Punjab Weather: ਸੂਬੇ ‘ਚ ਹੀਟਵੇਵ ਦਾ ਅਲਰਟ ਜਾਰੀ
ਚੰਡੀਗੜ੍ਹ, 19 ਮਈ – ਅੱਜ ਮੌਸਮ ਵਿਭਾਗ ਦੇ ਵੱਲੋਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਹੀਟਵੇਵ ਦਾ ਅਲਰਟ ਜਾਰੀ ਕੀਤਾ ਗਿਆ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ 24 ਮਈ ਤੱਕ ਯੈਲੋ ਹੀਟਵੇਵ ਦਾ ਅਲਰਟ ਜਾਰੀ ਕੀਤਾ ਹੈ। ਅੱਜ, 19 ਮਈ ਨੂੰ ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਹੀਟਵੇਵ ਚੱਲੇਗੀ। ਹੀਟਵੇਵ ਦਾ ਮੁੱਖ ਕਾਰਨ ਪੱਛਮ ਅਤੇ ਦੱਖਣ-ਪੱਛਮ ਤੋਂ ਚੱਲਣ ਵਾਲੀਆਂ ਬਹੁਤ ਗਰਮ ਅਤੇ ਖੁਸ਼ਕ ਹਵਾਵਾਂ ਹਨ। ਮੌਸਮ ਵਿਭਾਗ ਦੇ ਅਨੁਸਾਰ, ਰਾਜਸਥਾਨ ਅਤੇ ਪਾਕਿਸਤਾਨ ਦੇ ਮਾਰੂਥਲ ਖੇਤਰਾਂ ਤੋਂ ਆਉਣ ਵਾਲੀਆਂ ਇਹ ਗਰਮ ਹਵਾਵਾਂ ਪੰਜਾਬ ਦੇ ਮਾਲਵਾ ਖੇਤਰ ਵਿੱਚ ਸਭ ਤੋਂ ਵੱਧ ਮਹਿਸੂਸ ਕੀਤੀਆਂ ਜਾਂਦੀਆਂ ਹਨ।
ਸੋਮਵਾਰ ਨੂੰ ਬਠਿੰਡਾ ਸਭ ਤੋਂ ਗਰਮ ਜ਼ਿਲ੍ਹਾ ਸੀ, ਜਿੱਥੇ ਵੱਧ ਤੋਂ ਵੱਧ ਤਾਪਮਾਨ 47 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, 20 ਮਈ ਤੋਂ 23 ਮਈ ਤੱਕ 22 ਜ਼ਿਲ੍ਹਿਆਂ ਵਿੱਚ ਹੀਟਵੇਵ ਰਹੇਗੀ। ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਹਾਲੀ ਅਤੇ ਲੁਧਿਆਣਾ ਵਿੱਚ ਹੀਟ ਵੇਵ ਦੇ ਹਾਲਾਤ ਬਣੇ ਰਹਿਣਗੇ।
ਸਿਰਫ ਦਿਨ ਹੀ ਨਹੀਂ, ਸਗੋਂ ਰਾਤਾਂ ਨੂੰ ਵੀ ਕੋਈ ਰਾਹਤ ਨਹੀਂ ਮਿਲੇਗੀ, ਕਿਉਂਕਿ ਘੱਟੋ-ਘੱਟ ਤਾਪਮਾਨ 25 ਤੋਂ 28 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਉਮੀਦ ਹੈ। ਇਸ ਨਾਲ ਲੋਕਾਂ ਨੂੰ ਚੌਵੀ ਘੰਟੇ ਗਰਮ ਹਵਾਵਾਂ ਅਤੇ ਹੁੰਮਸ ਵਾਲੀਆਂ ਸਥਿਤੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦੁਪਹਿਰ ਵੇਲੇ ਤੇਜ਼ ਅਤੇ ਖੁਸ਼ਕ ਹਵਾਵਾਂ ਚੱਲਣਗੀਆਂ, ਜਿਸ ਨਾਲ ਹੀਟਵੇਵ ਦੀ ਸਥਿਤੀ ਹੋਰ ਵੀ ਖ਼ਤਰਨਾਕ ਹੋ ਸਕਦੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/





















