Punjab: ਨੌਜਵਾਨ ਦਾ ਕੁੱਟ-ਕੁੱਟ ਕੇ ਕਤਲ, ਪ੍ਰੇਮ ਸਬੰਧਾਂ ‘ਚ ਵਿਚੋਲਗੀ ਦਾ ਸੀ ਸ਼ੱਕ !
ਅੰਮ੍ਰਿਤਸਰ, 21 ਸਤੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ ਦੇ ਸਰਹੱਦੀ ਪਿੰਡ ਸੈਦਪੁਰ ਖੁਰਦ ਵਿੱਚ ਪ੍ਰੇਮ ਸਬੰਧਾਂ ਵਿੱਚ ਵਿਚੋਲਗੀ ਦੇ ਸ਼ੱਕ ਵਿੱਚ ਇੱਕ ਨੌਜਵਾਨ ਦਾ ਕਤਲ ਕਰ ਦੇਣ ਦੀ ਖਬਰ ਸਾਹਮਣੇ ਆਈ ਹੈ। ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਕਿ ਮੁਲਜ਼ਮਾਂ ਨੇ ਉਨ੍ਹਾਂ ਦੇ 19 ਸਾਲਾ ਪੁੱਤਰ ਨੂੰ ਘਰੋਂ ਅਗਵਾ ਕਰ ਲਿਆ ਅਤੇ ਉਸਨੂੰ ਬੁਰੀ ਤਰ੍ਹਾਂ ਕੁੱਟਿਆ, ਫੇਰ ਜਦੋਂ ਉਨ੍ਹਾਂ ਨੇ ਉਸਨੂੰ ਹਸਪਤਾਲ ਲਿਜਾਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੂੰ ਡਾਕਟਰੀ ਸਹਾਇਤਾ ਦੇਣ ਤੋਂ ਵੀ ਰੋਕਿਆ ਗਿਆ। ਇਲਾਜ ਵਿੱਚ ਦੇਰੀ ਅਤੇ ਗੰਭੀਰ ਸੱਟਾਂ ਕਾਰਨ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਰਪ੍ਰੀਤ ਸਿੰਘ ਵੱਜੋਂ ਹੋਈ ਹੈ।
ਮੁਲਜ਼ਮਾਂ ਨੂੰ ਸ਼ੱਕ ਸੀ ਕਿ ਮ੍ਰਿਤਕ ਹਰਪ੍ਰੀਤ ਉਨ੍ਹਾਂ ਦੀ ਧੀ ਅਤੇ ਇੱਕ ਨੌਜਵਾਨ ਦੇ ਪ੍ਰੇਮ ਸਬੰਧਾਂ ਵਿੱਚ ਵਿਚੋਲੇ ਵਜੋਂ ਕੰਮ ਕਰ ਰਿਹਾ ਸੀ। ਜਿਸ ਕਾਰਨ ਉਨ੍ਹਾਂ ਨੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਪੁਲਿਸ ਨੇ ਪਿਤਾ ਦੀ ਸ਼ਿਕਾਇਤ ਦੇ ਆਧਾਰ ‘ਤੇ ਮਾਮਲਾ ਦਰਜ ਕਰ ਲਿਆ ਹੈ ਅਤੇ ਪੁਲਿਸ ਦਾ ਕਹਿਣਾ ਹੈ ਕਿ ਉਹ ਜਲਦੀ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਕਾਰਵਾਈ ਕਰਨਗੇ।
ਮਾਮਲੇ ਦੀ ਜਾਂਚ ਕਰ ਰਹੇ ਸਬ-ਇੰਸਪੈਕਟਰ ਨਰਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਪਿਤਾ ਸੈਦਪੁਰ ਖੁਰਦ ਦੇ ਵਸਨੀਕ ਕਸ਼ਮੀਰ ਸਿੰਘ ਦਾ ਬਿਆਨ ਦਰਜ ਕਰ ਲਿਆ ਗਿਆ ਹੈ। ਪੁਲਿਸ ਅਨੁਸਾਰ ਗੁਆਂਢੀ ਮੰਗਤਾ ਸਿੰਘ ਅਤੇ ਉਸਦੇ ਪਰਿਵਾਰ ਨੂੰ ਹਰਪ੍ਰੀਤ ਸਿੰਘ ‘ਤੇ ਵਿਚੋਲਗੀ ਕਰਨ ਦਾ ਸ਼ੱਕ ਸੀ, ਜਿਸ ਕਾਰਨ ਇਹ ਘਟਨਾ ਵਾਪਰੀ। ਪੰਜ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਿਸ ਟੀਮਾਂ ਛਾਪੇਮਾਰੀ ਕਰ ਰਹੀਆਂ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























