Punjab: ਮੁਅੱਤਲ ਡੀ.ਆਈ.ਜੀ. ਭੁੱਲਰ ਨੂੰ ਨਹੀਂ ਮਿਲੀ ਰਾਹਤ; ਸੁਪਰੀਮ ਕੋਰਟ ਤੋਂ ਲੱਗਾ ਵੱਡਾ ਝਟਕਾ!
ਚੰਡੀਗੜ੍ਹ, 10 ਅਪ੍ਰੈਲ (ਵਿਸ਼ਵ ਵਾਰਤਾ) : ਪੰਜਾਬ ਪੁਲਿਸ ਦੇ ਮੁਅੱਤਲ ਡੀ.ਆਈ.ਜੀ. (DIG) ਹਰਚਰਨ ਸਿੰਘ ਭੁੱਲਰ ਨੂੰ ਸੁਪਰੀਮ ਕੋਰਟ ਤੋਂ ਝਟਕਾ ਲੱਗਾ ਹੈ। ਭੁੱਲਰ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਗਈ ਹੈ। ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਸੂਰਿਆ ਕਾਂਤ ਦੀ ਅਗਵਾਈ ਵਾਲੇ ਤਿੰਨ ਜੱਜਾਂ ਦੇ ਬੈਂਚ ਨੇ ਜ਼ਮਾਨਤ ਭੁੱਲਰ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ।
ਮਿਲੀ ਜਾਣਕਾਰੀ ਅਨੁਸਾਰ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਇਹ ਵੀ ਸਪੱਸ਼ਟ ਕੀਤਾ ਕਿ ਜਾਂਚ ਪੂਰੀ ਹੋਣ ਤੋਂ ਪਹਿਲਾਂ ਜ਼ਮਾਨਤ ਦੇਣ ਨਾਲ ਕੇਸ ‘ਤੇ ਅਸਰ ਪੈ ਸਕਦਾ ਹੈ। ਇਸ ਲਈ ਫਿਲਹਾਲ ਭੁੱਲਰ ਨੂੰ ਰਾਹਤ ਨਹੀਂ ਦਿੱਤੀ ਜਾ ਸਕਦੀ।
ਹਾਲਾਂਕਿ ਅਦਾਲਤ ਨੇ ਭੁੱਲਰ ਨੂੰ ਇੱਕ ਰਾਹਤ ਜ਼ਰੂਰ ਦਿੱਤੀ ਹੈ। ਬੈਂਚ ਨੇ ਕਿਹਾ ਕਿ ਜੇਕਰ ਅਗਲੇ ਦੋ ਮਹੀਨਿਆਂ ਦੇ ਅੰਦਰ ਟ੍ਰਾਇਲਸ਼ੁਰੂ ਨਹੀਂ ਹੁੰਦਾ ਹੈ, ਤਾਂ ਉਹ ਦੁਬਾਰਾ ਜ਼ਮਾਨਤ ਲਈ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾ ਸਕਦੇ ਹਨ।
ਦੱਸ ਦਈਏ ਕਿ ਹਰਚਰਨ ਸਿੰਘ ਭੁੱਲਰ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸੀ.ਬੀ.ਆਈ. (CBI) ਦੀ ਜਾਂਚ ਦਾ ਦਾਇਰਾ ਵਧ ਚੁੱਕਾ ਹੈ। ਜਾਂਚ ਏਜੰਸੀ ਨੂੰ ਨਵੇਂ ਅਤੇ ਅਹਿਮ ਸਬੂਤ ਮਿਲੇ ਹਨ, ਜਿਨ੍ਹਾਂ ਤੋਂ ਪੰਜਾਬ ਦੇ ਕਈ IAS-IPS ਅਧਿਕਾਰੀਆਂ ਦੀ ਭੂਮਿਕਾ ਸਾਹਮਣੇ ਆਈ। ਸੀ.ਬੀ.ਆਈ. ਨੇ ਅਣਪਛਾਤੇ ਅਫ਼ਸਰਾਂ ਵਿਰੁੱਧ ਮੁੱਢਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਏਜੰਸੀ ਨੇ ਵਿਸ਼ੇਸ਼ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਮੋਬਾਈਲ, ਅਸਲ ਦਸਤਾਵੇਜ਼ ਅਤੇ ਨਕਦੀ ਕਬਜ਼ੇ ਵਿੱਚ ਲੈਣ ਦੀ ਇਜਾਜ਼ਤ ਵੀ ਮੰਗੀ ਹੈ। ਭੁੱਲਰ ਫਿਲਹਾਲ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿੱਚ ਬੰਦ ਹਨ।























