Punjab Weather: ਪੰਜਾਬ ‘ਚ ਗਰਮੀ ਕੱਢਣ ਲੱਗੀ ਵੱਟ, ਤਾਪਮਾਨ ‘ਚ ਹੋ ਰਿਹਾ ਲਗਾਤਾਰ ਵਾਧਾ
ਚੰਡੀਗੜ੍ਹ, 20 ਮਈ – ਪੰਜਾਬ ਅਤੇ ਚੰਡੀਗੜ੍ਹ ‘ਚ ਇਸ ਸਮੇਂ ਅੱਤ ਦੀ ਗਰਮੀ ਪੈਣੀ ਸ਼ੁਰੂ ਹੋ ਗਈ ਹੈ ਅਤੇ ਦਿਨ ਵੇਲੇ ਲੋਕਾਂ ਦਾ ਘਰਾਂ ‘ਚੋਂ ਬਾਹਰ ਨਿਕਲਣਾ ਮੁਸ਼ਕਿਲ ਹੋ ਰਿਹਾ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਵੱਲੋਂ ਪੰਜਾਬ ਅਤੇ ਚੰਡੀਗੜ੍ਹ ਵਿੱਚ 24 ਮਈ ਤੱਕ ਹੀਟਵੇਵ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹੀਟਵੇਵ ਦਾ ਮੁੱਖ ਕਾਰਨ ਪੱਛਮ ਅਤੇ ਦੱਖਣ-ਪੱਛਮ ਤੋਂ ਚੱਲਣ ਵਾਲੀਆਂ ਬਹੁਤ ਗਰਮ ਅਤੇ ਖੁਸ਼ਕ ਹਵਾਵਾਂ ਹਨ। ਮੌਸਮ ਵਿਭਾਗ ਦੇ ਅਨੁਸਾਰ, ਰਾਜਸਥਾਨ ਅਤੇ ਪਾਕਿਸਤਾਨ ਦੇ ਮਾਰੂਥਲ ਖੇਤਰਾਂ ਤੋਂ ਆਉਣ ਵਾਲੀਆਂ ਇਹ ਗਰਮ ਹਵਾਵਾਂ ਪੰਜਾਬ ਦੇ ਮਾਲਵਾ ਖੇਤਰ ਵਿੱਚ ਸਭ ਤੋਂ ਵੱਧ ਮਹਿਸੂਸ ਕੀਤੀਆਂ ਜਾਂਦੀਆਂ ਹਨ, ਜਿਸ ਕਾਰਨ ਸੂਬੇ ‘ਚ ਹੀਟਵੇਵ ਵਰਗੀ ਸਥਿਤੀ ਬਣੀ ਹੋਈ ਹੈ।
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਹਫ਼ਤੇ ਪੰਜਾਬ ਵਿੱਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਪੰਜਾਬ ਵਿੱਚ ਤਾਪਮਾਨ 45 ਤੋਂ 47 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਚੰਡੀਗੜ੍ਹ ਵਿੱਚ ਤਾਪਮਾਨ 42 ਤੋਂ 45 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਉਮੀਦ ਹੈ। ਸਿਰਫ ਦਿਨ ਹੀ ਨਹੀਂ, ਸਗੋਂ ਰਾਤਾਂ ਨੂੰ ਵੀ ਕੋਈ ਰਾਹਤ ਨਹੀਂ ਮਿਲੇਗੀ, ਕਿਉਂਕਿ ਘੱਟੋ-ਘੱਟ ਤਾਪਮਾਨ 25 ਤੋਂ 28 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਉਮੀਦ ਹੈ। ਇਸ ਨਾਲ ਲੋਕਾਂ ਨੂੰ ਚੌਵੀ ਘੰਟੇ ਗਰਮ ਹਵਾਵਾਂ ਅਤੇ ਹੁੰਮਸ ਵਾਲੀਆਂ ਸਥਿਤੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦੁਪਹਿਰ ਵੇਲੇ ਤੇਜ਼ ਅਤੇ ਖੁਸ਼ਕ ਹਵਾਵਾਂ ਚੱਲਣਗੀਆਂ, ਜਿਸ ਨਾਲ ਹੀਟਵੇਵ ਦੀ ਸਥਿਤੀ ਹੋਰ ਵੀ ਖ਼ਤਰਨਾਕ ਹੋ ਸਕਦੀ ਹੈ।
ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਦੇ ਡਾਇਰੈਕਟਰ ਸੁਰੇਂਦਰ ਪਾਲ ਨੇ ਕਿਹਾ ਕਿ ਅਗਲੇ 3-4 ਦਿਨਾਂ ਦੌਰਾਨ ਤਾਪਮਾਨ ਵਧੇਗਾ। ਪੰਜਾਬ ਵਿੱਚ, ਫਿਰੋਜ਼ਪੁਰ, ਫਾਜ਼ਿਲਕਾ, ਬਠਿੰਡਾ, ਮੁਕਤਸਰ, ਮਾਨਸਾ, ਸੰਗਰੂਰ ਅਤੇ ਫਿਰ ਉੱਤਰ-ਪੱਛਮੀ ਪੰਜਾਬ, ਤਰਨਤਾਰਨ ਅਤੇ ਅੰਮ੍ਰਿਤਸਰ ਵਿੱਚ ਤਾਪਮਾਨ 45 ਡਿਗਰੀ ਦੇ ਨੇੜੇ ਪਹੁੰਚ ਜਾਵੇਗਾ। ਇਸ ਵੇਲੇ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਸੋਕੇ ਵਰਗੇ ਹਾਲਾਤ ਰਹਿਣਗੇ। ਚੰਡੀਗੜ੍ਹ ਸਮੇਤ ਟ੍ਰਾਈਸਿਟੀ ਖੇਤਰ ਵਿੱਚ ਹੀਟਵੇਵ ਦੇ ਹਾਲਾਤ ਰਹਿਣਗੇ।”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















