Punjab : ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਅੰਮ੍ਰਿਤਸਰ ਸਮੇਤ ਚਾਰ ਸ਼ਹਿਰਾਂ ‘ਚ ਹੋਣਗੇ ਵੱਡੇ ਸਮਾਗਮ, ਪੜ੍ਹੋ ਵੇਰਵਾ
ਅੰਮ੍ਰਿਤਸਰ, 2 ਅਗਸਤ (ਵਿਸ਼ਵ ਵਾਰਤਾ): ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਪੰਜਾਬ (Punjab) ਸਰਕਾਰ ਵੱਲੋਂ ਯਾਦਗਾਰੀ ਸਮਾਗਮ ਕਰਕੇ ਮਨਾਉਣ ਦਾ ਫੈਸਲਾ ਲਿਆ ਗਿਆ ਹੈ। ਇਨ੍ਹਾਂ ਸਮਾਗਮਾਂ ਦੀਆਂ ਤਿਆਰੀਆਂ ਲਈ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਤੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਕਰਵਾਏ ਜਾਣ ਵਾਲੇ ਧਾਰਮਿਕ ਸਮਾਗਮਾਂ ਦੀ ਰੂਪ-ਰੇਖਾ ਬਾਰੇ ਵਿਧਾਇਕਾਂ ਅਤੇ ਜਿਲਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੰਤਰੀ ਸਾਹਿਬਾਨ ਨੇ ਦੱਸਿਆ ਕਿ ਜਿੱਥੇ ਜਿੱਥੇ ਵੀ ਗੁਰੂ ਸਾਹਿਬ ਨੇ ਚਰਨ ਪਾਏ ਹਨ ਉੱਥੇ ਵਿਸ਼ੇਸ਼ ਸਮਾਗਮ ਸਰਕਾਰ ਵੱਲੋਂ ਕਰਵਾਏ ਜਾਣਗੇ ਅਤੇ ਇਹਨਾਂ ਪਿੰਡਾਂ ਤੇ ਸ਼ਹਿਰਾਂ ਦਾ ਵਿਕਾਸ ਵੱਡੇ ਪੱਧਰ ਤੇ ਕੀਤਾ ਜਾਵੇਗਾ। ਉਹਨਾਂ ਦਾ ਦੱਸਿਆ ਕਿ ਅੰਮ੍ਰਿਤਸਰ ਸਮੇਤ ਚਾਰ ਵੱਡੇ ਸ਼ਹਿਰਾਂ ਜਿਸ ਵਿੱਚ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਬਾਬਾ ਬਕਾਲਾ ਸਾਹਿਬ ਜਲੰਧਰ ਅਤੇ ਅਨੰਦਪੁਰ ਸਾਹਿਬ ਵਿਖੇ ਕੀਰਤਨ ਦਰਬਾਰ ਵੀ ਕਰਵਾਏ ਜਾਣਗੇ।

ਇਸ ਮੌਕੇ ਪੱਤਰਕਾਰਾ ਨਾਲ ਗੱਲਬਾਤ ਕਰਦੇ ਹੋਏ ਕੈਬਨਿਟ ਮੰਤਰੀ ਸੌਂਦ ਨੇ ਦੱਸਿਆ ਕਿ ਇਸ ਮੌਕੇ ਚਾਰ ਸਥਾਨਾਂ ਤੋਂ ਯਾਤਰਾਵਾਂ ਸ੍ਰੀ ਆਨੰਦਪੁਰ ਸਾਹਿਬ ਪੁੱਜਣਗੀਆਂ, ਜਿਨਾਂ ਵਿੱਚ ਗੁਰਦਾਸਪੁਰ ਤੋਂ ਮਾਝਾ, ਦੁਆਬਾ ਯਾਤਰਾ, ਮਾਲਵਾ ਤੋ ਦੋ ਯਾਤਰਾਵਾਂ ਬਠਿੰਡਾ ਅਤੇ ਫਰੀਦਕੋਟ ਤੋਂ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਣਗੀਆਂ ਜੋ ਸੂਬੇ ਦੇ ਲਗਭਗ ਸਾਰੇ ਜਿਲ੍ਹਿਆਂ ਅਤੇ ਪ੍ਰਮੁੱਖ ਸ਼ਹਿਰਾਂ ਤੋਂ ਹੋ ਕੇ ਸ੍ਰੀ ਅਨੰਦਪੁਰ ਸਾਹਿਬ ਪਹੁੰਚਣਗੀਆਂ। ਗੁਰਦਾਸਪੁਰ ਤੋਂ ਚੱਲੀ ਯਾਤਰਾ ਅੰਮ੍ਰਿਤਸਰ ਵਿੱਚ ਵਿਸ਼ਰਾਮ ਕਰੇਗੀ।
ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਧਾਰਮਿਕ ਸਮਾਗਮਾਂ ਬਾਰੇ ਬੋਲਦੇ ਸੌਂਦ ਨੇ ਦੱਸਿਆ ਕਿ ਵਿਰਾਸਤ ਏ ਖਾਲਸਾ ਵਿਖੇ 23 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਹੋਵੇਗੀ, ਜਿਸ ਵਿਚ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਸਮੇਤ ਦੇਸ਼ ਵਿਦੇਸ਼ ਤੋ ਪ੍ਰਮੁੱਖ ਹਸਤੀਆਂ, ਧਾਰਮਿਕ ਸਖਸ਼ੀਅਤਾਂ ਹਾਜ਼ਰੀ ਲਗਵਾਉਣਗੀਆਂ। ਇਸੇ ਦਿਨ ਵਿਰਾਸਤ ਏ ਖਾਲਸਾ ਵਿੱਚ ਮੁੱਖ ਮੰਤਰੀ ਪੰਜਾਬ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਸ਼ਾਨੀ ਸ਼ਹਾਦਤ ਨੂੰ ਦਰਸਾਉਦੀ ਡਿਜੀਟਲ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ ਜਾਵੇਗਾ। ਇਨਸਾਨੀਅਤ ਅਤੇ ਮਨੁੱਖੀ ਅਧਿਕਾਰਾਂ ਦੇ ਰਾਖੇ ਨੋਵੇ ਪਾਤਸ਼ਾਹ ਦੇ ਸ਼ਹੀਦੀ ਸਮਾਗਮਾਂ ਮੌਕੇ ਸਰਵ ਧਰਮ ਸੰਮੇਲਨ ਕਰਵਾਏ ਜਾਣਗੇ, ਜਿਸ ਵਿੱਚ ਸਿੱਖ ਇਤਿਹਾਸ ਬਾਰੇ ਜਾਣਕਾਰੀ ਰੱਖਣ ਵਾਲੇ ਬੁੱਧੀਜੀਵੀ ਵਿਚਾਰ ਚਰਚਾ ਕਰਨਗੇ।
ਕੈਬਿਨੇਟ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਮੌਕੇ ਨਿਹੰਗ ਸਿੰਘਾਂ ਵੱਲੋਂ ਮੁਹੱਲਾ ਖਾਲਸਾ ਪ੍ਰਦਰਸ਼ਨੀ ਕੀਤੀ ਜਾਵੇਗੀ। ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਨਾਲ ਸਬੰਧਿਤ ਕਵੀ ਦਰਬਾਰ, ਢਾਡੀ, ਕਵੀਸ਼ਰੀ ਪ੍ਰੋਗਰਾਮ ਆਯੋਜਿਤ ਹੋਣਗੇ। ਇਸੇ ਦਿਨ ਪੰਜ ਪਿਆਰਾ ਪਾਰਕ ਵਿਚ “ਲਾਈਟ ਐਂਡ ਸਾਊਡ ਤੇ ਡਰੋਨ ਸ਼ੋਅ” ਰੋਸ਼ਨੀ ਅਤੇ ਅਵਾਜ ਦੇ ਪ੍ਰੋਗਰਾਮ ਕਰਵਾਏ ਜਾਣਗੇ। ਇਹ ਸ਼ੋ ਪੰਜਾਬ ਦੇ ਹਰੇਕ ਜਿਲ੍ਹੇ ਵਿੱਚ ਕਰਵਾਇਆ ਜਾਵੇਗਾ।
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ 25 ਨਵੰਬਰ ਨੂੰ ਸ਼ਾਮ 7 ਵਜੇ ਮਿਸ਼ਾਲ ਏ ਸ਼ਹਾਦਤ ਦੀ ਰੋਸ਼ਨੀ ਵਿੱਚ ਸੂਬੇ ਭਰ ਦੀਆਂ ਸਰਕਾਰੀ ਇਮਾਰਤਾਂ ਨੂੰ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਸਮਰਪਿਤ ਕਰਦੇ ਹੋਏ ਰੁਸ਼ਨਾਇਆ ਜਾਵੇਗਾ, ਇਸ ਦੇ ਲਈ ਸਮੁੱਚੀ ਸੰਗਤ ਨੂੰ ਵੀ ਬੇਨਤੀ ਕੀਤੀ ਜਾਵੇਗੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਆਉਣ ਵਾਲੀ ਸੰਗਤ ਦੀ ਰਹਿਣ ਲਈ ਟੈਂਟ ਸਿਟੀ ਅਤੇ ਵੱਖ ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਆਉਣ ਜਾਣ ਵਾਸਤੇ ਈ ਰਿਕਸ਼ਾ ਦੇ ਪ੍ਰਬੰਧ ਹੋਣਗੇ। ਉਨ੍ਹਾਂ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਨੂੰ ਆਉਣ ਵਾਲੀਆਂ ਸਾਰੀਆਂ ਸੜਕਾਂ ਦੀ ਤੁਰੰਤ ਮੁਰੰਮਤ ਸ਼ੁਰੂ ਕੀਤੀ ਜਾਵੇਗੀ। ਕੈਬਨਿਟ ਮੰਤਰੀ ਨੇ ਦੱਸਿਆ ਕਿ 5 ਸਤੰਬਰ ਨੂੰ ਅਨੰਦਪੁਰ ਸਾਹਿਬ ਵਿਖੇ ਰੰਗਰੇਟੇ ਗੁਰੂ ਕੇ ਬੇਟੇ ਭਾਈ ਜੈਤਾ ਜੀ ਦੀ ਬਣ ਰਹੀ ਯਾਦਗਰ ਦਾ ਉਦਘਾਟਨ ਕਰਨ ਦੇ ਨਾਲ ਹੀ ਇਹ ਪ੍ਰੋਗਰਾਮ ਸ਼ੁਰੂ ਹੋ ਜਾਣਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























