Punjab ਸਪੀਕਰ ਸੰਧਵਾਂ ਨੇ ਸਕੂਲੀ ਵਿਦਿਆਰਥੀਆਂ ਨਾਲ ਮਨਾਈ ਲੋਹੜੀ
-ਬੱਚਿਆਂ ਦੇ ਉੱਜਵਲ ਭਵਿੱਖ ਦੀ ਕੀਤੀ ਕਾਮਨਾ
ਫ਼ਰੀਦਕੋਟ 13 ਜਨਵਰੀ,2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਪਣੇ ਹਲਕੇ ਦੇ ਲੋਹੜੀ ਦੇ ਵੱਖ-ਵੱਖ ਸਮਾਗਮਾਂ ਵਿੱਚ ਸ਼ਿਰਕਤ ਕੀਤੀ । ਇਸ ਮੌਕੇ ਉਨਾਂ ਸਰਕਾਰੀ ਪ੍ਰਾਇਮਰੀ ਸਕੂਲ ਸੁੱਖਣਵਾਲਾ ਅਤੇ ਡਾ. ਚੰਦਾ ਸਿੰਘ ਮਰਵਾਹਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਕੋਟਕਪੂਰਾ ਵਿਖੇ ਵਿਦਿਆਰਥੀਆਂ ਨਾਲ ਲੋਹੜੀ ਮਨਾਈ ਤੇ ਉਨਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ।
ਸਪੀਕਰ ਸੰਧਵਾਂ ਨੇ ਕਿਹਾ ਕਿ ਸਾਡੇ ਤਿਉਹਾਰ ਸਾਨੂੰ ਸਮਾਜਿਕ, ਧਾਰਮਿਕ ਤੇ ਸੱਭਿਆਚਾਰਕ ਵਿਰਸੇ ਨਾਲ ਜੋੜਦੇ ਹਨ ਅਤੇ ਇਹ ਪੀੜੀ ਦਰ ਪੀੜੀ ਅੱਗੇ ਚੱਲ ਰਿਹਾ ਹੈ। ਉਨ੍ਹਾਂ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਆਪਣੇ ਨਿਸ਼ਾਨੇ ਮਿੱਥਣ ਅਤੇ ਉਨ੍ਹਾਂ ਦੀ ਪ੍ਰਾਪਤੀ ਲਈ ਸਿਰ ਤੋੜ ਯਤਨ ਕਰਨ ਲਈ ਵੀ ਪ੍ਰੇਰਿਆ ।
ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਅਧਿਆਪਕ ਗਿਆਨ ਦਾ ਖਜ਼ਾਨਾ ਹਨ। ਉਨ੍ਹਾਂ ਕਿਹਾ ਕਿ ਬੱਚੇ ਅਧਿਆਪਕਾਂ ਤੋਂ ਚੰਗੇ ਗੁਣ ਸਿੱਖ ਕੇ ਅਤੇ ਚੰਗੀ ਪੜ੍ਹਾਈ ਕਰਕੇ ਅਫਸਰ ਬਣਨ ਅਤੇ ਆਪਣੇ ਸਕੂਲ ਅਤੇ ਮਾਂ ਬਾਪ ਦਾ ਨਾਮ ਰੋਸ਼ਨ ਕਰਨ। ਉਨ੍ਹਾਂ ਕਿਹਾ ਕਿ ਉਸ ਵਿੱਦਿਆ ਦਾ ਕੀ ਫਾਇਦਾ ਜਿਸ ਨੂੰ ਗ੍ਰਹਿਣ ਕਰਕੇ ਤੁਸੀਂ ਸੰਸਾਰ ਵਿੱਚ ਕਿਸੇ ਨੂੰ ਕੁਝ ਨਹੀਂ ਦੇ ਸਕਦੇ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਪੜ੍ਹਾਈ ਦੇ ਨਾਲ ਨਾਲ ਹੱਥੀ ਕਿਰਤ ਨਾਲ ਵੀ ਜੋੜਨਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਬੱਚਿਆਂ ਨੂੰ ਖੇਡਾਂ ਲਈ ਵੀ ਉਤਸ਼ਾਹਿਤ ਕਰਨਾ ਚਾਹੀਦਾ ਹੈ ਤਾਂ ਜੋ ਉਹ ਖੇਡਾਂ ਦੇ ਖੇਤਰ ਵਿੱਚ ਅੱਗੇ ਆ ਸਕਣ ਅਤੇ ਆਪਣੇ ਸੂਬੇ ਦਾ ਨਾਮ ਰੌਸ਼ਨ ਕਰਨ। ਉਨ੍ਹਾਂ ਕਿਹਾ ਕਿ ਸਕੂਲ ਦੇ ਵੱਖ ਵੱਖ ਕੰਮਾਂ ਲਈ ਐਸਟੀਮੇਟ ਬਣਾਇਆ ਜਾਵੇ ਇਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆ ਦਿੱਤੀ ਜਾਵੇਗੀ। ਇਸ ਮੌਕੇ ਉਨ੍ਹਾਂ ਵੱਖ ਵੱਖ ਖੇਤਰਾਂ ਵਿੱਚ ਪ੍ਰਾਪਤੀ ਕਰਨ ਵਾਲੀਆਂ ਵਿਦਿਆਰਥਣਾਂ ਦਾ ਸਨਮਾਨ ਵੀ ਕੀਤਾ ਅਤੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਵੱਖ ਵੱਖ ਖੇਤਰਾਂ ਵਿੱਚ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਵਿਦਿਆਰਥੀਆਂ ਵੱਲੋਂ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ ।