OSD ਰਾਜਵੀਰ ਘੁੰਮਣ ਮਾਮਲਾ : ਸੁਪਰੀਮ ਕੋਰਟ ਵੱਲੋਂ CBI ਨੂੰ ਸਖ਼ਤ ਕਾਰਵਾਈ ਨਾ ਕਰਨ ਦੇ ਨਿਰਦੇਸ਼
ਦਿੱਲੀ, 12 ਸਤੰਬਰ (ਵਿਸ਼ਵ ਵਾਰਤਾ) ਸੁਪਰੀਮ ਕੋਰਟ ਨੇ OSD ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ਾਂ ਸਬੰਧੀ ਸੀ.ਬੀ.ਆਈ. (CBI) ਵੱਲੋਂ ਦਰਜ ਕੀਤੀ ਗਈ ਐਫ.ਆਈ.ਆਰ. (FIR) ‘ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ। ਹਾਲਾਂਕਿ, ਅਦਾਲਤ ਨੇ ਹਦਾਇਤ ਕੀਤੀ ਹੈ ਕਿ ਇਸ ਮਾਮਲੇ ਵਿੱਚ ਕੋਈ ਵੀ ਸਖ਼ਤ ਕਾਰਵਾਈ ਨਾ ਕੀਤੀ ਜਾਵੇ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਦੀ ਪਟੀਸ਼ਨ ’ਤੇ ਸਬੰਧਤ ਧਿਰਾਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।
ਸੀਬੀਆਈ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਮੁੱਖ ਮੰਤਰੀ ਦੇ ਓਐਸਡੀ (OSD) ਰਾਜਬੀਰ ਸਿੰਘ ਘੁੰਮਣ ਅਤੇ ਹੋਰਾਂ ਵਿਰੁੱਧ ਐਫਆਈਆਰ (FIR) ਦਰਜ ਕੀਤੀ ਸੀ। ਜਾਂਚ ਏਜੰਸੀ ਨੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੇ ਕੈਂਪ ਦਫ਼ਤਰ ਸਮੇਤ ਕਈ ਥਾਵਾਂ ‘ਤੇ ਛਾਪੇਮਾਰੀ ਵੀ ਕੀਤੀ ਸੀ। ਹਾਈ ਕੋਰਟ ਨੇ ਇਸ ਮਾਮਲੇ ਦੀ ਸੀਬੀਆਈ ਜਾਂਚ ਦੇ ਹੁਕਮ ਦਿੱਤੇ ਸਨ ਅਤੇ ਏਜੰਸੀ ਨੂੰ ਦੋ ਮਹੀਨਿਆਂ ਦੇ ਅੰਦਰ ਜਾਂਚ ਬਾਰੇ ਸਥਿਤੀ ਰਿਪੋਰਟ ਦਾਖਲ ਕਰਨ ਲਈ ਕਿਹਾ ਸੀ। ਪੰਜਾਬ ਸਰਕਾਰ ਨੇ ਹਾਈ ਕੋਰਟ ਦੇ ਇਸ ਹੁਕਮ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ।























