Punjab: ਸੁਖਬੀਰ ਬਾਦਲ ਅੱਜ ਤੋਂ ਘਰ-ਘਰ ਮੁਹਿੰਮ ਦਾ ਵਜਾਉਣਗੇ ਚੋਣ ਬਿਗਲ
– 10 ਨਵੰਬਰ ਤੋਂ ਸ਼ੁਰੂ ਹੋਵੇਗੀ ਬੱਸ ਯਾਤਰਾ
– ਪਾਰਟੀ 1 ਨਵੰਬਰ ਨੂੰ ਚੋਣ ਮਨੋਰਥ ਪੱਤਰ ਜਾਰੀ ਕਰੇਗੀ
ਚੰਡੀਗੜ੍ਹ, 6 ਅਕਤੂਬਰ (ਵਿਸ਼ਵ ਵਾਰਤਾ): ਸ਼੍ਰੋਮਣੀ ਅਕਾਲੀ ਦਲ ਵੱਲੋਂ ਆਉਂਦੀਆਂ ਵਿਧਾਨ ਸਭਾ ਚੋਣਾਂ ਲਈ ਘਰ-ਘਰ ਪ੍ਰਚਾਰ ਮੁਹਿੰਮ ਪ੍ਰੋਗਰਾਮ ਅੱਜ 6 ਅਕਤੂਬਰ ਤੋਂ ਸ਼ੁਰੂ ਹੋਵੇਗਾ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ 10 ਨਵੰਬਰ ਨੂੰ ਤਲਵੰਡੀ ਸਾਬੋ ਤੋਂ ਬੱਸ ਯਾਤਰਾ ਪ੍ਰੋਗਰਾਮ ਦੀ ਸ਼ੁਰੂਆਤ ਹੋਵੇਗੀ। ਘਰ-ਘਰ ਪ੍ਰਚਾਰ ਮੁਹਿੰਮ ਨੂੰ ਵੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ਼ੁਰੂ ਕਰਨਗੇ ਅਤੇ ਇਹ ਅਟਾਰੀ ਤੋਂ ਸ਼ੁਰੂ ਹੋਵੇਗੀ ਤੇ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਚਲਾਈ ਜਾਵੇਗੀ ਜਿਸ ਦੌਰਾਨ ਅਕਾਲੀ ਦਲ ਦੇ ਚੋਣ ਮਨੋਰਥ ਪੱਤਰ ਨੂੰ ਤਿਆਰ ਕਰਨ ਵਾਸਤੇ ਸੁਝਾਅ ਲਏ ਜਾਣਗੇ ਤਾਂ ਜੋ ਅਕਾਲੀ ਦਲ ਦਾ ਚੋਣ ਮਨੋਰਥ ਪੱਤਰ ਤਿਆਰ ਕੀਤਾ ਜਾ ਸਕੇ ਜੋ 1 ਨਵੰਬਰ ਨੂੰ ਰਿਲੀਜ਼ ਕੀਤਾ ਜਾਵੇਗਾ।
ਘਰ-ਘਰ ਪ੍ਰਚਾਰ ਮੁਹਿੰਮ ਦੌਰਾਨ ਲੋਕਾਂ ਤੋਂ ਰਾਇ ਲਈ ਜਾਵੇਗੀ ਕਿ ਪਾਰਟੀ ਦੇ ਚੋਣ ਮਨੋਰਥ ਵਿਚ ਕੀ-ਕੀ ਸ਼ਾਮਲ ਕੀਤਾ ਜਾਵੇ। ਇਸ ਤੋਂ ਪਹਿਲਾਂ ਚੋਣ ਮਨੋਰਥ ਪੱਤਰ ਕਮੇਟੀ ਨੇ ਪਾਰਟੀ ਦੇ ਅਨੁਸੂਚਿਤ ਜਾਤੀ ਤੇ ਪਛੜੀਆਂ ਸ਼੍ਰੇਣੀਆਂ ਵਿੰਗਾਂ ਤੋਂ ਸੁਝਾਅ ਲਏ ਤੇ ਉਹ ਕਿਸਾਨਾਂ, ਵਪਾਰੀਆਂ, ਨੌਜਵਾਨਾਂ ਤੇ ਸਰਕਾਰੀ ਮੁਲਾਜ਼ਮਾਂ ਨਾਲ ਮੀਟਿੰਗਾਂ ਦੇ ਦੌਰ ਜਾਰੀ ਰੱਖੇਗੀ। ਇਹ ਸਾਰੇ ਪ੍ਰੋਗਰਾਮ 25 ਅਕਤੂਬਰ ਨੂੰ ਸੰਪੂਰਨ ਹੋਣਗੇ।
ਅਕਾਲੀ ਦਲ ਦੇ ਪ੍ਰਧਾਨ ਦੀ ਬੱਸ ਯਾਤਰਾ 10 ਨਵੰਬਰ ਨੂੰ ਤਲਵੰਡੀ ਸਾਬੋ ਤੋਂ ਸ਼ੁਰੂ ਹੋਵੇਗੀ ਜਿਸ ਦੌਰਾਨ ਪ੍ਰਧਾਨ ਬਾਦਲ ਰੋਜ਼ਾਨਾ ਦੋ ਤੋਂ ਤਿੰਨ ਹਲਕੇ ਕਵਰ ਕਰਨਗੇ। ਇਸ ਤੋਂ ਇਲਾਵਾ ਅਕਾਲੀ ਦਲ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਹਾੜੇ ’ਤੇ 8 ਦਸੰਬਰ ਨੂੰ ਮੋਗਾ ਦੇ ਕਿੱਲੀ ਚਾਹਲਾਂ ਪਿੰਡ ਵਿਚ ਵਿਸ਼ਾਲ ਜਨਤਕ ਰੈਲੀ ਕੀਤੀ ਜਾਵੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























