Punjab: ਜਰਮਨ ਗਏ ਪੰਜਾਬੀ ਨੌਜਵਾਨ ਦੀ ਭੇਤਭਰੇ ਹਾਲਾਤਾਂ ਵਿੱਚ ਮੌਤ
ਅੰਮ੍ਰਿਤਸਰ, 21 ਅਗਸਤ (ਵਿਸ਼ਵ ਵਾਰਤਾ): ਹਲਕਾ ਅਜਨਾਲਾ ਅਧੀਨ ਪੈਂਦੇ ਪਿੰਡ ਗੱਗੋਮਾਹਲ ਦੇ ਇੱਕ ਪੰਜਾਬੀ ਨੌਜਵਾਨ ਦੀ ਜਰਮਨ ਵਿੱਚ ਭੇਤਭਰੇ ਹਾਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਗੁਰਸਾਹਿਬ ਸਿੰਘ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਗੁਰਸਾਹਿਬ ਸਿੰਘ ਕਰੀਬ ਤਿੰਨ ਸਾਲ ਪਹਿਲਾਂ ਪਰਿਵਾਰ ਦੇ ਬਿਹਤਰ ਭਵਿੱਖ ਦੀ ਉਮੀਦ ਨਾਲ ਜਰਮਨ ਗਿਆ ਸੀ। ਉੱਥੇ ਉਸ ਦੀ ਅਚਾਨਕ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਪਰਿਵਾਰ ਵਿੱਚ ਮਾਤਮ ਛਾ ਗਿਆ ਹੈ।
ਮ੍ਰਿਤਕ ਦੇ ਪਿਤਾ ਗੁਰਜੀਤ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਸਵੇਰੇ ਕਰੀਬ 9 ਵਜੇ ਅਤੇ ਫਿਰ ਦੁਪਹਿਰ ਡੇਢ ਵਜੇ ਉਨ੍ਹਾਂ ਦੀ ਆਪਣੇ ਪੁੱਤਰ ਨਾਲ ਫੋਨ ’ਤੇ ਗੱਲਬਾਤ ਹੋਈ ਸੀ। ਇਸ ਤੋਂ ਬਾਅਦ ਰਾਤ ਸਮੇਂ ਗੁਰਸਾਹਿਬ ਸਿੰਘ ਦੇ ਤਾਇਆ ਪ੍ਰਗਟ ਸਿੰਘ ਨੂੰ ਉਸ ਦੀ ਮੌਤ ਦੀ ਜਾਣਕਾਰੀ ਮਿਲੀ। ਪੁੱਤਰ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ। ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।
ਘਟਨਾ ਤੋਂ ਬਾਅਦ ਪਿੰਡ ਵਾਸੀਆਂ ਅਤੇ ਰਿਸ਼ਤੇਦਾਰਾਂ ਵੱਲੋਂ ਸਰਕਾਰ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਗੁਰਸਾਹਿਬ ਸਿੰਘ ਦੀ ਮ੍ਰਿਤਕ ਦੇਹ ਜਲਦ ਤੋਂ ਜਲਦ ਪੰਜਾਬ ਸਥਿਤ ਉਸ ਦੇ ਘਰ ਪਹੁੰਚਾਈ ਜਾਵੇ। ਇਸ ਦੇ ਨਾਲ ਹੀ ਪਰਿਵਾਰ ਵੱਲੋਂ ਮੌਤ ਦੇ ਅਸਲ ਕਾਰਨਾਂ ਦੀ ਨਿਰਪੱਖ ਜਾਂਚ ਕਰਕੇ ਸੱਚਾਈ ਸਾਹਮਣੇ ਲਿਆਉਣ ਦੀ ਮੰਗ ਕੀਤੀ ਜਾ ਰਹੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























