Punjab: ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਅੱਜ
ਚੰਡੀਗੜ੍ਹ, 14 ਦਸੰਬਰ 2025 (ਵਿਸ਼ਵ ਵਾਰਤਾ): ਪੰਜਾਬ (Punjab) ‘ਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਅੱਜ ਯਾਨੀ ਕਿ 14 ਦਸੰਬਰ ਨੂੰ ਹੋਣੀਆਂ ਹਨ। ਇਸ ਦੇ ਲਈ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਿੰਗ ਹੋਵੇਗੀ। ਇਹਨਾਂ ਚੋਣਾਂ ਦਾ ਨਤੀਜਾ 17 ਦਸੰਬਰ 2025 ਨੂੰ ਐਲਾਨਿਆ ਜਾਵੇਗਾ।
ਚੋਣਾਂ ਨੂੰ ਸੁਚੱਜੇ ਅਤੇ ਸ਼ਾਂਤੀਪੂਰਵਕ ਢੰਗ ਨਾਲ ਮੁਕੰਮਲ ਕਰਵਾਉਣ ਲਈ ਪ੍ਰਸ਼ਾਸਨ ਵਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਨ੍ਹਾਂ ਚੋਣਾਂ ਨੂੰ ਲੈ ਕੇ ਪੋਲਿੰਗ ਪਾਰਟੀਆਂ ਨੇ ਬੀਤੇ ਦਿਨ ਹੀ ਪੋਲਿੰਗ ਬੂਥਾਂ ‘ਤੇ ਵੋਟਰਾਂ ਦੀ ਸਹੂਲਤ ਲਈ ਵਿਸਤ੍ਰਿਤ ਪ੍ਰਬੰਧ ਕਰ ਲੈ ਸਨ।

ਚੋਣ ਪ੍ਰੀਕਿਰਿਆ ਨੂੰ ਨੇਪਰੇ ਚਾੜਨ ਲਈ ਲਗਭਗ 90 ਹਜ਼ਾਰ ਚੋਣ ਸਟਾਫ ਦੀ ਤਾਇਨਾਤੀ ਕੀਤੀ ਗਈ ਹੈ। ਇਸ ਤੋਂ ਇਲਾਵਾ 44 ਹਜ਼ਾਰ ਦੇ ਕਰੀਬ ਪੁਲਿਸ ਮੁਲਾਜ਼ਮਾਂ ਨੂੰ ਬੂਥਾ ਤੇ ਪੇਟਰੋਲਿੰਗ ਡਿਊਟੀ ਤੇ ਲਗਾਇਆ ਗਿਆ ਹੈ। ਪੰਜਾਬ ਦੀਆਂ ਪ੍ਰਮੁੱਖ ਸਿਆਸੀ ਪਾਰਟੀਆਂ ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ, ਕਾਂਗਰਸ, ਭਾਰਤੀ ਜਨਤਾ ਪਾਰਟੀ ਤੇ ਬਹੁਜਨ ਸਮਾਜ ਪਾਰਟੀ ਆਪਣੇ-ਆਪਣੇ ਪਾਰਟੀ ਚੋਣ ਨਿਸ਼ਾਨ ‘ਤੇ ਚੋਣ ਲੜ ਰਹੀਆਂ ਹਨ।
ਦੱਸ ਦਈਏ ਕਿ ਸੂਬੇ ਵਿੱਚ ਕਰਵਾਈਆਂ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ (Punjab) ਦੀਆਂ ਆਮ ਚੋਣਾਂ ਦੌਰਾਨ ਅਮਨ – ਕਾਨੂੰਨ ਦੀ ਸਥਿਤੀ ਬਣਾਏ ਰੱਖਣ, ਲੋਕ ਸ਼ਾਂਤੀ ਬਰਕਰਾਰ ਰੱਖਣ ਅਤੇ ਚੋਣਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਣ ਲਈ ਪੋਲਿੰਗ ਸਟੇਸ਼ਨਾਂ ਦੇ 100 ਮੀਟਰ ਦੇ ਘੇਰੇ ਵਿੱਚ ਵੱਖ-ਵੱਖ ਤਰ੍ਹਾਂ ਦੀਆਂ ਪਾਬੰਦੀਆਂ ਵੀ ਲਗਾਈਆਂ ਗਈਆਂ ਹਨ। ਇਸ ਦੇ ਤਹਿਤ ਪੋਲਿੰਗ ਸਟੇਸ਼ਨ ਦੇ 100 ਮੀਟਰ ਦੇ ਅੰਦਰ ਕਤਾਰ ਵਿੱਚ ਲੱਗੇ ਵੋਟਰਾਂ ਤੋਂ ਇਲਾਵਾ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਗਤੀਵਿਧੀਆਂ `ਤੇ ਪਾਬੰਦੀ ਹੋਵੇਗੀ। ਪੋਲਿੰਗ ਸਟੇਸ਼ਨ ਦੇ 100 ਮੀਟਰ ਦੇ ਅੰਦਰ ਕਿਸੇ ਵੀ ਤਰ੍ਹਾਂ ਗਤੀਵਿਧੀ ਜੋ ਚੋਣ ਪ੍ਰਕਿਰਿਆ ਨੂੰ ਪ੍ਰਭਾਵਿਤ ਕਰਦੀ ਹੋਵੇ `ਤੇ ਮੁਕੰਮਲ ਪਾਬੰਦੀ ਹੋਵੇਗੀ। ਚੋਣ ਕਮਿਸ਼ਨ ਨੇ ਸੂਬੇ ‘ਚ 860 ਪੋਲਿੰਗ ਸਟੇਸ਼ਨ ਅਤਿ ਸੰਵੇਦਨਸ਼ੀਲ ਤੇ 3405 ਸੰਵੇਦਨਸ਼ੀਲ ਐਲਾਨੇ ਗਏ ਹਨ।
ਇਸ ਦੇ ਨਾਲ ਹੀ ਰਾਜ ਚੋਣ ਕਮਿਸ਼ਨਰ ਪੰਜਾਬ (Punjab) ਵੱਲੋਂ ਅਤੇ ਆਬਕਾਰੀ ਕਮਿਸ਼ਨਰ ਪੰਜਾਬ ਵੱਲੋਂ ਜਾਰੀ ਹੁਕਮਾਂ ਤਹਿਤ ਮਿਤੀ 14 ਦਸੰਬਰ 2025 ਤੋਂ ਮਿਤੀ 15 ਦਸੰਬਰ 2025 ਸਵੇਰੇ 10:00 ਵਜੇ ਤੱਕ ਰਾਜ ਦੇ ਸਮੂਹ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀਆਂ ਦੇ ਅਧਿਕਾਰ ਖੇਤਰ ਅਧੀਨ ਆਉਣ ਵਾਲੇ ਪਿੰਡਾਂ ਵਿੱਚ ਡਰਾਈ ਡੇਅ ਘੋਸ਼ਿਤ ਕੀਤਾ ਗਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























