Punjab: ਸਸਪੈਂਡ ਡੀਆਈਜੀ ਭੁੱਲਰ ਮਾਮਲੇ ‘ਚ ਅਫਸਰਾਂ ਨੂੰ ਪਈਆਂ ਭਾਜੜਾਂ !
– CBI ਵੱਲੋਂ ਦਾਖਲ ਸਪਲੀਮੈਂਟਰੀ ਚਾਰਜਸ਼ੀਟ ‘ਚ ਕਈ ਨਾਂਅ ਸਾਹਮਣੇ ਆਏ
ਚੰਡੀਗੜ੍ਹ, 22 ਫਰਵਰੀ 2026 (ਵਿਸ਼ਵ ਵਾਰਤਾ) – ਪੰਜਾਬ ਪੁਲਿਸ ਦੇ ਸਸਪੈਂਡ ਡੀਆਈਜੀ ਹਰਚਰਨ ਸਿੰਘ ਭੁੱਲਰ ਮਾਮਲੇ ‘ਚ ਸਪਲੀਮੈਂਟਰੀ ਚਾਰਜਸ਼ੀਟ ਦਾਖਲ ਕਰ ਦਿੱਤੀ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਹਰਚਰਨ ਭੁੱਲਰ ਨੂੰ ਝਟਕਾ ਦਿੰਦੇ ਹੋਏ, ਗ੍ਰਹਿ ਮੰਤਰਾਲੇ ਨੇ ਚੰਡੀਗੜ੍ਹ ਸੀਬੀਆਈ ਨੂੰ ਉਨ੍ਹਾਂ ਵਿਰੁੱਧ ਮੁਕੱਦਮਾ ਚਲਾਉਣ ਦੀ ਇਜਾਜ਼ਤ ਦੇ ਦਿੱਤੀ ਸੀ। ਇਹ ਮੁਕੱਦਮਾ ਚੰਡੀਗੜ੍ਹ ਸਥਿਤ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵਿਚ ਚੱਲੇਗਾ।
ਸੀਬੀਆਈ ਨੇ ਮਾਮਲੇ ਵਿੱਚ ਇੱਕ ਹੋਰ ਸਪਲੀਮੈਂਟਰੀ ਚਾਰਜਸ਼ੀਟ ਦਾਇਰ ਕੀਤੀ ਹੈ। ਜਿਸ ‘ਚ ਨਵੇਂ ਸਬੂਤ ਅਤੇ ਕੁਝ ਨਵੇਂ ਗਵਾਹ ਸ਼ਾਮਲ ਕੀਤੇ ਗਏ ਹਨ। ਇਹ ਸਪੱਸ਼ਟ ਤੌਰ ‘ਤੇ ਦਰਸਾਉਂਦਾ ਹੈ ਕਿ ਜਾਂਚ ਏਜੰਸੀ ਨੇ ਕੇਸ ਨੂੰ ਮਜ਼ਬੂਤ ਕਰਨ ਲਈ ਹੋਰ ਸਬੂਤ ਇਕੱਠੇ ਕੀਤੇ ਹਨ।
ਜਾਂਚ ਦੌਰਾਨ ਸੀਬੀਆਈ ਨੂੰ ਕੁੱਝ ਹੋਰ ਅਫਸਰਾਂ ਦੀ ਸ਼ਮੂਲੀਅਤ ਦੇ ਸੰਕੇਤ ਮਿਲੇ ਹਨ ਅਤੇ ਇਸ ਦੇ ਨਾਲ ਹੀ ਭੁੱਲਰ ਅਤੇ ਵਿਚੋਲੇ ਕ੍ਰਿਸ਼ਨੂ ਦੇ ਮੋਬਾਈਲਾਂ ਤੋਂ ਕੁਝ ਨੰਬਰ ਅਤੇ ਚੈਟਾਂ ਵੀ ਮਿਲੀਆਂ ਹਨ। ਜੋ ਕਿ ਸਰਕਾਰੀ ਅਤੇ ਪ੍ਰਾਈਵੇਟ ਵਿਅਕਤੀਆਂ ਦੇ ਨਾਲ ਜੁੜੀਆਂ ਹੋਈਆਂ ਹਨ। ਵਟਸਐਪ ਚੈਟ ਦੀ ਜਾਂਚ ਵਿੱਚ ਇਹ ਪਤਾ ਲੱਗਾ ਕਿ ਨਿੱਜੀ ਵਿਅਕਤੀਆਂ ਨਾਲ ਸੰਵੇਦਨਸ਼ੀਲ ਜਾਣਕਾਰੀ ਬਾਰੇ ਗੱਲਬਾਤ ਹੋ ਰਹੀ ਸੀ, ਜਿਸ ‘ਚ ਅਦਾਲਤੀ ਕੇਸ ਨਾਲ ਸਬੰਧਤ ਜਾਣਕਾਰੀ ਸਾਂਝੀ ਕੀਤੀ ਜਾ ਰਹੀ ਸੀ। ਅਦਾਲਤੀ ਕਾਰਵਾਈ ‘ਤੇ ਨਜ਼ਰ ਰੱਖੀ ਜਾ ਰਹੀ ਸੀ ਤੇ ਜਾਂਚ ਤੇ ਨਿਆਂਇਕ ਪ੍ਰਕਿਰਿਆਵਾਂ ‘ਤੇ ਪ੍ਰਭਾਵ ਪਾਇਆ ਜਾ ਰਿਹਾ ਸੀ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਭੁੱਲਰ ਨੂੰ ਝਟਕਾ ਦਿੱਤਾ ਸੀ ਜਦੋਂ ਹਾਈ ਕੋਰਟ ਨੇ ਉਸਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ, ਜਿਸ ਕਾਰਨ ਹੁਣ ਉਸ ਨੂੰ ਜੇਲ੍ਹ ਵਿੱਚ ਹੀ ਰਹਿਣਾ ਪਵੇਗਾ।
ਸਾਬਕਾ ਡੀਆਈਜੀ ਨੂੰ ਸੀਬੀਆਈ ਨੇ 16 ਅਕਤੂਬਰ, 2025 ਨੂੰ ਮੋਹਾਲੀ ਸਥਿਤ ਉਨ੍ਹਾਂ ਦੇ ਦਫ਼ਤਰ ਤੋਂ ਗ੍ਰਿਫ਼ਤਾਰ ਕੀਤਾ ਸੀ। ਸੀਬੀਆਈ ਨੇ ਪਹਿਲਾਂ ਦਲਾਲ ਕ੍ਰਿਸ਼ਨੂ ਸ਼ਾਰਦਾ ਨੂੰ ਗ੍ਰਿਫ਼ਤਾਰ ਕੀਤਾ, ਉਸ ਤੋਂ ਬਾਅਦ ਭੁੱਲਰ ਨੂੰ। ਉਨ੍ਹਾਂ ‘ਤੇ ਪੰਜ ਲੱਖ ਰੁਪਏ ਦੀ ਰਿਸ਼ਵਤ ਲੈਣ ਦਾ ਦੋਸ਼ ਲਗਾਇਆ ਗਿਆ ਸੀ। ਇਸ ਤੋਂ ਬਾਅਦ, ਉਨ੍ਹਾਂ ਦੇ ਘਰ ‘ਤੇ ਛਾਪਾ ਮਾਰਿਆ ਗਿਆ, ਜਿੱਥੋਂ ਸਾਢੇ 7 ਕਰੋੜ ਰੁਪਏ, ਮਹਿੰਗੀਆਂ ਘੜੀਆਂ, ਸ਼ਰਾਬ ਅਤੇ ਕਾਰ ਦੀਆਂ ਚਾਬੀਆਂ ਬਰਾਮਦ ਕੀਤੀਆਂ ਗਈਆਂ ਸਨ। ਭੁੱਲਰ ਮਾਮਲੇ ਵਿੱਚ, ਸੀਬੀਆਈ ਨੇ ਉਸ ਵਿਰੁੱਧ ਭ੍ਰਿਸ਼ਟਾਚਾਰ ਕਾਨੂੰਨ ਦੇ ਨਾਲ-ਨਾਲ ਉਸਦੀ ਆਮਦਨ ਤੋਂ ਵੱਧ ਜਾਇਦਾਦ ਰੱਖਣ ਦਾ ਮਾਮਲਾ ਦਰਜ ਕੀਤਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























