇਲਾਂ ਦੇ ਮੁਖੀ ਬਾਬਾ ਨਿਹਾਲ ਸਿੰਘ ਅਤੇ ਦਲ ਬਾਬਾ ਬਿਧੀ ਚੰਦ ਸੰਪਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਸਣੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























