Punjab : ਵਰਕਿੰਗ ਕਮੇਟੀ ਵਲੋਂ ਅਸਤੀਫ਼ਾ ਮਨਜ਼ੂਰ ਕੀਤੇ ਜਾਣ ਬਾਅਦ ਸੁਖਬੀਰ ਬਾਦਲ ਦਾ ਪਹਿਲਾ ਬਿਆਨ ਆਇਆ ਸਾਹਮਣੇ
ਚੰਡੀਗੜ੍ਹ, 10 ਜਨਵਰੀ (ਵਿਸ਼ਵ ਵਾਰਤਾ)- ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਅੱਜ ਸ਼ੁੱਕਰਵਾਰ (10 ਜਨਵਰੀ) ਨੂੰ ਪ੍ਰਵਾਨ ਕਰ ਲਿਆ ਗਿਆ। ਇਸ ਸਬੰਧੀ ਚੰਡੀਗੜ੍ਹ ਵਿਖੇ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਵਰਕਿੰਗ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਕੀਤੀ। ਅਕਾਲੀ ਦਲ ਦੀ ਵਰਕਿੰਗ ਕਮੇਟੀ ਵਲੋਂ ਅਸਤੀਫਾ ਮਨਜ਼ੂਰ ਕੀਤੇ ਜਾਣ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ।
ਉਨ੍ਹਾਂ ਕਿਹਾ ਕਿ “ਸ਼੍ਰੋਮਣੀ ਅਕਾਲੀ ਦਲ ਦਾ ਹਰ ਇੱਕ ਮੈਂਬਰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਤਹਿ ਦਿਲੋਂ ਸਤਿਕਾਰ ਕਰਦਾ ਹੈ। ਮੈਂ 16 ਨਵੰਬਰ 2024 ਨੂੰ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਪਾਰਟੀ ਨੂੰ ਸੌਂਪ ਕੇ ਇੱਕ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਇਆ ਸੀ। ਮੇਰੇ ਵੱਲੋਂ ਅਨੇਕਾਂ ਵਾਰ ਬੇਨਤੀ ਕਰਨ ਦੇ ਬਾਵਜੂਦ ਵੀ ਪਾਰਟੀ ਵੱਲੋਂ ਅਸਤੀਫ਼ਾ ਮਨਜ਼ੂਰ ਨਹੀਂ ਹੋਇਆ ਸੀ, ਜਿਸ ਬਾਬਤ ਅੱਜ ਮੇਰੇ ਵੱਲੋਂ ਦੁਬਾਰਾ ਪਾਰਟੀ ਨੂੰ ਬੇਨਤੀ ਕੀਤੀ ਗਈ ਤੇ ਮੈਨੂੰ ਖੁਸ਼ੀ ਹੈ ਕਿ ਵਰਕਿੰਗ ਕਮੇਟੀ ਨੇ ਮੇਰਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ। ਮੈਂ ਧੰਨਵਾਦੀ ਹਾਂ ਸਮੁੱਚੀ ਲੀਡਰਸ਼ਿਪ ਅਤੇ ਵਰਕਰ ਸਾਹਿਬਾਨਾਂ ਦਾ ਜਿਨ੍ਹਾਂ ਨੇ ਬਤੌਰ ਪ੍ਰਧਾਨ ਮੇਰਾ ਹਮੇਸ਼ਾਂ ਸਾਥ ਦਿੱਤਾ। ਮੈਂ ਸ਼੍ਰੋਮਣੀ ਅਕਾਲੀ ਦਲ ਦਾ ਸੱਚਾ ਸਿਪਾਹੀ ਹਾਂ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਸਾਰੀ ਉਮਰ ਮਿਹਨਤ ਕਰਨ ਲਈ ਵਚਨਬੱਧ ਹਾਂ।”
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/