Punjab: ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼: ਅਫਗਾਨ ਨਾਗਰਿਕ ਅਤੇ ਇੱਕ ਨਾਬਾਲਗ ਸਮੇਤ ਸੱਤ ਕਾਬੂ
– ਦੋ ਸਬ-ਮਸ਼ੀਨ ਗੰਨਾਂ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ
– 5 ਕਿਲੋ ਹੈਰੋਇਨ ਅਤੇ 30.38 ਲੱਖ ਰੁਪਏ ਦੀ ਹਵਾਲਾ ਰਾਸ਼ੀ ਬਰਾਮਦ
ਅੰਮ੍ਰਿਤਸਰ, 25 ਜੂਨ (ਵਿਸ਼ਵ ਵਾਰਤਾ) – ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਕੇਂਦਰੀ ਏਜੰਸੀ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ, ਸਰਹੱਦ ਪਾਰੋਂ ਚੱਲ ਰਹੇ ਨਾਜਾਇਜ਼ ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਕੀਤਾ ਗਿਆ। ਇਸ ਕਾਰਵਾਈ ਦੌਰਾਨ ਇੱਕ ਅਫਗਾਨ ਨਾਗਰਿਕ ਅਤੇ ਇੱਕ ਨਾਬਾਲਗ ਸਮੇਤ ਸੱਤ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਅਤੇ 10 ਅਤਿ-ਆਧੁਨਿਕ ਹਥਿਆਰ, ਜਿਨ੍ਹਾਂ ਵਿੱਚ ਦੋ ਸਬ-ਮਸ਼ੀਨ ਗੰਨ ਸ਼ਾਮਲ ਹਨ, 5.048 ਕਿਲੋ ਹੈਰੋਇਨ ਅਤੇ 30.38 ਲੱਖ ਰੁਪਏ ਦੀ ਹਵਾਲਾ ਰਾਸ਼ੀ ਬਰਾਮਦ ਕੀਤੀ ਗਈ।
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਕਥਿਤ ਤੌਰ ‘ਤੇ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਕੰਮ ਕਰਨ ਵਾਲੇ ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਹੋਏ ਸਨ। ਉਹ ਨਸ਼ੀਲੇ ਪਦਾਰਥਾਂ ਅਤੇ ਨਾਜਾਇਜ਼ ਹਥਿਆਰਾਂ ਦੀਆਂ ਖੇਪਾਂ ਪ੍ਰਾਪਤ ਕਰਦੇ ਸਨ ਅਤੇ ਅੱਗੇ ਅਪਰਾਧਿਕ ਅਨਸਰਾਂ ਨੂੰ ਵੰਡਦੇ ਸਨ। ਇਹ ਨੈੱਟਵਰਕ ਵੱਖ-ਵੱਖ ਥਾਵਾਂ ‘ਤੇ ਵਿੱਤੀ ਲੈਣ-ਦੇਣ ਲਈ ਹਵਾਲਾ ਚੈਨਲਾਂ ਦੀ ਵਰਤੋਂ ਵੀ ਕਰਦਾ ਸੀ।
ਥਾਣਾ ਇਸਲਾਮਾਬਾਦ, ਅੰਮ੍ਰਿਤਸਰ ਵਿਖੇ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਇਸ ਨੈੱਟਵਰਕ ਨਾਲ ਜੁੜੇ ਹੋਰ ਸਾਥੀਆਂ ਦੀ ਪਛਾਣ ਕਰਨ, ਹੋਰ ਬਰਾਮਦਗੀ ਅਤੇ ਗ੍ਰਿਫ਼ਤਾਰੀਆਂ ਨੂੰ ਯਕੀਨੀ ਬਣਾਉਣ ਲਈ ਅਗਲੇਰੀ ਜਾਂਚ ਜਾਰੀ ਹੈ।
ਇਹ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨਸ਼ਾ ਤਸਕਰੀ, ਨਾਜਾਇਜ਼ ਹਥਿਆਰਾਂ ਦੀ ਤਸਕਰੀ, ਹਵਾਲਾ ਕਾਰੋਬਾਰ ਅਤੇ ਸੰਗਠਿਤ ਅਪਰਾਧਾਂ ਵਿਰੁੱਧ ਜ਼ੀਰੋ-ਟੋਲਰੈਂਸ ਨੀਤੀ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























